ਛਾਜਲੀ ਨੂੰ ਸਕੂਲ ਆਫ ਐਮੀਨੈਂਸ ਦੀ ਸੌਗਾਤ ਦੇਣ ਲਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ

ਦੁਆਰਾ: Punjab Bani ਪ੍ਰਕਾਸ਼ਿਤ :Wednesday, 16 April, 2025, 11:28 AM

ਦਿੜ੍ਹਬਾ/ ਸੰਗਰੂਰ 16 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਹੈ ਕਿ ਪਿੰਡ ਛਾਜਲੀ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਕੇ ਸਕੂਲ ਆਫ ਐਮੀਨੈਂਸ ਵਜੋਂ ਤਿਆਰ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਦਿਆਰਥੀਆਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਜੋ ਕਿ ਵਿਧਾਨ ਸਭਾ ਹਲਕਾ ਦਿੜਬਾ ਵਿੱਚ ਸਿੱਖਿਆ ਨੂੰ ਵਿਆਪਕ ਪੱਧਰ ਤੇ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਦੀ ਕੜੀ ਵਿੱਚ ਇੱਕ ਅਹਿਮ ਤੇ ਇਤਿਹਾਸਿਕ ਉਪਰਾਲਾ ਸਾਬਤ ਹੋਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਇੱਕ ਵੱਡੀ ਸੌਗਾਤ ਇੱਥੋਂ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਹੈ ਜਿਸ ਲਈ ਹਲਕਾ ਨਿਵਾਸੀ ਹਮੇਸ਼ਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਰਿਣੀ ਰਹਿਣਗੇ ।

ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਸਰਕਾਰੀ ਸਕੂਲ ਸੁਵਿਧਾਵਾਂ ਪੱਖੋਂ ਮੋਹਰੀ ਬਣਾਏ ਜਾਣਗੇ : ਹਰਪਾਲ ਸਿੰਘ ਚੀਮਾ

ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਇਸ ਸਕੂਲ ਨੂੰ ਸੁਵਿਧਾਵਾਂ ਪੱਖੋਂ ਸਰਵੋਤਮ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਗਿਆ ਹੈ ਜਿਸ ਨਾਲ ਇਥੇ ਪੜਦੇ ਵਿਦਿਆਰਥੀ ਸਮੇਂ ਦੇ ਹਾਣੀ ਬਣਨਗੇ ਅਤੇ ਉਹਨਾਂ ਨੂੰ ਇਥੋਂ ਬਾਰਵੀਂ ਕਰਨ ਤੋਂ ਬਾਅਦ ਉਚੇਰੀ ਸਿੱਖਿਆ ਵਿੱਚ ਵਧੀਆ ਪੁਜੀਸ਼ਨਾਂ ਹਾਸਲ ਕਰਨ ਦੇ ਸਮਰੱਥ ਬਣਾਇਆ ਜਾ ਸਕੇਗਾ । ਉਹਨਾਂ ਦੱਸਿਆ ਕਿ ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸਣ ਵਿੱਚ ਸਾਰਥਕ ਭੂਮਿਕਾ ਅਦਾ ਕਰ ਰਹੇ ਹਨ ਅਤੇ ਇਸੇ ਕਾਰਨ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਗਏ ਹਨ ਅਤੇ ਅੱਜ ਛਾਜਲੀ ਵਿਖੇ ਇਸ ਸਕੂਲ ਦਾ ਰਸਮੀ ਤੌਰ ਤੇ ਉਦਘਾਟਨ ਕਰਨ ਤੋਂ ਬਾਅਦ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਇੱਕੋ ਇੱਕ ਮਕਸਦ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਬੁਲੰਦੀਆਂ ਤੇ ਲਿਜਾਉਣ ਦੇ ਟੀਚੇ ਨੂੰ ਸਾਕਾਰ ਕਰਨਾ ਹੈ ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿਵਾਇਆ ਵਿਸ਼ਵਾਸ 

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸ਼ਵਾਸ ਦਿਵਾਇਆ ਕਿ ਉਹ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ, ਸਰਕਾਰੀ ਮਿਡਲ ਸਕੂਲਾਂ, ਸਰਕਾਰੀ ਹਾਈ ਸਕੂਲਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਰਵੋਤਮ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਪੜਾਅਵਾਰ ਢੰਗ ਨਾਲ ਇਸ ਕਾਰਜ ਨੂੰ ਨੇਪਰੇ ਚੜਾਇਆ ਜਾ ਰਿਹਾ ਹੈ ।