ਮਹਿਲਾਵਾਂ ਨੂੰ ਸਿਹਤ ਸੰਭਾਲ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ

ਦੁਆਰਾ: Punjab Bani ਪ੍ਰਕਾਸ਼ਿਤ :Tuesday, 11 February, 2025, 06:38 PM

ਮਹਿਲਾਵਾਂ ਨੂੰ ਸਿਹਤ ਸੰਭਾਲ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ
ਮਸਤੂਆਣਾ ਸਾਹਿਬ/ ਸੰਗਰੂਰ, 11 ਫਰਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਅੱਜ ਅਕਾਲ ਕਾਲਜ ਆਫ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਵਿਸੇ਼ਸ਼ ਕੈਂਪ ਦਾ ਆਯੋਜਨ ਕੀਤਾ ਗਿਆ । ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਅਨੂ ਰਤਨ ਨੇ ਕੈਂਪ ਵਿਚ ਇਕੱਤਰ ਹੋਏ ਲਾਭਪਾਤਰੀਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਸਿਹਤ ਜਾਂਚ ਤੇ ਇਲਾਜ ਲਈ ਅਨੇਕਾਂ ਯੋਜਨਾਵਾਂ ਸਫਲਤਾ ਪੂਰਵਕ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਲੈ ਕੇ ਮਹਿਲਾਵਾਂ ਨਿਰੋਗ ਸਮਾਜ ਦੀ ਸਿਰਜਣਾ ਵਿਚ ਵੱਡੀ ਭੂਮਿਕਾ ਨਿਭਾਅ ਸਕਦੀਆਂ ਹਨ । ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦੀਆਂ ਸਟਾਲਾਂ ਤੋਂ ਇਲਾਵਾ ਸਿਹਤ ਵਿਭਾਗ ਅਤੇ ਰੋਜਗਾਰ ਵਿਭਾਗ ਵੱਲੋਂ ਲਗਾਈਆਂ ਗਈਆਂ ਸਟਾਲਾਂ ਦਾ ਜਾਇਜਾ ਲਿਆ ਅਤੇ ਕੈਂਪ ਨੂੰ ਔਰਤਾਂ ਦੀ ਸਿਹਤ ਸੁਰੱਖਿਆ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਦੱਸਿਆ । ਇਸ ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਕਰੀਬ 225 ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ । ਇਸ ਮੌਕੇ ਜਿਲ੍ਹਾ ਰੋਜ਼ਗਾਰ ਬਿਊਰੋ ਦੇ ਸਹਿਯੋਗ ਨਾਲ ਲੜਕੀਆਂ ਨੂੰ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ 7 ਕੰਪਨੀਆਂ ਨੇ ਹਿੱਸਾ ਲਿਆ ਅਤੇ ਆਪਣੀ ਲੋੜ ਅਨੁਸਾਰ 40 ਦੇ ਕਰੀਬ ਪ੍ਰਾਰਥੀਆਂ ਦੀ ਚੋਣ ਕੀਤੀ । ਇਸ ਮੌਕੇ ਮਹਿਲਾਵਾਂ ਨੂੰ ਸੈਨੇਟਰੀ ਪੈਡ ਦੀ ਵੰਡ ਵੀ ਕੀਤੀ ਗਈ ।