ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
ਗੁਰਦੁਆਰਾ ਦੀਵਾਨ ਹਾਲ ਵਿਖੇ 75 ਪ੍ਰਾਣੀਆਂ ਨੇ ਲਈ ‘ਅੰਮਿ੍ਰਤ ਦੀ ਦਾਤ’
ਪਟਿਆਲਾ 12 ਫਰਵਰੀ : ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਗੁਰਮਤਿ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਨੇ ਮਾਨਵਤਾ ਦੇ ਭਲੇ ਦੀ ਅਰਦਾਸ ਕੀਤੀ । ਇਸੇ ਤਰ੍ਹਾਂ ਗੁਰਦੁਆਰਾ ਮੋਤੀ ਬਾਗ ਸਾਹਿਬ ਤੇ ਗੁਰਦੁਆਰਾ ਖੇਲ ਸਾਹਿਬ ਵਿਖੇ ਸੰਗਤਾਂ ਨੇ ਗੁਰੂ ਘਰ ਮੱਥਾ ਟੇਕਿਆ ।
ਗੁਰਮਤਿ ਸਮਾਗਮ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਭਗਤ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀ ਹੈ । ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਹਮੇਸ਼ਾ ਸਮਾਜਕ ਬਰਾਬਰੀ, ਜਾਤ ਪਾਤ, ਊਚ ਨੀਚ ਤੋਂ ਉਪਰ ਉਠ ਕੇ ਜੀਵਨ ਜਾਂਚ ਦੀ ਪ੍ਰੇਰਨਾ ਦਿੱਤੀ ਹੈ । ਪ੍ਰੋ. ਬਡੂੰਗਰ ਨੇ ਕਿਹਾ ਕਿ ਅੱਜ ਲੋੜ ਹੈ ਕਿ ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਕੇ ਸਮਾਜਕ ਭਲਾਈ ਦੇ ਕਾਰਜ ਕੀਤੇ ਜਾਣ ਤਾਂ ਜੋ ਸਮੁੱਚੀ ਮਾਨਵਤਾ ਦਾ ਕਲਿਆਣ ਹੋ ਸਕੇ । ਗੁਰਮਤਿ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਸੰਗਤਾਂ ਦੇ ਪੁੱਜਣ ਦਾ ਧੰਨਵਾਦ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀ. ਮੈਨੇ. ਜਸਵਿੰਦਰ ਸਿੰਘ, ਮੀਤ ਮੈਨੇ. ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਸਿੰਘ ਭਲਵਾਨ, ਸਾਬਕਾ ਅਧਿਕਾਰੀ ਡਾ. ਪਰਮਜੀਤ ਸਿੰਘ ਸਰੋਆ ਤੋਂ ਇਲਾਵਾ ਗੁਰਦੁਆਰਾ ਖੇਲ ਸਾਹਿਬ ਵਿਖੇ ਭਾਈ ਦਰਸ਼ਨ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਜੀਆਇਆ ਆਖਿਆ। ਧਾਰਮਕ ਸਮਾਗਮ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਉਚੇਚੇ ਤੌਰ ’ਤੇ ਸ਼ਾਮਲ ਸਨ ।
ਪੰਜ ਪਿਆਰਿਆਂ ਪਾਸੋਂ 75 ਪ੍ਰਾਣੀਆਂ ਨੇ ਲਈ ਖੰਡੇ ਬਾਟੇ ਦੀ ਪਾਹੁਲ
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਅੱਜ ਦੇ ਇਤਿਹਾਸਕ ਦਿਹਾੜੇ ’ਤੇ ਪੰਜ ਪਿਆਰਿਆਂ ਪਾਸੋਂ 75 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਅੰਮਿ੍ਰਤ ਦੀ ਦਾਤ ਹਾਸਲ ਕਰਨ ਵਾਲਿਆਂ ਵਿਚ ਬੱਚੇ, ਬਜ਼ੁਰਗ, ਮਹਿਲਾ ਅਤੇ ਨੌਜਵਾਨ ਆਦਿ ਸ਼ਾਮਲ ਸਨ । ਇਸ ਮੌਕੇ ਪੰਜ ਪਿਆਰਿਆਂ ਨੇ ਪ੍ਰੇਰਨਾ ਦਿੰਦਿਆਂ ਕਿਹਾ ਕਿ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲੇ ਗੁਰਬਾਣੀ ਆਸ਼ੇ ਜੀਵਨ ਬਤੀਤ ਕਰਨ ।
