ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਲਿਤਾਂ ਤੇ ਅਨੁਸੂਚਿਤ ਜਨਜਾਤੀਆਂ ਦੇ ਹੱਕ ‘ਚ ਲਿਆ ਇਤਿਹਾਸਕ ਤੇ ਵੱਡਾ ਫੈਸਲਾ-ਵਿਧਾਇਕ ਜੌੜਾਮਾਜਰਾ ਤੇ ਬਾਜ਼ੀਗਰ

ਸਮਾਣਾ, 16 ਅਪ੍ਰੈਲ : ਸਮਾਣਾ ਦੇ ਵਿਧਾਇਕ ਤੇ ਸਾਬਕਾ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਸ਼ੁਤਰਾਣਾ ਦੇ ਵਿਧਾਇਕ ਸ. ਕੁਲਵੰਤ ਸਿੰਘ ਬਾਜ਼ੀਗਰ ਨੇ ਇੱਕ ਅਵਾਜ਼ ਵਿੱਚ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੇ ਹਿਤਾਂ ਦੀ ਰੱਖਿਆ ਕਰਨ ਲਈ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਈ ਹੈ ।
ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੇ ਵਕੀਲ ਵੀ ਬਣ ਸਕਣਗੇ ਪੰਜਾਬ ‘ਚ ਏ.ਜੀ, ਡਿਪਟੀ ਏ. ਜੀ. ਤੇ ਸਰਕਾਰੀ ਵਕੀਲ
ਸਮਾਣਾ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਦੋਵਾਂ ਵਿਧਾਇਕਾਂ ਜੌੜਾਮਾਜਰਾ ਅਤੇ ਬਾਜ਼ੀਗਰ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ‘ਤੇ ਪਹਿਰਾ ਦੇ ਰਹੀ ਹੈ । ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦੀ ਮਿਲੇ 75 ਸਾਲ ਹੋ ਗਏ ਹਨ, ਪਰ ਦੇਸ਼ ਭਰ ਦੀਆਂ ਸਾਰੀਆਂ ਹਾਈ ਕੋਰਟਾਂ ਵਿੱਚ, ਕਿਸੇ ਵੀ ਰਾਜ ਵਿੱਚ ਵਕੀਲਾਂ ਜਾਂ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸ. ਸੀ., ਐਸ. ਟੀ. ਲਈ ਕੋਈ ਰਾਖਵਾਂਕਰਨ ਨਹੀਂ ਸੀ ਪਰ ਹੁਣ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰੀ ਵਕੀਲਾਂ ਦੀਆਂ ਅਸਾਮੀਆਂ ਹਨ, ਖਾਸ ਕਰਕੇ ਹਾਈ ਕੋਰਟ ਵਿੱਚ, ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਵਕੀਲਾਂ ਨੂੰ ਰਾਖਵੇਂ ਕਰਨ ਦਾ ਲਾਭ ਦਿੱਤਾ ਹੈ ।
ਏ. ਜੀ. ਦਫਤਰ ਵਿਖੇ ਬੈਕਲਾਗ ਦੀਆਂ ਖਾਲੀ 15 ਅਸਾਮੀਆਂ ਲਈ ਮਾਪਦੰਡ ਨਰਮ ਕੀਤੇ
ਚੇਤਨ ਸਿੰਘ ਜੌੜਾਮਾਜਰਾ ਤੇ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2017 ਦੇ ਐਕਟ ਵਿੱਚ ਸੋਧ ਕਰਕੇ ਪਹਿਲੀ ਵਾਰ 58 ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ ਹੈ, ਭਾਵੇਂ ਉਹ ਸੀਨੀਅਰ ਐਡਵੋਕੇਟ ਜਨਰਲ ਹੋਣ ਜਾਂ ਵਧੀਕ ਐਡਵੋਕੇਟ ਜਨਰਲ ਜਾਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਜਾਂ ਡਿਪਟੀ ਐਡਵੋਕੇਟ ਜਨਰਲ, ਸਹਾਇਕ ਐਡਵੋਕੇਟ ਜਨਰਲ ਜਾਂ ਐਡਵੋਕੇਟ ਆਨ ਰਿਕਾਰਡ ।
75 ਸਾਲਾਂ ਤੱਕ ਦਲਿਤਾਂ ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਨਾਮ ‘ਤੇ ਵੋਟਾਂ ਲੈਂਦੀ ਰਹੀ ਕਾਂਗਰਸ, ਬੀ. ਜੇ. ਪੀ. ਤੇ ਅਕਾਲੀ ਦਲ ‘ਚੋਂ ਕਿਸੇ ਨੇ ਵੀ ਦਲਿਤਾਂ ਦਾ ਸਮਰਥਨ ਨਹੀਂ ਕੀਤਾ
ਉਨ੍ਹਾਂ ਕਿਹਾ ਕਿ ਇਹ 2017 ਵਿੱਚ ਵੀ ਆਮ ਆਦਮੀ ਪਾਰਟੀ ਦੀ ਮੰਗ ਸੀ, ਪਰ ਉਸ ਸਮੇਂ ਕਾਂਗਰਸ ਦੀ ਸਰਕਾਰ ਸੀ, ਜਿਸਨੇ ਹਮੇਸ਼ਾ ਦਲਿਤਾਂ ਵਿਰੁੱਧ ਫੈਸਲੇ ਲਏ, ਇਸਨੇ 5 ਸਾਲਾਂ ਤੱਕ ਸਾਡੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ। ਪਰ ਹੁਣ ਇਸ ਫ਼ੈਸਲੇ ਦਾ ਇਹ ਲਾਭ ਹੋਵੇਗਾ ਕਿ ਸਰਕਾਰੀ ਵਕੀਲਾਂ ਵਿੱਚ ਰਾਖਵਾਂਕਰਨ ਹੋਵੇ ਤਾਂ ਅਨੁਸੂਚਿਤ ਜਾਤੀ ਭਾਈਚਾਰੇ ਦਾ ਬੱਚਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਦਾ ਜੱਜ ਬਣ ਜਾਵੇਗਾ ਪਰ ਇਹ ਦੁੱਖ ਦੀ ਗੱਲ ਹੈ ਕਿ ਕਾਂਗਰਸ ਪਾਰਟੀ 75 ਸਾਲਾਂ ਤੱਕ ਦਲਿਤਾਂ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਨਾਮ ‘ਤੇ ਵੋਟਾਂ ਲੈਂਦੀ ਰਹੀ ਅਤੇ ਕਈ ਸਾਲਾਂ ਤੱਕ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਵੋਟਾਂ ਲੈਂਦੇ ਰਹੇ ਪਰ ਕਿਸੇ ਨੇ ਵੀ ਦਲਿਤਾਂ ਦਾ ਸਮਰਥਨ ਨਹੀਂ ਕੀਤਾ ।
ਰਵਾਇਤੀ ਪਾਰਟੀਆਂ ਨੇ ਅਨੁਸੂਚਿਤ ਜਾਤੀਆਂ ਦਾ ਸ਼ੁਰੂ ਤੋਂ ਹੀ ਸ਼ੋਸ਼ਣ ਕੀਤਾ : ਕੁਲਵੰਤ ਸਿੰਘ ਬਾਜ਼ੀਗਰ
ਦੋਵੇਂ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਵਿੱਚ, ਸਰਕਾਰ ਦੋ ਚੀਜ਼ਾਂ ‘ਤੇ ਕੰਮ ਕਰ ਰਹੀ ਹੈ ਇੱਕ ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਖਾਤਮਾ ਤੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਪਣਾਇਆ ਜਾਵੇ । ਕੁਲਵੰਤ ਸਿੰਘ ਨੇ ਕਿਹਾ ਕਿ ਦਲਿਤਾਂ ਦੇ ਪੜ੍ਹੇ-ਲਿਖੇ ਬੱਚਿਆਂ ਨੂੰ ਚੰਗੀਆਂ ਪੋਸਟਾਂ ਦੇਣ ਦੀ ਬਜਾਏ ਤੀਜੇ ਅਤੇ ਚੌਥੇ ਦਰਜੇ ਵਿੱਚ ਰਾਖਵਾਂਕਰਨ ਦਿੰਦੇ ਰਹੇ ਪਰ ਉਨ੍ਹਾਂ ਨੇ ਕਦੇ ਵੀ ਦੇਸ਼ ਦੀ ਨਿਆਂ ਪ੍ਰਣਾਲੀ ਵਿੱਚ ਰਾਖਵਾਂਕਰਨ ਦੇਣ ਦੀ ਪਰਵਾਹ ਨਹੀਂ ਕੀਤੀ । ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਦੇ ਦਲਿਤਾਂ ਅਤੇ ਪੰਜਾਬ ਦੇ ਅਨੁਸੂਚਿਤ ਜਨਜਾਤੀਆਂ ਦੇ ਹੱਕ ਵਿੱਚ ਲਿਆ ਗਿਆ ਇੱਕ ਇਤਿਹਾਸਕ ਵੱਡਾ ਫੈਸਲਾ ਹੈ । ਉਨ੍ਹਾਂ ਕਿਹਾ ਕਿ ਐਸ. ਸੀ ਵਰਗ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਦੀਆਂ ਲੂੰਬੜ ਚਾਲਾਂ ‘ਚ ਨਹੀਂ ਫਸਣਗੇ ।
ਐਸ. ਸੀ ਵਰਗ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਦੀਆਂ ਲੂੰਬੜ ਚਾਲਾਂ ‘ਚ ਨਹੀਂ ਫਸਣਗੇ
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ 58 ਅਸਾਮੀਆਂ ਰਾਖਵੀਆਂ ਰੱਖੀਆਂ ਸਨ, ਇਸ ਵਿੱਚ ਮਾਪਦੰਡ ਇਹ ਸੀ ਕਿ ਸੀਨੀਅਰ ਐਡਵੋਕੇਟ ਜਨਰਲ ਦੇ ਅਹੁਦੇ ਲਈ ਆਮਦਨ 20 ਲੱਖ ਰੁਪਏ ਸਾਲਾਨਾ, ਐਡੀਸ਼ਨਲ ਐਡਵੋਕੇਟ ਜਨਰਲ ਲਈ 15 ਲੱਖ ਰੁਪਏ, ਸੀਨੀਅਰ ਡਿਪਟੀ ਐਡਵੋਕੇਟ ਜਨਰਲ ਲਈ 10 ਲੱਖ ਰੁਪਏ, ਡਿਪਟੀ ਐਡਵੋਕੇਟ ਜਨਰਲ ਲਈ 7 ਲੱਖ ਰੁਪਏ, ਸਹਾਇਕ ਐਡਵੋਕੇਟ ਜਨਰਲ ਲਈ 3.5 ਲੱਖ ਰੁਪਏ ਅਤੇ ਐਡਵੋਕੇਟ ਆਨ ਰਿਕਾਰਡ ਲਈ ਕੁਝ ਵੀ ਨਹੀਂ ਹੋਣਾ ਚਾਹੀਦਾ ਇਹ ਸ਼ਰਤ 2017 ਦੇ ਐਕਟ ਵਿੱਚ ਸੀ । ਇਨ੍ਹਾਂ ਸ਼ਰਤਾਂ ਕਰਕੇ 58 ਅਸਾਮੀਆਂ ਵਿੱਚੋਂ 15 ਅਸਾਮੀਆਂ ਖਾਲੀ ਸਨ ਅਤੇ 2017 ਦੇ ਐਕਟ ਵਿੱਚ ਬਣਾਏ ਗਏ ਆਮਦਨ ਕਰ ਦੇ ਮਾਪਦੰਡਾਂ ਅਨੁਸਾਰ, ਯੋਗ ਉਮੀਦਵਾਰ ਨਹੀਂ ਮਿਲੇ, ਜਿਸ ਕਾਰਨ ਪੰਜਾਬ ਸਰਕਾਰ ਨੇ ਇਹ ਇੱਕ ਇਤਿਹਾਸਕ ਫੈਸਲਾ ਹੈ । ਇਸ ਫੈਸਲੇ ਕਾਰਨ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਸਾਰੇ ਉਮੀਦਵਾਰਾਂ ਦਾ ਆਮਦਨ ਕਰ ਅੱਧਾ ਹੋ ਜਾਵੇਗਾ, ਅੱਜ, ਇਸ ਮਾਪਦੰਡ ਵਿੱਚ ਵੱਡੀ ਢਿੱਲ ਦਿੱਤੀ ਹੈ ਤਾਂ ਜੋ 15 ਖਾਲੀ ਅਸਾਮੀਆਂ ਨੂੰ ਭਰਿਆ ਜਾ ਸਕੇ । ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਇਮਾਨਦਾਰ ਸੋਚ ਹੈ, ਜਿਸ ਲਈ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਹੈ ਜਿਨ੍ਹਾਂ ਨੇ ਇੱਕ ਵਾਰ ਫਿਰ ਪੰਜਾਬ ਦੇ ਦਲਿਤਾਂ ਅਤੇ ਉਨ੍ਹਾਂ ਦੇ ਬੱਚਿਆਂ ਪ੍ਰਤੀ ਆਪਣਾ ਦਰਦ ਦਰਸਾਇਆ ਹੈ। ਇਸ ਮੌਕੇ ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਅਤੇ ਗੁਰਦੇਵ ਸਿੰਘ ਟਿਵਾਣਾ ਵੀ ਮੌਜੂਦ ਸਨ ।
