ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅਨਾਜ ਮੰਡੀ ਸੰਗਰੂਰ ਦਾ ਜਾਇਜ਼ਾ, ਕਣਕ ਦੀ ਬੋਲੀ ਸ਼ੁਰੂ ਕਰਵਾਈ

ਸੰਗਰੂਰ, 9 ਅਪ੍ਰੈਲ : ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਅਨਾਜ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਵਾਲੇ ਕਿਸਾਨਾਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਮਿਆਰੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਸਮੇਤ ਅਨਾਜ ਮੰਡੀ ਸੰਗਰੂਰ ਵਿਖੇ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ ।
ਜ਼ਿਲ੍ਹੇ ਦੀ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ ਦਿੱਕਤ ਪੇਸ਼ ਨਹੀਂ ਆਵੇਗੀ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਅੱਜ ਬੋਲੀ ਸ਼ੁਰੂ ਕਰਵਾਉਣ ਮਗਰੋਂ ਦੱਸਿਆ ਕਿ ਅੱਜ ਸੰਗਰੂਰ ਮੰਡੀ ਵਿੱਚ ਕਣਕ ਦੀ ਆਮਦ ਹੋਈ ਸੀ ਜਿਸ ਦੀ ਖਰੀਦ ਪ੍ਰਾਈਵੇਟ ਵਪਾਰੀਆਂ ਵੱਲੋਂ ਹੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਜਿਥੇ ਕਿਸਾਨਾਂ ਦੇ ਬੈਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਆਰੀ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਪੀਣ ਲਈ ਸਾਫ਼ ਪਾਣੀ, ਰੌਸ਼ਨੀ, ਪਖਾਨਾ ਸੁਵਿਧਾ ਆਦਿ ਦਾ ਇੰਤਜ਼ਾਮ ਕੀਤਾ ਗਿਆ ਹੈ ।
ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਮਾਰਕੀਟ ਕਮੇਟੀ ਚੇਅਰਮੈਨ ਅਵਤਾਰ ਸਿੰਘ ਈਲਵਾਲ ਵੀ ਰਹੇ ਮੌਜੂਦ
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਆਂਦੀ ਜਾਣ ਵਾਲੀ ਕਣਕ ਨੂੰ ਮੀਂਹ ਆਦਿ ਤੋਂ ਬਚਾਉਣ ਲਈ ਜਿਥੇ ਸਮੂਹ ਮੰਡੀਆਂ ਵਿੱਚ ਲੋੜ ਮੁਤਾਬਕ ਤਰਪਾਲਾਂ ਦੇ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਕਣਕ ਦੀ ਸੁਚੱਜੀ ਲਿਫਟਿੰਗ ਅਤੇ ਸਰਕਾਰ ਵੱਲੋਂ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਦਾਇਗੀ ਦੇ ਆਦੇਸ਼ ਵੀ ਦਿੱਤੇ ਗਏ ਹਨ । ਡਿਪਟੀ ਕਮਿਸ਼ਨਰ ਨੇ ਕਣਕ ਦੇ ਖਰੀਦ ਦੇ ਨਾਲ ਸੰਬੰਧਿਤ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਰਕਾਰੀ ਖਰੀਦ ਏਜੰਸੀਆਂ ਦੇ ਜਿਲਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਅਤੇ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਜਾਵੇ ।
