ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ 'ਬੇਟੀ ਬਚਾਓ ਬੇਟੀ ਪੜਾਓ' ਸਕੀਮ ਤਹਿਤ ਖਿਡਾਰਨਾਂ ਨੂੰ ਖੇਡ ਕਿੱਟਾਂ ਦੀ ਵੰਡ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ ਖਿਡਾਰਨਾਂ ਨੂੰ ਖੇਡ ਕਿੱਟਾਂ ਦੀ ਵੰਡ
ਸੰਗਰੂਰ, 20 ਫਰਵਰੀ : ਜ਼ਿਲਾ ਪ੍ਰਸ਼ਾਸਨ ਵੱਲੋਂ ਧੀਆਂ ਨੂੰ ਸਮਾਜ ਵਿਚ ਬਣਦਾ ਮਾਣ-ਸਨਮਾਨ ਦਿਵਾਉਣ ਅਤੇ ਉਨਾਂ ਦੇ ਚੰਗੇ ਪਾਲਣ-ਪੋਸ਼ਣ ਲਈ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਵੱਖ-ਵੱਖ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਖੇਡ ਵਿਭਾਗ ਸੰਗਰੂਰ ਦੇ ਕੋਚਿੰਗ ਸੈਂਟਰਾਂ ਵਿੱਚ ਵੱਖ-ਵੱਖ ਖੇਡਾਂ ਦਾ ਅਭਿਆਸ ਕਰ ਰਹੀਆਂ ਖਿਡਾਰਨਾਂ ਨੂੰ ਖੇਡ ਕਿੱਟਾਂ ਦੀ ਵੰਡ ਦੌਰਾਨ ਕੀਤਾ ਗਿਆ । ਉਹਨਾਂ ਦੱਸਿਆ ਕਿ ਸਾਡੀਆਂ ਇਹ ਹੋਣਹਾਰ ਖਿਡਾਰਨਾ ਆਉਣ ਵਾਲੇ ਸਮੇਂ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਵੱਡੀਆਂ ਖੇਡ ਪ੍ਰਾਪਤੀਆਂ ਦਰਜ ਕਰਨ ਦੇ ਸਮਰੱਥ ਬਣਨਗੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਹਨਾਂ ਨੂੰ ਸਰਵੋਤਮ ਸੁਵਿਧਾਵਾਂ ਦੇਣ ਲਈ ਯਤਨਸ਼ੀਲ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟਰੈਕ ਸੂਟ ਤੇ ਸਪੋਰਟਸ ਸ਼ੂਜ਼ ਇਹਨਾਂ ਖਿਡਾਰਨਾਂ ਦੇ ਮਨੋਬਲ ਨੂੰ ਉੱਚਾ ਚੁੱਕਣ ਅਤੇ ਖੇਡ ਦਿਲਚਸਪੀ ਵਿੱਚ ਵਾਧਾ ਕਰਨ ਦਾ ਜਰੀਆ ਬਣਨਗੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਖਿਡਾਰਨਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਅਭਿਆਸ ਨੂੰ ਲਗਾਤਾਰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ ।
