ਏ.ਡੀ.ਸੀ. ਨੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਲਗਦੀਆਂ ਯੋਗਾ ਕਲਾਸਾਂ ਦਾ ਲਿਆ ਜਾਇਜ਼ਾ

ਪਟਿਆਲਾ, 21 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਇੱਥੇ ਵਾਤਾਵਰਣ ਪਾਰਕ ਸਮੇਤ ਜ਼ਿਲ੍ਹੇ ਦੇ ਕਈ ਹੋਰਨਾਂ ਥਾਵਾਂ ਵਿਖੇ ਲੱਗ ਰਹੀਆਂ ਸੀ.ਐਮ. ਦੀ ਯੋਗਸ਼ਾਲਾ ਦੀਆਂ ਕਲਾਸਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਅਹਿਮ ਪ੍ਰਾਜੈਕਟ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਚੱਲ ਰਹੀਆਂ ਯੋਗ ਕਲਾਸਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੰਭੀਰਤਾ ਨਾਲ ਮੁਲੰਕਣ ਕੀਤਾ ਜਾਂਦਾ ਹੈ ਤਾਂਕਿ ਜ਼ਿਲ੍ਹਾ ਨਿਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਡਰੀਮ ਪ੍ਰਾਜੈਕਟ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾ ਸਕੇ।
ਇਸ਼ਾ ਸਿੰਗਲ ਨੇ ਦੱਸਿਆ ਕਿ ਉਨ੍ਹਾਂ ਨੇ ਵਾਤਾਵਰਣ ਪਾਰਕ ਸਮੇਤ ਕਈ ਹੋਰਨਾਂ ਥਾਵਾਂ ‘ਤੇ ਅਚਾਨਕ ਸੀ.ਐਮ. ਦੀ ਯੋਗਸ਼ਾਲਾ ਕਲਾਸਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਹੈ ਅਤੇ ਇੱਥੇ ਯੋਗ ਕਰਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕਰਕੇ ਫੀਡਬੈਕ ਵੀ ਹਾਸਲ ਕੀਤੀ ਹੈ।
ਏ.ਡੀ.ਸੀ. ਨੇ ਕਿਹਾ ਕਿ ਲੋਕ ਸੀ.ਐਮ. ਦੀ ਯੋਗਸ਼ਾਲਾ ਦੀਆਂ ਕਲਾਸਾਂ ਤੋਂ ਖੁਸ਼ ਹਨ, ਇਸੇ ਲਈ ਜ਼ਿਲ੍ਹੇ ਅੰਦਰ 11 ਹਜ਼ਾਰ ਤੋਂ ਵਧੇਰੇ ਲੋਕ ਯੋਗਾ ਦਾ ਲਾਭ ਲੈ ਰਹੇ ਹਨ, ਕਿਉਂਕਿ ‘ਸੀ ਐਮ ਦੀ ਯੋਗਸ਼ਾਲਾ’ ਸਿਰਫ ਸਰੀਰਕ ਸਿਹਤ ਲਈ ਨਹੀਂ, ਸਗੋਂ ਮਾਨਸਿਕ ਸ਼ਾਂਤੀ ਅਤੇ ਜੀਵਨ ਸ਼ੈਲੀ ਵਿੱਚ ਸੁਧਾਰ ਲਈ ਵੀ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਖੁਦ ਵੀ ਨਿਯਮਤ ਤੌਰ ‘ਤੇ ਯੋਗ ਅਭਿਆਸ ਕਰਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਵੀ ਸੀ.ਐਮ. ਦੀ ਯੋਗਸ਼ਾਲਾ ਦਾ ਜਰੂਰ ਲਾਭ ਲੈਣ।
ਇਸ਼ਾ ਸਿੰਗਲ ਨੇ ਸੀ.ਐਮ. ਦੀ ਯੋਗਸ਼ਾਲਾ ਨਾਲ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੋਗਸ਼ਾਲਾ ਪ੍ਰੋਜੈਕਟ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਨਿਸ਼ਚਿਤ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਅਗਲੇ ਹਫ਼ਤੇ ਹੋਰ ਕਈ ਕੇਂਦਰਾਂ ਦਾ ਵੀ ਦੌਰਾ ਕੀਤਾ ਜਾਵੇਗਾ ਤਾਂ ਜੋ ਇਸ ਪਹਿਲ ਨੂੰ ਲਗਾਤਾਰ ਨਿਗਰਾਨੀ ਹੇਠ ਲਿਆਂਦਾ ਜਾ ਸਕੇ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਦੇ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਨਿਯਮਤ ਯੋਗ ਅਭਿਆਸ ਵੱਲ ਪ੍ਰੇਰਿਤ ਕਰਨਾ ਹੈ।
