ਹਰਿਆਣਾ ਸਰਕਾਰ ਨੇ ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਜਾਰੀ ਕਰ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ

ਦੁਆਰਾ: Punjab Bani ਪ੍ਰਕਾਸ਼ਿਤ :Friday, 17 January, 2025, 11:58 AM

ਹਰਿਆਣਾ ਸਰਕਾਰ ਨੇ ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਜਾਰੀ ਕਰ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ
ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਰਾਜ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੱਡੀ ਕਾਰਵਾਈ ਕਰਦਿਆਂ ਸੂਬੇ ਦੇ ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਜਾਰੀ ਕਰਕੇ ਸਖ਼ਤ ਕਾਰਵਾਈ ਕੀਤੇ ਜਾਣ ਦੇ ਹੁਕਮ ਦਾਗੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ 50 ਤੋਂ ਵੱਧ ਪਟਵਾਰੀਆਂ ਦੇ ਨਾਮ ਸ਼ਾਮਲ ਹਨ, ਜਿਨ੍ਹਾਂ `ਤੇ ਰਿਸ਼ਵਤਖੋਰੀ, ਰਿਕਾਰਡ ਵਿਚ ਹੇਰਾਫੇਰੀ ਅਤੇ ਹੋਰ ਭ੍ਰਿਸ਼ਟਾਚਾਰ ਦੇ ਦੋਸ਼ ਹਨ । ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਖਿਆ ਹੈ ਕਿ ਸਰਕਾਰ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਇਨ੍ਹਾਂ ਪਟਵਾਰੀਆਂ ਖ਼ਿਲਾਫ਼ ਤੁਰੰਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਇਨ੍ਹਾਂ ਵਿੱਚੋਂ ਕਈ ਪਟਵਾਰੀਆਂ ਨੂੰ ਮੁਅੱਤਲ ਕਰਕੇ ਜਾਂਚ ਲਈ ਵਿਜੀਲੈਂਸ ਵਿਭਾਗ ਨੂੰ ਸੌਂਪਣ ਦਾ ਐਲਾਨ ਕੀਤਾ ਗਿਆ ਹੈ । ਮਾਲ ਮੰਤਰੀ ਨੇ ਕਿਹਾ ਕਿ ਸਰਕਾਰ ਜਲਦੀ ਹੀ ਇੱਕ ਸ਼ਿਕਾਇਤ ਪੋਰਟਲ ਸ਼ੁਰੂ ਕਰੇਗੀ, ਜਿੱਥੇ ਲੋਕ ਪਟਵਾਰੀਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਬਾਰੇ ਜਾਣਕਾਰੀ ਦੇ ਸਕਣਗੇ। ਇਸ ਕਦਮ ਨਾਲ ਪਾਰਦਰਸ਼ਤਾ ਵਧੇਗੀ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ । ਇਸ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਜਿੱਥੇ ਸਰਕਾਰ ਦੀਆਂ ਨੀਤੀਆਂ `ਤੇ ਸਵਾਲ ਖੜ੍ਹੇ ਕੀਤੇ ਹਨ, ਉਥੇ ਹੀ ਕਈ ਕਿਸਾਨ ਅਤੇ ਪੇਂਡੂ ਸੰਗਠਨਾਂ ਨੇ ਇਸ ਨੂੰ ਹਾਂ-ਪੱਖੀ ਕਦਮ ਦੱਸਿਆ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ।