ਨੌਜਵਾਨਾਂ ਦਾ ਸੁਨਹਿਰਾ ਭਵਿੱਖ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਮਾਨ ਸਰਕਾਰ : ਕੁਲਵੰਤ ਸਿੰਘ ਬਾਜ਼ੀਗਰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 09 April, 2025, 03:57 PM

ਸ਼ੁਤਰਾਣਾ/ਪਟਿਆਲਾ, 9 ਅਪ੍ਰੈਲ : ਸ਼ੁਤਰਾਣਾ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਨੌਜਵਾਨਾਂ ਦਾ ਸੁਨਹਿਰਾ ਭਵਿੱਖ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਣਥੱਕ ਮਿਹਨਤ ਕਰ ਰਹੀ ਹੈ ।

ਐਮ.ਐਲ.ਏ. ਕੁਲਵੰਤ ਸਿੰਘ ਬਾਜ਼ੀਗਰ ਨੇ ਹਲਕੇ ਦੇ 10 ਸਕੂਲਾਂ ‘ਚ 1 ਕਰੋੜ 72 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਉਨ੍ਹਾਂ ਕਿਹਾ ਕਿ ਪਿਛਲੇ ਤਿੰਨਾਂ ਸਾਲਾਂ ਦੌਰਾਨ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀ ਗਈਆਂ ਹਨ ਤੇ ਕੱਚੇ ਅਧਿਆਪਕ ਪੱਕੇ ਕਰਨ ਸਮੇਤ ਵੱਡੀ ਗਿਣਤੀ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ, ਇਹ ਪ੍ਰਗਟਾਵਾਂ ਉਨ੍ਹਾਂ ਸ਼ੁਤਰਾਣਾ ਹਲਕੇ ਦੇ 10 ਸਕੂਲਾਂ ਦੇ ਵਿੱਚ ਹੋਏ 1 ਕਰੋੜ 72 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ ।

ਪੰਜਾਬ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਵਿਧਾਇਕ

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਅੱਜ ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਢਾਬੀ ਗੁਜਰਾਂ, ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਸ਼ੇਰਗੜ੍ਹ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਗੁਲਜ਼ਾਰਪੁਰ, ਸਰਕਾਰੀ ਪ੍ਰਾਇਮਰੀ ਸਕੂਲ ਗਲੋਲੀ, ਸਰਕਾਰੀ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਅਰਨੋ ਤੇ ਸਰਕਾਰੀ ਪ੍ਰਾਇਮਰੀ ਸਕੂਲ ਗੁਰਦਿਤਾਪੁਰਾ ਦੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਸਿੱਖਿਆ ਦੇ ਸੁਧਾਰ ਵੱਲ ਕਦਮ ਵਧਾਉਣੇ ਸ਼ੁਰੂ ਕਰ ਦਿੱਤੇ ਸਨ
ਇਸ ਮੌਕੇ ਵਿਦਿਆਰਥੀਆਂ, ਮਾਪਿਆਂ ਦੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਸਿੱਖਿਆ ਦੇ ਸੁਧਾਰ ਵੱਲ ਕਦਮ ਵਧਾਉਣੇ ਸ਼ੁਰੂ ਕਰ ਦਿੱਤੇ ਸਨ, ਜਿਸ ਸਦਕਾ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਅਧਿਆਪਕਾਂ ਨੂੰ ਵਿਸ਼ਵਪੱਧਰੀ ਟਰੇਨਿੰਗ ਦਿਵਾਉਣ ਲਈ ਵੱਖ ਵੱਖ ਦੇਸ਼ਾਂ ਵਿੱਚ ਭੇਜਿਆ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਅੰਦਰ ਕੁਝ ਵੱਡਾ ਕਰਨ ਦੀ ਚਿਣਗ ਪੈਦਾ ਕਰਨ ਲਈ ਆਈ.ਆਈ.ਐਮ ਤੇ ਆਈ.ਆਈ.ਟੀ. ਵਰਗੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਦੇ ਟੂਰ ਕਰਵਾਏ ਜਾ ਰਹੇ ਹਨ ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ‘ਚ ਪੜਦੇ ਵਿਦਿਆਰਥੀਆਂ ਨੂੰ ਹਰੇਕ ਸਹੂਲਤ ਉਪਲਬੱਧ ਕਰਵਾਈ ਜਾਵੇਗੀ
ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ‘ਚ ਪੜਦੇ ਵਿਦਿਆਰਥੀਆਂ ਨੂੰ ਹਰੇਕ ਸਹੂਲਤ ਉਪਲਬੱਧ ਕਰਵਾਈ ਜਾਵੇਗੀ ਤਾਂ ਜੋ ਇਨ੍ਹਾਂ ਸਕੂਲਾਂ ‘ਚ ਪੜਦੇ ਵਿਦਿਆਰਥੀ ਆਪਣੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਨੇ ਜੋ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਆਉਣ ਵਾਲੇ ਸਮੇਂ ਵਿੱਚ ਇਸ ਦੇ ਸਾਰਥਕ ਨਤੀਜੇ ਸਾਡੇ ਸਾਹਮਣੇ ਇਨ੍ਹਾਂ ਬੱਚਿਆਂ ਦੀ ਤਰੱਕੀ ਦੇ ਰੂਪ ਵਿੱਚ ਆਉਣਗੇ ।