ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸੁਤੰਤਰਤਾ ਦਿਵਸ ਦੇ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸੁਤੰਤਰਤਾ ਦਿਵਸ ਦੇ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
ਪਟਿਆਲਾ, 28 ਜੁਲਾਈ:
ਸੁਤੰਤਰਤਾ ਦਿਵਸ ਦੇ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੱਜ ਇੱਥੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਆਜ਼ਾਦੀ ਦਿਹਾੜੇ ਦਾ ਰਾਜ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦਾ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਾਰੇ ਪ੍ਰਬੰਧ ਪੁਖ਼ਤਾ ਢੰਗ ਨਾਲ ਸਮੇਂ ਸਿਰ ਕਰ ਲਏ ਜਾਣੇ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਵਾਲੇ ਸਥਾਨ ਵਿਖੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਦੀ ਆਮਦ, ਬੈਠਣ ਦੇ ਇੰਤਜਾਮ, ਝਾਕੀਆਂ, ਪਰੇਡ, ਆਜ਼ਾਦੀ ਘੁਲਾਟੀਆਂ ਤੇ ਸਨਮਾਨਤ ਸ਼ਖ਼ਸੀਅਤਾਂ ਦਾ ਸਨਮਾਨ, ਸੱਭਿਆਚਾਰਕ ਪ੍ਰੋਗਰਾਮ ਆਦਿ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਰਾਜ ਪੱਧਰੀ ਸਮਾਗਮ ਦੇ ਸੁਰੱਖਿਆ ਪ੍ਰਬੰਧਾਂ ਬਾਰੇ ਚਰਚਾ ਕਰਦਿਆਂ ਲੋੜੀਂਦੇ ਨਿਰਦੇਸ਼ ਦਿੱਤੇ।
ਬੈਠਕ ਮੌਕੇ ਏ.ਡੀ.ਸੀ. (ਜ) ਜਗਜੀਤ ਸਿੰਘ, ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਪੀ. ਹਰਵੰਤ ਕੌਰ, ਏ.ਆਈ.ਜੀ. ਆਲਮ ਵਿਜੇ ਸਿੰਘ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਜੀਵਨਜੋਤ ਕੌਰ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸਕੱਤਰ ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਸਿਵਲ ਸਰਜਨ ਡਾ. ਰਮਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।