ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਐਨਆਰਆਈ ਭੁੱਲਰ ਪਰਿਵਾਰ ਗੁਰੂ ਘਰ ਨਤਮਸਤਕ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਐਨਆਰਆਈ ਭੁੱਲਰ ਪਰਿਵਾਰ ਗੁਰੂ ਘਰ ਨਤਮਸਤਕ
ਗੁਰਦੁਆਰਾ ਪ੍ਰਬੰਧਕਾਂ ਨੂੰ ਗੁਰੂ ਘਰ ਲਈ ਭੁੱਲਰ ਪਰਿਵਾਰ ਵੱਲੋਂ 20 ਲੱਖ ਰੁਪਏ ਦਾ ਚੈਕ ਭੇਂਟ
ਪਟਿਆਲਾ 13 ਅਕਤੂਬਰ ()
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਦੇ ਰਹਿਣ ਵਾਲੇ ‘ਭੁੱਲਰ’ ਪਰਿਵਾਰ ਅੱਜ ਗੁਰੂ ਘਰ ਨਤਮਸਤਕ ਹੋਣ ਪੁੱਜਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਾਲ ਭੁੱਲਰ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਤੀ ਆਪਣੀ ਆਸਥਾ ਪ੍ਰਗਟ ਕਰਦਿਆਂ ਗੁਰੂ ਘਰ ਲਈ ਗੁਰਦੁਆਰਾ ਪ੍ਰਬੰਧਕਾਂ ਨੂੰ 20 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਭੇਂਟ ਕੀਤਾ। ਗੱਲਬਾਤ ਕਰਦਿਆਂ ਪਾਲ ਭੁੱਲਰ ਨੇ ਕਿਹਾ ਕਿ ਉਹਨ੍ਹਾਂ ਦਾ ਪਿਛੋਕੜ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਨਾਲ ਸਬੰਧਤ ਹੈ ਅਤੇ ਕਾਫੀ ਲੰਮੇ ਸਮੇਂ ਤੋਂ ਉਹ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਗੁਰੂ ਘਰ ਦੇ ਦਰਸ਼ਨਾਂ ਦੇ ਚੱਲਦਿਆਂ ਜਿਥੇ ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਉਥੇ ਪਰਿਵਾਰ ਵੱਲੋਂ 1 ਕਰੋੜ ਦੀ ਰਾਸ਼ੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 20 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਗੁਰੂ ਘਰ ਲਈ ਭੇਂਟ ਕੀਤਾ। ਪਾਲ ਭੁੱਲਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਵੱਡੀ ਬਖਸ਼ਿਸ਼ ਹੈ, ਜਿਸ ਦੇ ਚੱਲਦਿਆਂ ਇਹ ਸੇਵਾ ਕਰਵਾਉਣ ਦਾ ਫੈਸਲਾ ਪਰਿਵਾਰ ਵੱਲੋਂ ਕੀਤਾ ਗਿਆ ਅਤੇ ਗੁਰੂ ਘਰ ਦੇ ਦਰਸ਼ਨਾਂ ਦੇ ਚੱਲਦਿਆਂ ਇਹ ਸੇਵਾ ਕਰਵਾਈ ਗਈ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਪਾਲ ਭੁੱਲਰ ਅਤੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਮੋਮੈਂਟੋ ਭੇਂਟ ਕੀਤਾ ਗਿਆ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਹਜ਼ੂਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਮਨਿੰਦਰ ਸਿੰਘ ਆਦਿ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।
