ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਕਚਹਿਰੀਆਂ ਵਿਖੇ ਨਵੇਂ ਕੋਰੀਡੋਰ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਕਚਹਿਰੀਆਂ ਵਿਖੇ ਨਵੇਂ ਕੋਰੀਡੋਰ ਦਾ ਨੀਂਹ ਪੱਥਰ ਰੱਖਿਆ
ਨੌਜਵਾਨ ਵਕੀਲਾਂ ਦੇ ਬੈਠਣ ਲਈ ਵੀ ਕੀਤਾ ਜਾਵੇਗਾ ਉਚਿਤ ਪ੍ਰਬੰਧ, ਵਿੱਤ ਮੰਤਰੀ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੂੰ ਪ੍ਰੋਜੈਕਟ ਉਲੀਕਣ ਲਈ ਕਿਹਾ
ਜ਼ਿਲ੍ਹਾ ਬਾਰ ਐਸੋ: ਦੇ ਸਮਾਗਮ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕੀਤੀ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ
ਸੰਗਰੂਰ, 17 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਜ਼ਿਲ੍ਹਾ ਕਚਹਿਰੀਆਂ ਵਿਖੇ ਵਕੀਲਾਂ ਦੇ ਚੈਂਬਰ ਕੰਪਲੈਕਸ ਵਿੱਚ ਬਲਾਕ ਏ ਨੂੰ ਸਰਵਿਸ ਬਲਾਕ ਨਾਲ ਜੋੜਨ ਵਾਲੇ ਨਵੇਂ ਕੋਰੀਡੋਰ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਵੱਲੋਂ ਜਿਵੇਂ ਹੀ ਕੋਰੀਡੋਰ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਉਨ੍ਹਾਂ ਨੇ ਇਸ ਦੇ ਨਿਰਮਾਣ ਲਈ 15 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਅਤੇ ਹੁਣ ਇਸ ਦੇ ਨਿਰਮਾਣ ਕਾਰਜ ਤੇਜ਼ੀ ਨਾਲ ਨੇਪਰੇ ਚੜ੍ਹਾਏ ਜਾਣਗੇ। ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕਰਨ ਮਗਰੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਚੈਂਬਰ ਕੰਪਲੈਕਸ ਵਿਖੇ ਆਯੋਜਿਤ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਧਾਇਕ ਸੰਗਰੂਰ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਜ਼ਿਲ੍ਹਾ ਕਚਿਹਰੀਆਂ ਵਿਖੇ ਨੌਜਵਾਨ ਵਕੀਲਾਂ ਦੇ ਬੈਠਣ ਤੇ ਪ੍ਰੈਕਟਿਸ ਲਈ ਵੀ ਰੂਮ ਤਿਆਰ ਕਰਨ ਦੀ ਯੋਜਨਾ ਹੈ ਅਤੇ ਉਨ੍ਹਾਂ ਵੱਲੋਂ ਇਸ ਸਬੰਧੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੂੰ ਖਰਚ ਰਾਸ਼ੀ ਦਾ ਅਨੁਮਾਨ ਲਗਾਉਣ ਲਈ ਆਖਿਆ ਗਿਆ ਹੈ ਤਾਂ ਜੋ ਲੋੜ ਅਨੁਸਾਰ ਫੰਡ ਜਾਰੀ ਕੀਤੇ ਜਾ ਸਕਣ। ਇਸ ਮੌਕੇ ਸ. ਚੀਮਾ ਨੇ ਬਾਰ ਐਸੋਸੀਏਸ਼ਨ ਦੇ ਮੈਂਬਰ ਵਜੋਂ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਤਰੱਕੀ ਤੇ ਖੁਸ਼ਹਾਲੀ ਪੱਖੋਂ ਲੀਹਾਂ ’ਤੇ ਲਿਆਉਣ ਲਈ ਸਰਗਰਮ ਉਪਰਾਲੇ ਜਾਰੀ ਹਨ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਪੂਰੀ ਲਗਨ, ਮਿਹਨਤ ਤੇ ਦ੍ਰਿੜਤਾ ਨਾਲ ਕੰਮ ਕੀਤਾ ਜਾ ਰਿਹਾ ਹੈ ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਵਿਧਾਇਕ ਸੰਗਰੂਰ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਉਹ ਵੀ ਬਾਰ ਐਸੋਸੀਏਸ਼ਨ ਦੇ ਮੈਂਬਰ ਵਜੋਂ ਲਗਾਤਾਰ ਕੋਸ਼ਿਸ਼ ਕਰਦੇ ਰਹਿੰਦੇ ਹਨ ਕਿ ਵਕੀਲ ਭਾਈਚਾਰੇ ਨੂੰ ਲੋੜੀਂਦੀਆਂ ਸੁਵਿਧਾਵਾਂ ਉਪਲਬਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਾ ਰਹੇ । ਉਨ੍ਹਾਂ ਇਹ ਵੀ ਕਿਹਾ ਕਿ ਕਚਹਿਰੀਆਂ ਨੇੜੇ ਆਵਾਜਾਈ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਤੇ ਪਾਰਕਿੰਗ ਸੁਵਿਧਾਵਾਂ ’ਚ ਵੀ ਸੁਧਾਰ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ ।
ਸਮਾਗਮ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਸ. ਚੀਮਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਵਕੀਲ ਭਾਈਚਾਰੇ ਦੇ ਕਾਰਜ ਤਰਜੀਹ ਦੇ ਆਧਾਰ ’ਤੇ ਕੀਤੇ ਜਾਂਦੇ ਹਨ ਜਿਸ ਲਈ ਉਹ ਹਮੇਸ਼ਾਂ ਰਿਣੀ ਰਹਿਣਗੇ। ਇਸ ਦੌਰਾਨ ਗੁਰਤੇਜ ਸਿੰਘ ਗਰੇਵਾਲ ਮੈਂਬਰ ਪੰਜਾਬ ਬਾਰ ਕੌਂਸਲ, ਸੁਰਜੀਤ ਸਿੰਘ ਗਰੇਵਾਲ, ਬੇਅੰਤ ਸਿੰਘ ਛਾਜਲੀ, ਦਲਜੀਤ ਸਿੰਘ ਸੇਖੋਂ ਨੇ ਵੀ ਵਿਚਾਰ ਸਾਂਝੇ ਕੀਤੇ । ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ ਸਰਤਾਜ ਸਿੰਘ ਚਾਹਲ, ਕੈਬਨਿਟ ਮੰਤਰੀ ਦੇ ਓ. ਐਸ. ਡੀ. ਤਪਿੰਦਰ ਸਿੰਘ ਸੋਹੀ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮਨ ਅਸ਼ੋਕ ਕੁਮਾਰ ਲੱਖਾ, ਜ਼ਿਲ੍ਹਾ ਅਟਾਰਨੀ ਹਰਦੀਪ ਸਿੰਘ ਕਾਹਲੋਂ ਸਮੇਤ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ ।
