ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਨੇ ਮਾਨਸਿਕ ਸਿਹਤ ਦੇ ਹਵਾਲੇ ਨਾਲ਼ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਨੇ ਮਾਨਸਿਕ ਸਿਹਤ ਦੇ ਹਵਾਲੇ ਨਾਲ਼ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਪਟਿਆਲਾ, 22 ਜਨਵਰੀ : ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਯੂਨੀਵਰਸਿਟੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਰਾਹੀਂ ਮਾਨਸਿਕ ਸਿਹਤ ਦੇ ਹਵਾਲੇ ਨਾਲ਼ ਨਸ਼ਾ ਵਿਰੋਧੀ ਜਾਗਰੂਕਤਾ ਪੈਦਾ ਕਰਨ ਹਿਤ ਵਿਚਾਰ ਚਰਚਾ ਕਰਵਾਈ ਗਈ । ਡੀਨ ਵਿਦਿਆਰਥੀ ਭਲਾਈ ਪ੍ਰੋ. ਮੋਨਿਕਾ ਚਾਵਲਾ ਨੇ ਇਸ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਦੱਸਿਆ ਕਿ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਖ-ਵੱਖ ਹੋਸਟਲਾਂ ਦੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ਼ ਅਜਿਹੇ ਪ੍ਰੋਗਰਾਮ ਆਯੋਜਿਤ ਕਰਦਾ ਹੈ । ਇਸੇ ਲੜੀ ਵਿੱਚ ਸਕੂਲ ਦੇ ਵਿਦਿਆਰਥੀਆਂ ਲਈ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ । ਉਨ੍ਹਾਂ ਬੱਚਿਆਂ ਨੂੰ ਆਪਣੀ ਮਾਨਸਿਕ ਸਿਹਤ ਦਾ ਵਿਸ਼ੇਸ਼ ਖ਼ਿਆਲ ਰੱਖਣ ਅਤੇ ਨਸ਼ਿਆਂ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੰਦਿਆਂ ਦੱਸਿਆ ਕਿ ਅਗਲੇ ਸੈਸ਼ਨ ਤੋਂ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਹਰੇਕ ਵਿਦਿਆਰਥੀ ਤੋਂ ਇੱਕ ਵਿਸ਼ੇਸ਼ ਫਾਰਮ ਵੀ ਭਰਵਾਇਆ ਜਾਵੇਗਾ, ਜਿਸ ਰਾਹੀਂ ਬੱਚੇ ਨਸ਼ਾ ਨਾ ਕਰਨ ਬਾਰੇ ਅਹਿਦ ਲੈਣਗੇ ।
ਸਰਕਾਰੀ ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਤੋਂ ਪੁੱਜੇ ਡਾ. ਅਦਿਤੀ ਸਿੰਗਲਾ ਨੇ ਦੱਸਿਆ ਕਿ ਵਿਸ਼ਵ ਭਰ ਵਿੱਚ ਬੱਚਿਆਂ ਦੀ ਮਾਨਸਿਕ ਸਿਹਤ ਵਿੱਚ ਆ ਰਿਹਾ ਨਿਘਾਰ ਚਿੰਤਾ ਦਾ ਵਿਸ਼ਾ ਹੈ । ਉਨ੍ਹਾਂ ਦੱਸਿਆ ਕਿ ਤਾਜ਼ਾ ਅੰਕੜਿਆਂ ਅਨੁਸਾਰ ਸੰਸਾਰ ਭਰ ਵਿੱਚ 10 ਤੋਂ 19 ਸਾਲ ਉਮਰ ਵਰਗ ਵਾਲ਼ੇ ਬੱਚਿਆਂ ਵਿੱਚੋਂ ਹਰੇਕ ਸੱਤ ਪਿੱਛੇ ਇੱਕ ਬੱਚਾ ਮਾੜੀ ਮਾਨਸਿਕ ਸਿਹਤ ਵਾਲ਼ੀ ਸਥਿਤੀ ਨਾਲ਼ ਜੂਝ ਰਿਹਾ ਹੈ । ਭਾਰਤ ਦੇ ਅੰਕੜੇ ਇਸ ਤੋਂ ਵੀ ਬਦਤਰ ਹਨ । ਪੰਜਾਬ ਸਰਕਾਰ ਦੇ ਸਿਹਤ ਵਿਭਾਗ ਤੋਂ ਪੁੱਜੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਮਾਨਸਿਕ ਸਿਹਤ ਨਾਲ਼ ਜੁੜੀਆਂ ਬਹੁਤ ਸਾਰੀਆਂ ਝਿਜਕਾਂ ਅਤੇ ਅੜਚਣਾਂ ਨੂੰ ਦੂਰ ਕਰਨਾ ਚਾਹੀਦਾ ਹੈ ਅਤੇ ਇਸ ਬਾਰੇ ਖੁੱਲ੍ਹ ਕੇ ਗੱਲ ਕਰਨੀ ਚਾਹੀਦੀ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਰਹਿਣ ਦੇ ਨੁਕਤੇ ਦਸਦਿਆਂ ਪੰਜਾਬ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਉਠਾਏ ਜਾ ਰਹੇ ਵੱਖ-ਵੱਖ ਕਦਮਾਂ ਬਾਰੇ ਜਾਣਕਾਰੀ ਦਿੱਤੀ । ਪ੍ਰੋਗਰਾਮ ਕੋਆਰਡੀਨੇਟਰ ਡਾ. ਰੂਬੀ ਗੁਪਤਾ, ਜੋ ਡੀਨ ਵਿਦਿਆਰਥੀ ਭਲਾਈ ਦਫ਼ਤਰ ਵਿੱਚ ਕੌਂਸਲਰ ਵਜੋਂ ਕਾਰਜਸ਼ੀਲ ਹਨ, ਨੇ ਦੱਸਿਆ ਕਿ ਯੂਨੀਵਰਸਿਟੀ ਨਾਲ਼ ਜੁੜੇ ਸਕੂਲ ਦੇ ਇਨ੍ਹਾਂ ਵਿਦਿਆਰਥੀਆਂ ਵਿੱਚ ਇਸ ਵਿਸ਼ੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ ਕਿਉਂਕਿ ਇਸ ਉਮਰ ਵਿੱਚ ਬੱਚੇ ਅਕਸਰ ਅਜਿਹੀਆਂ ਅਲ੍ਹਾਮਤਾਂ ਦਾ ਸ਼ਿਕਾਰ ਹੋ ਜਾਂਦੇ ਹਨ, ਇਸ ਲਈ ਉਨ੍ਹਾਂ ਨੂੰ ਵਿਸ਼ੇ ਬਾਰੇ ਜਾਣਕਾਰੀ ਹੋਣੀ ਜ਼ਰੂਰੀ ਹੈ । ਰੈੱਡ ਕਰਾਸ ਸਾਕੇਤ ਡਰੱਗ ਡੀ-ਐਡਿਕਸ਼ਨ ਸੈਂਟਰ ਪਟਿਆਲਾ ਤੋਂ ਪੁੱਜੇ ਅਮ੍ਰਿਤਪਾਲ ਸਿੰਘ ਨੇ ਵੀ ਵਿਸ਼ੇ ਸਬੰਧੀ ਆਪਣੇ ਵਿਚਾਰ ਪ੍ਰਗਟਾਏ ।