ਮਾਨ ਸਰਕਾਰ ਡਾ. ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰ ਰਹੀ ਹੈ : ਗੁਰਲਾਲ ਘਨੌਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 17 April, 2025, 12:29 PM

ਘਨੌਰ/ਪਟਿਆਲਾ 17 ਅਪ੍ਰੈਲ : ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰ ਰਹੀ ਹੈ । ਅੱਜ ਇੱਥੇ ਆਪਣੀ ਰਿਹਾਇਸ਼ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਕਾਨੂੰਨ ਅਫ਼ਸਰਾਂ ਦੀ ਭਰਤੀ ਵਿੱਚ ਰਾਖਵਾਂਕਰਨ ਦੇ ਕੇ ਅਸਲ ਵਿੱਚ ਦਲਿਤਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਸਰਕਾਰ ਬਣੀ ਹੈ ।

ਮੌਜੂਦਾ ਪੰਜਾਬ ਸਰਕਾਰ ਹੀ ਅਸਲ ‘ਚ ਦਲਿਤਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਸਰਕਾਰ
ਗੁਰਲਾਲ ਨੇ ਕਿਹਾ ਕਿ ਅੱਜ ਤੱਕ ਦੇਸ਼ ਭਰ ਦੀਆਂ ਸਾਰੀਆਂ ਹਾਈ ਕੋਰਟਾਂ ਤੇ ਰਾਜਾਂ ਦੇ ਸਰਕਾਰੀ ਵਕੀਲਾਂ ਜਾਂ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸ. ਸੀ., ਐਸ. ਟੀ. ਲਈ ਕੋਈ ਰਾਖਵਾਂਕਰਨ ਨਹੀਂ ਸੀ, ਪਰ ਹੁਣ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਵਕੀਲਾਂ ਦੀਆਂ ਅਸਾਮੀਆਂ ਹਨ, ਖਾਸ ਕਰਕੇ ਹਾਈ ਕੋਰਟ ਵਿੱਚ, ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਵਕੀਲਾਂ ਨੂੰ ਰਾਖਵੇਂ ਕਰਨ ਦਾ ਲਾਭ ਦੇ ਕੇ ਵੱਡਾ ਫੈਸਲਾ ਕੀਤਾ ਹੈ ।

ਪੰਜਾਬ ਦੇ ਦਲਿਤ ਵਰਗਾਂ ਦੇ ਬਣਦੇ ਹੱਕ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ : ਐਮ. ਐਲ. ਏ. ਗੁਰਲਾਲ

ਵਿਧਾਇਕ ਗੁਰਲਾਲ ਘਨੌਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੋਚ ਸਦਕਾ ਸੂਬੇ ਦੇ ਦਲਿਤ ਵਰਗਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 2017 ਦੇ ਐਕਟ ਵਿੱਚ ਸੋਧ ਕਰਕੇ ਪਹਿਲੀ ਵਾਰ 58 ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ ਅਤੇ ਲਾਅ ਅਫ਼ਸਰਾਂ ਦੀ ਭਰਤੀ ਲਈ ਆਮਦਨ ਦੀਆਂ ਸ਼ਰਤਾਂ ਵੀ ਨਰਮ ਕੀਤੀਆਂ ਗਈਆਂ, ਜਿਸ ਨਾਲ ਹੁਣ ਸਾਡੀ ਨਿਆਂ ਪ੍ਰਣਾਲੀ ਵਿੱਚ ਰਾਖਵਾਂਕਰਨ ਦਾ ਸਿੱਧਾ ਲਾਭ ਦਲਿਤਾਂ ਦੇ ਬੱਚਿਆਂ ਨੂੰ ਮਿਲ ਸਕੇਗਾ ।