ਸੂਬੇ ਦੇ ਸਰਕਾਰੀ ਸਕੂਲਾਂ ਦਾ ਪਿਛਲੇ ਤਿੰਨ ਸਾਲਾਂ 'ਚ ਹੋਏ ਲਾ ਮਿਸਾਲ ਵਿਕਾਸ : ਕੁਲਵੰਤ ਸਿੰਘ ਬਾਜ਼ੀਗਰ

ਦੁਆਰਾ: Punjab Bani ਪ੍ਰਕਾਸ਼ਿਤ :Friday, 11 April, 2025, 05:20 PM

ਸ਼ੁਤਰਾਣਾ/ਪਟਿਆਲਾ, 11 ਅਪ੍ਰੈਲ : ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਨਾ ਹੀ ਬੁਨਿਆਦੀ ਸਹੂਲਤਾਂ ਸਨ ਤੇ ਨਾ ਹੀ ਪੜਾਉਣ ਲਈ ਅਧਿਆਪਕ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੀ ਕਮਾਨ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਸਿੱਖਿਆ ਦੇ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰ ਲਿਆਉਣੇ ਸ਼ੁਰੂ ਕੀਤੇ, ਜੋ ਹੁਣ ਸਭ ਦੇ ਸਾਹਮਣੇ ਹਨ। ਇਹ ਪ੍ਰਗਟਾਵਾਂ ਉਨ੍ਹਾਂ ਅੱਜ ਹਲਕਾ ਸ਼ੁਤਰਾਣਾ ਦੇ 7 ਸਕੂਲਾਂ ‘ਚ 74 ਲੱਖ ਰੁਪਏ ਦੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ ।

ਹਲਕਾ ਸ਼ੁਤਰਾਣਾ ਦੇ ਸਕੂਲਾਂ ‘ਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਰਹਿਣਗੇ : ਵਿਧਾਇਕ
ਸ. ਕੁਲਵੰਤ ਸਿੰਘ ਬਾਜ਼ੀਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ‘ਚ 20 ਹਜ਼ਾਰ ਸਕੂਲ ‘ਚ ਲੱਖਾਂ ਵਿਦਿਆਰਥੀ ਸਿੱਖਿਆ ਲੈ ਰਹੇ ਹਨ ਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ । ਇਸ ਤੋਂ ਇਲਾਵਾ ਸਕੂਲਾਂ ਦੀ ਸੁਰੱਖਿਆ ਲਈ 9 ਹਜ਼ਾਰ ਸਕਿਉਰਿਟੀ ਗਾਰਡ ਰੱਖੇ ਗਏ । ਸਿੱਖਿਆ ਵਿੱਚ ਵੱਡਾ ਬਦਲਾਅ ਲਿਆਉਂਦੇ ਹੋਏ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਵੱਖ ਵੱਖ ਕਿੱਤਿਆਂ ਨਾਲ ਸਬੰਧਤ ਸਿੱਖਿਆ ਦਿੱਤੀ ਜਾ ਸਕੇ ।

ਸ਼ੁਤਰਾਣਾ ਹਲਕੇ ਦੇ 7 ਸਕੂਲਾਂ ਦੀ 74 ਲੱਖ ਰੁਪਏ ਨਾਲ ਕੀਤੀ ਗਈ ਕਾਇਆ ਕਲਪ
ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਕਰੀਮਨਗਰ, ਸਰਕਾਰੀ ਪ੍ਰਾਇਮਰੀ ਸਕੂਲ ਰਸੋਲੀ, ਸਰਕਾਰੀ ਹਾਈ ਸਕੂਲ ਕਰਤਾਰਪੁਰ, ਸਰਕਾਰੀ ਪ੍ਰਾਇਮਰੀ ਸਕੂਲ ਜੈਲਰ ਤੇ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਸ਼ਾਦੀਪੁਰ ਮੋਮੀਆ ਵਿਖੇ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ‘ਚ ਸਿੱਖਿਆ ਦੇ ਖੇਤਰ ਵਿੱਚ ਇਸੇ ਤਰ੍ਹਾਂ ਜੰਗੀ ਪੱਧਰ ‘ਤੇ ਵਿਕਾਸ ਕਾਰਜ ਜਾਰੀ ਰਹਿਣਗੇ । ਇਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਤੇ ਸਭਿਆਚਾਰਕ ਪੇਸ਼ਕਾਰੀ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਨੂੰ ਦਿਖਾਇਆ ।