ਕਣਕ ਲਈ ਤਾਪਮਾਨ ਦਾ ਵੱਧਣਾ ਨੁਕਸਾਨਦੇਹ : ਮੁੱਖ ਖੇਤੀਬਾੜੀ ਅਫਸਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 30 January, 2025, 04:07 PM

ਕਣਕ ਲਈ ਤਾਪਮਾਨ ਦਾ ਵੱਧਣਾ ਨੁਕਸਾਨਦੇਹ : ਮੁੱਖ ਖੇਤੀਬਾੜੀ ਅਫਸਰ
ਪਟਿਆਲਾ 30 ਜਨਵਰੀ : ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਡਾ: ਜਸਵਿੰਦਰ ਸਿੰਘ ਨੇ ਵੱਖ-ਵੱਖ ਪਿੰਡਾਂ ਵਿੱਚ ਬੀਜੀ ਕਣਕ ਦੀ ਫ਼ਸਲ ਦਾ ਨਿਰੀਖਣ ਕਰਨ ਲਈ ਬਲਾਕ ਪੱਧਰ’ਤੇ ਟੀਮਾਂ ਦਾ ਗਠਨ ਕੀਤਾ ਤਾਂ ਜੋ ਕਣਕ ਦੀ ਤਾਜਾ ਸਥਿਤੀ ਅਨੁਸਾਰ ਕਿਸਾਨਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਜਾ ਸਕੇ । ਉਹਨਾਂ ਦੱਸਿਆ ਕਿ ਮੌਜੂਦਾ ਦਿਨਾਂ ਵਿੱਚ ਦਿਨ ਦਾ ਤਾਪਮਾਨ 21-23 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 5-6 ਡਿਗਰੀ ਸੈਲਸੀਅਸ ਚੱਲ ਰਿਹਾ ਹੈ । ਉਹਨਾਂ ਦੱਸਿਆ ਕਿ ਜੇਕਰ ਤਾਪਮਾਨ ਇਸੇ ਤਰ੍ਹਾਂ ਵੱਧਦਾ ਰਿਹਾ ਤਾਂ ਕਣਕ ਦਾ ਝਾੜ ਘੱਟਣ ਦਾ ਖਦਸਾ ਹੋ ਸਕਦਾ ਹੈ । ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਤਾਪਮਾਨ ਦੇ ਵਾਧੇ ਦੇ ਅਸਰ ਨੂੰ ਘੱਟ ਕਰਨ ਲਈ ਆਪਣੀ ਕਣਕ ਦੀ ਫ਼ਸਲ ਉਪੱਰ 4 ਕਿਲੋਗ੍ਰਾਮ ਪੋਟਾਸ਼ੀਅਮ ਨਾਈਟ੍ਰੇਟ (13:0:45) ਨੂੰ 200 ਲੀਟਰ ਪਾਣੀ ਵਿੱਚ ਮਿਲਾ ਕੇ ਪਹਿਲਾਂ ਸਪਰੇਅ ਗੋਭ ਵਾਲਾ ਪੱਤਾ ਨਿਕਲਣ ਅਤੇ ਦੂਜਾ ਬੂਰ ਪੈਣ ਸਮੇਂ ਕਰਨ ਜਾਂ 15 ਗ੍ਰਾਮ ਸੈਲੀਸਿਲਕ ਐਸਿਡ ਨੂੰ 450 ਮਿਲੀਲੀਟਰ ਈਥਾਈਲ ਆਲਕੋਹਲ ਵਿੱਚ ਘੋਲਣ ਉਪਰੰਤ 200 ਲੀਟਰ ਪਾਣੀ ਵਿੱਚ ਘੋਲ ਕੇ ਪਹਿਲਾਂ ਛਿੜਕਾਅ ਗੋਭ ਵਾਲਾ ਪੱਤਾ ਨਿਕਲਣ ਸਮੇਂ ਅਤੇ ਦੂਜਾ ਛਿੱਟੇ ਵਿੱਚ ਦੁੱਧ ਪੈਣ ਸਮੇਂ ਕਰਨ । ਉਹਨਾਂ ਕਿਸਾਨਾਂ ਨੂੰ ਪੀਲੀ ਕੂੰਗੀ ਦੀ ਰੋਕਥਾਮ ਲਈ ਵੀ ਆਪਣੀ ਫ਼ਸਲ ਦਾ ਨਿਰੀਖਣ ਕਰਨ ਲਈ ਕਿਹਾ ਅਤੇ ਦੱਸਿਆ ਕਿ ਬਿਮਾਰੀ ਨਜ਼ਰ ਆਉਣ ‘ਤੇ 120 ਗ੍ਰਾਮ ਨਟੀਵੋ ਜਾਂ 200 ਮਿਲੀਲੀਟਰ ਟੀਲਟ ਜਾਂ ਸ਼ਾਈਨ ਜਾਂ ਬੰਪਰ ਜਾਂ ਕੈਵੀਅਟ ਨੂੰ 200 ਲੀਟਰ ਪਾਣੀ ਵਿੱਚ ਪਾ ਕੇ ਪ੍ਰਤੀ ਏਕੜ ਸਪਰੇਅ ਕੀਤਾ ਜਾਵੇ ।