ਕਾਰੋਬਾਰੀਆਂ ਤੇ ਵਪਾਰੀਆਂ ਨੂੰ ਸੂਬੇ ’ਚ ਦਿੱਤਾ ਜਾ ਰਿਹੈ ਸਾਜ਼ਗਾਰ ਮਾਹੌਲ : ਅਨਿਲ ਠਾਕੁਰ

ਪਟਿਆਲਾ, 4 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਵੱਖ ਵੱਖ ਐਸੋਸੀਏਸ਼ਨਾਂ ਨਾਲ ਬੈਠਕ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਪਾਲਿਸੀਆਂ ਸਬੰਧੀ ਸੁਝਾਅ ਵੀ ਲਏ।
ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਜ਼ਿਲ੍ਹੇ ਦੇ ਕਾਰੋਬਾਰੀਆਂ ਤੇ ਵਪਾਰੀਆਂ ਨਾਲ ਬੈਠਕ
ਚੇਅਰਮੈਨ ਅਨਿਲ ਠਾਕੁਰ ਨੇ ਮੀਟਿੰਗ ਦੌਰਾਨ ਜੀ.ਐਸ.ਟੀ. ਅਤੇ ਆਬਕਾਰੀ ਮਾਮਲਿਆਂ ਸਬੰਧੀ ਪਟਿਆਲਾ ਜ਼ਿਲ੍ਹੇ ਦੇ ਵੱਖ- ਵੱਖ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀ. ਐਸ. ਟੀ. ਵਿਭਾਗ ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਹੋਰ ਸੁਖਾਵਾਂ ਤਾਲਮੇਲ ਬਣਾਉਣ ਲਈ ਐਡਵਾਈਜ਼ਰੀ ਕਮੇਟੀ ਬਣਾਉਣ ਲਈ ਕਿਹਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ ਸਮੇਤ ਛੋਟੇ ਤੋਂ ਛੋਟਾ ਕਾਰੋਬਾਰ ਕਰਨ ਵਾਲਿਆਂ ਨੂੰ ਆਪਣਾ ਕਾਰੋਬਾਰ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਰਾਜ ਦੇ ਜੀ ਐਸ ਟੀ ਵਿੱਚ ਹੋਇਆ ਵਾਧਾ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਹੈ ।
ਸਰਕਾਰ ਤੇ ਵਪਾਰੀਆਂ ’ਚ ਪੁਲ ਦਾ ਕੰਮ ਕਰ ਰਿਹੈ ਟਰੇਡਰਜ਼ ਕਮਿਸ਼ਨ, ਵਪਾਰੀ ਕਿਸੇ ਵੀ ਸਮੇਂ ਸਿੱਧਾ ਕਰ ਸਕਦੇ ਨੇ ਕਮਿਸ਼ਨ ਨਾਲ ਸੰਪਰਕ : ਚੇਅਰਮੈਨ
ਇਸ ਮੌਕੇ ਉਨ੍ਹਾਂ ਹਾਜ਼ਰ ਵੱਖ ਵੱਖ ਕਾਰੋਬਾਰ ਐਸੋਸੀਏਸ਼ਨਾਂ ਨਾਲ ਸਬੰਧਤ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਜਾਇਜ਼ ਮੁਸ਼ਕਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਬਣਦੇ ਟੈਕਸ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਇਕੱਠਾ ਹੋਇਆ ਮਾਲੀਆ ਸੂਬੇ ਦੀ ਤਰੱਕੀ ’ਤੇ ਲਗਾਇਆ ਜਾ ਸਕੇ ।
ਕਿਹਾ, ਹਰੇਕ ਤਿੰਨ ਮਹੀਨੇ ’ਚ ਇਕ ਵਾਰ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਜ਼ਿਲ੍ਹਾ ਪੱਧਰ ’ਤੇ ਕੀਤੀ ਜਾਵੇਗੀ ਬੈਠਕਅਨਿਲ ਠਾਕੁਰ ਨੇ ਕਿਹਾ ਕਿ ਟਰੇਡਰਜ਼ ਕਮਿਸ਼ਨ ਪੰਜਾਬ ਸਰਕਾਰ
ਵਪਾਰੀਆਂ ਅਤੇ ਉਦਯੋਗਪਤੀਆਂ ਵਿਚਕਾਰ ਪੁਲ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ । ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਵਪਾਰੀਆਂ ਤੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਉਨ੍ਹਾਂ ਕੋਲ ਜਾ ਕੇ ਕਰਨ ਦੇ ਮਕਸਦ ਨਾਲ ਉਨ੍ਹਾਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਵਪਾਰੀਆਂ ਨਾਲ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤੇ ਸਨਅਤਕਾਰਾਂ ਅਤੇ ਵਪਾਰੀਆਂ ਵੱਲੋਂ ਵੀ ਇਸ ਦਾ ਸੁਆਗਤ ਕੀਤਾ ਜਾ ਰਿਹਾ ਹੈ ।
ਕੋਈ ਸੁਝਾਅ/ਮੰਗਾਂ ਹਨ ਤਾਂ ਉਹਨਾਂ ਨੂੰ ਲਿਖਤੀ ਤੌਰ ਤੇ ਪੇਸ਼ ਕੀਤੀਆਂ ਜਾਣ
ਉਨ੍ਹਾਂ ਮੀਟਿੰਗ ਵਿੱਚ ਪਹੁੰਚੇ ਵੱਖ-ਵੱਖ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਕੋਈ ਸੁਝਾਅ/ਮੰਗਾਂ ਹਨ ਤਾਂ ਉਹਨਾਂ ਨੂੰ ਲਿਖਤੀ ਤੌਰ ਤੇ ਪੇਸ਼ ਕੀਤੀਆਂ ਜਾਣ ਅਤੇ ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਕਮਿਸ਼ਨ ਉਨ੍ਹਾਂ ਦੇ ਹਰ ਇੱਕ ਸੁਝਾਅ ਨੂੰ ਗੰਭੀਰਤਾ ਨਾਲ ਲਵੇਗਾ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੁਸ਼ਕਲਾਂ ਦਾ ਢੁਕਵਾਂ ਹੱਲ ਕੀਤਾ ਜਾਵੇਗਾ ।
ਇਸ ਮੌਕੇ ਸਹਾਇਕ ਕਮਿਸ਼ਨਰ ਜੀ. ਐਸ. ਟੀ. ਕੰਨੂ ਗਰਗ, ਉਪਿੰਦਰਜੀਤ ਸਿੰਘ, ਜ਼ਿਲ੍ਹਾ ਪਟਿਆਲਾ ਟਰੇਡਰਜ਼ ਵਿੰਗ ਦੇ ਪ੍ਰਧਾਨ ਸੰਜੀਵ ਗੁਪਤਾ, ਅਨਿਲ ਗੁਪਤਾ, ਦੀਪਕ ਸੂਦ, ਜੀ. ਐਸ. ਓਬਰਾਏ, ਵਿਨੋਦ ਸਿੰਗਲਾ, ਵਿਕਾਸ ਸ਼ਰਮਾ ਸਮੇਤ ਪ੍ਰਧਾਨ ਫੋਕਲ ਪੁਆਇੰਟ ਐਸੋਸੀਏਸ਼ਨ, ਹੋਟਲ ਐਸੋਸੀਏਸ਼ਨ, ਭੱਠਾ ਐਸੋਸੀਏਸ਼ਨ, ਕਰਿਆਨਾ ਐਸੋਸੀਏਸ਼ਨ, ਮੈਰਿਜ ਪੈਲੇਸ, ਹੋਟਲਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਸਮੇਤ ਵੱਖ-ਵੱਖ ਵਪਾਰ ਮੰਡਲਾਂ ਅਤੇ ਸਨਅਤੀ ਐਸੋਸੀਏਸ਼ਨਾਂ ਦੇ ਅਹੁਦੇਦਾਰ ਹਾਜ਼ਰ ਸਨ ।
