ਖ਼ਾਲਸਾ ਕਾਲਜ ਪਟਿਆਲਾ ਵੱਲੋਂ ਆਪਣੇ 63ਵੇਂ ਸਥਾਪਨਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ

ਦੁਆਰਾ: News ਪ੍ਰਕਾਸ਼ਿਤ :Tuesday, 18 July, 2023, 06:20 PM

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਆਪਣੇ 63ਵੇਂ ਸਥਾਪਨਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਆਪਣੇ 63ਵੇਂ ਸਥਾਪਨਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਸੰਗੀਤ ਗਾਇਨ ਵਿਭਾਗ ਵੱਲੋਂ ਕੀਰਤਨ ਕੀਤਾ ਗਿਆ। ਇਸ ਸਮਾਗਮ ਵਿਚ ਸ. ਸੁਰਜੀਤ ਸਿੰਘ ਰੱਖੜਾ, ਸਕੱਤਰ ਕਾਲਜ ਗਵਰਨਿੰਗ ਬਾਡੀ ਅਤੇ ਸਾਬਕਾ ਮੰਤਰੀ ਪੰਜਾਬ ਸਰਕਾਰ, ਸ. ਸਤਵਿੰਦਰ ਸਿੰਘ ਟੌਹੜਾ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ। ਇਹ ਵੀ ਵਰਨਣਯੋਗ ਹੈ ਕਿ ਇਸ ਮੌਕੇ ਕਾਲਜ ਦੇ 63ਵੇਂ ਸਥਾਪਨਾ ਦਿਵਸ ਮੌਕੇ ਕਾਲਜ ਕੈਂਪਸ ਨੂੰ ਹੋਰ ਹਰਿਆ ਭਰਿਆ ਬਣਾਉਣ ਲਈ ਅੱਜ 63 ਫ਼ਲਦਾਰ ਪੌਦੇ ਵੀ ਲਗਾਏ ਗਏ।
ਸ. ਸੁਰਜੀਤ ਸਿੰਘ ਰੱਖੜਾ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਖ਼ਾਲਸਾ ਕਾਲਜ ਆਪਣੀਆਂ ਪ੍ਰਾਪਤੀਆਂ ਦੀ ਬਦੌਲਤ ਦੇਸ਼ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚ ਸ਼ੁਮਾਰ ਹੋ ਚੁੱਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੰਸਥਾ ਆਪਣਾ 63 ਸਾਲਾਂ ਦਾ ਸ਼ਾਨਦਾਰ ਇਤਿਹਾਸ ਰੱਖਦੀ ਹੈ। 1960 ਈ: ਵਿੱਚ ਸ੍ਰੀ ਦੂਖ ਨਿਵਾਰਨ ਗੁਰਦੁਆਰਾ ਸਾਹਿਬ ਵਿਖੇ ਆਰੰਭ ਹੋਈ ਇਹ ਸੰਸਥਾ ਅੱਜ ਸਮੁੱਚੇ ਖੇਤਰ ਵਿੱਚ ਆਪਣੇ ਗਿਆਨ ਦਾ ਪ੍ਰਕਾਸ਼ ਵੰਡ ਰਹੀ ਹੈ।
ਸ. ਸਤਵਿੰਦਰ ਸਿੰਘ ਟੌਹੜਾ ਆਪਣੇ ਸੰਬੋਧਨ ਵਿਚ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਵਿੱਦਿਅਕ ਸੰਸਥਾਵਾਂ ਵਿੱਚ ਖ਼ਾਲਸਾ ਕਾਲਜ ਪਟਿਆਲਾ ਦਾ ਸਥਾਨ ਹਮੇਸ਼ਾ ਹੀ ਮੋਹਰੀ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ. ਹਰਜਿੰਦਰ ਸਿੰਘ ਧਾਮੀ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਯੋਗ ਅਗਵਾਈ ਹੇਠ ਇਸ ਸੰਸਥਾ ਦੇ ਅਨੇਕਾਂ ਹੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਅਤੇ ਸਖਸ਼ੀਅਤਾਂ ਕਾਲਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੀਆਂ ਹਨ।
ਡਾ. ਧਰਮਿੰਦਰ ਸਿੰਘ ਉੱਭਾ, ਪ੍ਰਿੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਇਸ ਮੌਕੇ ਕਿਹਾ ਕਿ 35 ਵਿਦਿਆਰਥੀਆਂ ਨਾਲ ਅਰੰਭ ਹੋਈ ਇਹ ਸੰਸਥਾ ਅੱਜ ਪੰਜਾਬ ਦੀਆਂ ਮੋਹਰੀ ਵਿਦਿਅਕ ਸੰਸਥਾਵਾਂ ਵਿੱਚ ਸ਼ੁਮਾਰ ਹੋ ਚੁੱਕੀ ਹੈ। ਸਮੇਂ ਦੀਆਂ ਲੋੜਾਂ ਅਨੁਸਾਰ ਇਥੇ ਅਨੇਕਾਂ ਪ੍ਰਕਾਰ ਦੇ ਗ੍ਰੈਜੂਏਸ਼ਨ ਅਤੇ ਪੋਸਟ ਕੋਰਸ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਹੁਨਰ ਵਿਕਾਸ ਨਾਲ ਸਬੰਧਿਤ ਕੋਰਸ ਵੀ ਕਰਵਾਏ ਜਾਂਦੇ ਹਨ ਉਨ੍ਹਾਂ ਇਹ ਵੀ ਦੱਸਿਆ ਕਿ ਕਾਲਜ ਵਿੱਚ ਦਾਖਲਾ ਪ੍ਰਕਿਰਿਆ ਆਰੰਭ ਹੋ ਚੁੱਕੀ ਹੈ ਵਿਦਿਆਰਥੀ ਉੱਚ ਵਿੱਦਿਆ ਹਾਸਲ ਕਰਨ ਲਈ ਖ਼ਾਲਸਾ ਕਾਲਜ ਪਟਿਆਲਾ ਵਿੱਚ ਦਾਖ਼ਲਾ ਲੈ ਸਕਦੇ ਹਨ ।
ਸਮਾਗਮ ਦੀ ਸਮਾਪਤੀ ਉਪਰੰਤ ਸ. ਸੁਰਜੀਤ ਸਿੰਘ ਰੱਖੜਾ ਵੱਲੋਂ ਕਾਲਜ ਕੈਂਪਸ ਵਿਖੇ ਪੌਦੇ ਲਗਾਉਣ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸ. ਸਤਵਿੰਦਰ ਸਿੰਘ ਟੌਹੜਾ, ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਅਤੇ ਸਟਾਫ ਮੈਂਬਰ ਹਾਜ਼ਰ ਸਨ।