ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇ

ਦੁਆਰਾ: Punjab Bani ਪ੍ਰਕਾਸ਼ਿਤ :Wednesday, 16 April, 2025, 04:02 PM

ਪਟਿਆਲਾ 16 ਅਪ੍ਰੈਲ : ਨੌਵੇਂ ਪਾਤਸ਼ਾਹ  ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨੋਂ ਸਾਹਿਬ ਤੋਂ ਅੱਜ 17 ਅਪ੍ਰੈਲ ਨੂੰ ਸਵੇਰੇ 11.00 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਪੰਜ ਪਿਆਰਿਆਂ ਦੀ ਅਗਵਾਈ ਵਿਚ 19 ਨੰਬਰ ਫਾਟਕ ਰਾਹੀਂ ਲਾਹੌਰੀ ਗੇਟ ਤੋਂ ਸ਼ਹਿਰ ਵਿਚ ਦਾਖਲ ਹੋਵੇਗਾ ਅਤੇ ਵੱਖ ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਵਿਖੇ ਸਮਾਪਤ ਹੋਵੇਗਾ ।

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੱਜ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਹੋਈ । ਇਸ ਦੌਰਾਨ ਉਚੇਚੇ ਤੌਰ ਤੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਸਨ ।

ਧਾਰਮਿਕ ਸਮਾਗਮ ਦੀ ਆਰੰਭਤਾ 16 ਅਪ੍ਰੈਲ  ਤੋਂ ਸ੍ਰੀ ਅਖੰਡ ਪਾਠ ਸਾਹਿਬ ਨਾਲ ਹੋ ਚੁੱਕੀ

ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਜਾਣਕਾਰੀ ਦਿੰਦਿਆਂ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਮੈਨੇਜਰ ਨਿਸ਼ਾਨ ਸਿੰਘ ਜ਼ਫਰਵਾਲ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੀ ਆਰੰਭਤਾ 16 ਅਪ੍ਰੈਲ  ਤੋਂ ਸ੍ਰੀ ਅਖੰਡ ਪਾਠ ਸਾਹਿਬ ਨਾਲ ਹੋ ਚੁੱਕੀ 17 ਅਪ੍ਰੈਲ ਨੂੰ ਸਵੇਰੇ ਨਗਰ ਕੀਰਤਨ ਅਤੇ 18 ਅਪ੍ਰੈਲ ਨੂੰ ਜਿੱਥੇ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਸਵੇਰੇ 11.00 ਵਜੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ, ਉੱਥੇ ਹੀ 17 ਤੇ 18 ਅਪ੍ਰੈਲ ਨੂੰ ਕੀਰਤਨ ਸਮਾਗਮ ਵੀ ਹੋਵੇਗਾ, ਜਿਸ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ ।

ਧਾਰਮਿਕ ਸਮਾਗਮ ਤੋਂ ਇਲਾਵਾ ਹੋਵੇਗਾ ਅੰਮ੍ਰਿਤ ਸੰਚਾਰ : ਮੈਨੇਜਰ ਨਿਸ਼ਾਨ ਸਿੰਘ ਜ਼ਫਰਵਾਲ

ਮੈਨੇਜਰ ਨਿਸ਼ਾਨ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰ ਪੁੱਜਣ ਅਤੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਨੂੰ ਹਾਸਲ ਕਰਨ। ਇਸ ਦੌਰਾਨ ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਘਰ ਵਿਖੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਫੁੱਲਾਂ ਦੀ ਸਜਾਵਟ ਅਤੇ ਦੀਪਮਾਲਾ ਕੀਤੀ ਗਈ ਅਤੇ ਸ਼ੋ੍ਰਮਣੀ ਕਮੇਟੀ ਪ੍ਰਬੰਧ ਵੱਲੋਂ ਉਲੀਕੇ ਇਨ੍ਹਾਂ ਪ੍ਰੋਗਰਾਮਾਂ ਵਿਚ ਸੰਗਤਾਂ ਵੱਧ ਚੜਕੇ ਸ਼ਮੂਲੀਅਤ ਕਰਨ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਗੁਰੂ ਤੇਗ਼ ਬਹਾਦਰ ਸੇਵਕ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ, ਸਿਮਰਨ ਗਰੇਵਾਲ, ਹਰਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਵੀ ਸ਼ਾਮਲ ਸਨ ।