'ਰੰਗਲਾ ਪੰਜਾਬ ਵਿਕਾਸ ਸਕੀਮ' ਲੋਕਾਂ ਲਈ ਵਰਦਾਨ ਸਾਬਤ ਹੋਵੇਗੀ : ਨਰਿੰਦਰ ਕੌਰ ਭਰਾਜ

ਸੰਗਰੂਰ, 26 ਮਾਰਚ : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਹੈ ਕਿ ਵਿੱਤੀ ਸਾਲ 2025-26 ਦੇ ਬਜਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਸਰਵ ਪੱਖੀ ਵਿਕਾਸ ਲਈ ਗਰਾਂਟਾਂ ਦੇ ਖੁੱਲੇ ਗੱਫੇ ਦਿੱਤੇ ਗਏ ਹਨ, ਉਥੇ ਹੀ ਪਹਿਲਾਂ ਤੋਂ ਚੱਲ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉੱਤੇ ਹੋਰ ਵੀ ਸਫਲਤਾ ਨਾਲ ਲਾਗੂ ਕਰਨ ਅਤੇ ਲੋਕਾਂ ਦੀ ਬੇਹਤਰੀ ਲਈ ਅਨੇਕਾਂ ਹੋਰ ਨਵੀਆਂ ਸਕੀਮਾਂ ਨੂੰ ਯੋਜਨਾਬਧ ਢੰਗ ਨਾਲ ਲਾਗੂ ਕਰਨ ਪ੍ਰਤੀ ਸਾਰਥਕ ਹੁੰਗਾਰਾ ਦਿਖਾਇਆ ਗਿਆ ਹੈ ਜਿਸ ਕਾਰਨ ਸੂਬੇ ਦੇ ਲੋਕ ਬਾਗੋਬਾਗ ਹਨ ।
ਪੰਜਾਬ ਸਰਕਾਰ ਦੀ ਇੱਕ ਵਿਲੱਖਣ ਅਤੇ ਵੱਡੀ ਪਹਿਲਕਦਮੀ ਹੈ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੰਜਾਬ ਬਜਟ-2025 ਵਿੱਚ ਸੰਗਰੂਰ ਜ਼ਿਲ੍ਹੇ ਵਿੱਚ ਨਹਿਰੀ ਸਿੰਚਾਈ ਦੇ ਬਿਹਤਰੀਕਰਨ ਨੂੰ ਯਕੀਨੀ ਬਣਾਉਣ, 38,000 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਵਿਸ਼ਾਲ ਜ਼ਮੀਨਦੋਜ਼ ਪਾਈਪਲਾਈਨ ਜਾਲ ਵਿਛਾਉਣ ਅਤੇ 20,000 ਕਿਸਾਨ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ 100 ਕਰੋੜ ਰੁਪਏ ਦੇ ਉਪਬੰਧ ਰਾਖਵੇਂ ਰੱਖਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ ਹੈ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਇੱਕ ਵਿਲੱਖਣ ਅਤੇ ਵੱਡੀ ਪਹਿਲਕਦਮੀ ਹੈ ।
ਪੰਜਾਬ ਸਰਕਾਰ ਵੱਲੋਂ ਕੀਤੀ ਗਈ ਹੈ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੀ ਘੋਸ਼ਣਾ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੀ ਘੋਸ਼ਣਾ ਵੀ ਕੀਤੀ ਗਈ ਹੈ, ਜਿਸ ਤਹਿਤ ਸਰਕਾਰ ਵੱਲੋਂ 585 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰੇਕ ਵਿਧਾਨ ਸਭਾ ਹਲਕੇ ਨੂੰ 5 ਕਰੋੜ ਰੁਪਏ ਜਾਰੀ ਹੋਣਗੇ ਅਤੇ ਇਹ ਰਾਸ਼ੀ ਨਾਗਰਿਕਾਂ ਦੀਆਂ ਸਭ ਤੋਂ ਅਹਿਮ ਸਥਾਨਕ ਰੋਜਾਨਾ ਵਿਕਾਸ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਵਾਸੀਆਂ ਲਈ ਵਰਦਾਨ ਸਾਬਤ ਹੋਵੇਗੀ ।
ਪੰਜਾਬ ਦੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਸਲਾਨਾ ਤੱਕ ਦਾ ਬੀਮਾ ਕਵਰ ਵਧਾਇਆ ਜਾ ਰਿਹਾ ਹੈ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਗਲੇ ਵਿੱਤੀ ਸਾਲ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿਹਤ ਬੀਮਾ ਯੋਜਨਾ ਨੂੰ ਵਿਆਪਕ ਬਣਾਉਣ ਲਈ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਫੈਸਲਾ ਕੀਤਾ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਵਰਗ ਦੇ ਲੋਕਾਂ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਲੋਕ ਪੱਖੀ ਤੇ ਇਤਿਹਾਸਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਅਜਿਹੇ ਹੀ ਇੱਕ ਹੋਰ ਸ਼ਾਨਦਾਰ ਕਦਮ ਤਹਿਤ ਪੰਜਾਬ ਦੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਸਲਾਨਾ ਤੱਕ ਦਾ ਬੀਮਾ ਕਵਰ ਵਧਾਇਆ ਜਾ ਰਿਹਾ ਹੈ ਅਤੇ ਇਸ ਵਿੱਚ ਉਹ ਲੋਕ ਵੀ ਸ਼ਾਮਲ ਹਨ ਜੋ ਕੇਂਦਰ ਸਰਕਾਰ ਦੀ ਸਕੀਮ ਵਿੱਚ ਸ਼ਾਮਲ ਹਨ ।
ਲਾਭਪਾਤਰੀਆਂ ਨੂੰ ਰਾਜ ਸਰਕਾਰ ਤੋਂ 5 ਲੱਖ ਰੁਪਏ ਦਾ ਵਾਧੂ ਟਾਪ-ਅੱਪ ਕਵਰ ਮਿਲੇਗਾ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਨ੍ਹਾਂ ਲਾਭਪਾਤਰੀਆਂ ਨੂੰ ਰਾਜ ਸਰਕਾਰ ਤੋਂ 5 ਲੱਖ ਰੁਪਏ ਦਾ ਵਾਧੂ ਟਾਪ-ਅੱਪ ਕਵਰ ਮਿਲੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਅਧੀਨ ਆਉਂਦੇ ਸਾਰੇ ਪਰਿਵਾਰਾਂ ਨੂੰ ਅਗਲੇ ਸਾਲ ਸਿਹਤ ਕਾਰਡ ਜਾਰੀ ਕੀਤੇ ਜਾਣਗੇ ਜਿਸ ਦੇ ਨਾਲ ਉਹ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦਾ ਲਾਭ ਲੈ ਸਕਣਗੇ ।
