ਡਾਈਟ ਸੰਗਰੂਰ ‘ਚ ਆਧੁਨਿਕ ਆਡੀਟੋਰੀਅਮ ਦੀ ਸੌਗਾਤ ਲੋਕ ਅਰਪਣ ਕਰਨ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ

ਸੰਗਰੂਰ, 15 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ (ਡਾਈਟ) ਸੰਗਰੂਰ ‘ਚ 4 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਆਡੀਟੋਰੀਅਮ ਨੂੰ ਲੋਕ ਅਰਪਣ ਕੀਤਾ ਗਿਆ । ਸੰਗਰੂਰ ਹਲਕੇ ਨੂੰ ਇਹ ਮਾਣਮੱਤੀ ਸੌਗਾਤ ਮਿਲਣ ‘ਤੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਆਧੁਨਿਕ ਇਮਾਰਤ ਦੇ ਬਣਨ ਨਾਲ ਸਿੱਖਿਆ ਵਿਭਾਗ ਨੂੰ ਵੱਡਾ ਫਾਇਦਾ ਮਿਲੇਗਾ । ਉਨ੍ਹਾਂ ਕਿਹਾ ਕਿ ਹੁਣ ਅਧਿਆਪਕਾਂ ਦੇ ਵੱਡੇ ਸਮੂਹ ਨੂੰ ਇੱਕੋ ਵੇਲੇ ਬਹੁਤ ਚੰਗੇ ਅਤੇ ਉਸਾਰੂ ਮਾਹੌਲ ਵਿੱਚ ਅਧਿਆਪਨ ਦੀ ਸਿਖਲਾਈ ਦਿੱਤੀ ਜਾ ਸਕੇਗੀ ।
ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਹਨ ਸ਼ਲਾਘਾਯੋਗ ਉਪਰਾਲੇ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ । ਵਿਧਾਇਕ ਭਰਾਜ ਨੇ ਕਿਹਾ ਕਿ ਸੰਗਰੂਰ ਹਲਕੇ ਨੂੰ ਪਹਿਲਾਂ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਦੇ ਨਵੀਨੀਕਰਨ ਦਾ ਤੋਹਫ਼ਾ ਮਿਲਿਆ ਸੀ ਅਤੇ ਹੁਣ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਸੁਧਾਰ ਸਦਕਾ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਾਤ ਪਾਉਣ ਦੇ ਕਾਬਲ ਬਣਾਏ ਜਾ ਰਹੇ ਹਨ । ਉਨ੍ਹਾਂ ਇੱਕ ਵਾਰ ਮੁੜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਕੂਲ ਸਿੱਖਿਆ ਨੂੰ ਸੁਧਾਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਧੰਨਵਾਦ ਕੀਤਾ ।
