ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 17 April, 2025, 05:45 PM

ਪਟਿਆਲਾ, ਸਨੌਰ, 17 ਅਪ੍ਰੈਲ : ‘ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਜਨ ਜਾਤੀਆਂ ਦੇ ਹੱਕ ‘ਚ ਲਿਆ ਗਿਆ ਫੈਸਲਾ ਦਲਿਤਾਂ ਦੇ ਨੌਜਵਾਨਾਂ ਲਈ ਤਰੱਕੀ ਦੇ ਰਸਤੇ ਖੋਲ੍ਹੇਗਾ।’ ਇਹ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕੀਤਾ । ਅੱਜ ਇੱਥੇ ਆਪਣੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਠਾਣਮਾਜਰਾ ਨੇ ਕਿਹਾ ਕਿ ਜੋ ਕੰਮ ਪਿਛਲੇ 75 ਸਾਲਾਂ ਤੋਂ ਦੇਸ਼ ਉਪਰ ਰਾਜ ਕਰਦੀਆਂ ਰਵਾਇਤੀ ਪਾਰਟੀਆਂ ਨਹੀਂ ਕਰ ਸਕੀਆਂ, ਉਹ ਕੁਝ ਸਾਲ ਪਹਿਲਾਂ ਹੋਂਦ ‘ਚ ਆਈ ਆਮ ਆਦਮੀ ਪਾਰਟੀ ਨੇ ਕਰ ਵਿਖਾਇਆ ਹੈ । ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੇ ਹਿਤਾਂ ਦੀ ਰੱਖਿਆ ਕਰਨ ਲਈ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਈ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਪੰਜਾਬ ਦੀ ਵਾਹਦ ਇੱਕੋ ਇੱਕ ਸਰਕਾਰ ਸਾਬਤ ਹੋਈ ਹੈ, ਜਿਸ ਨੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਦੀ ਜ਼ੁਰਅਤ ਵਿਖਾਈ ਹੈ ।

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੇ ਹੱਕ ‘ਚ ਲਿਆ ਫੈਸਲਾ ਦਲਿਤਾਂ ਦੇ ਨੌਜਵਾਨਾਂ ਲਈ ਤਰੱਕੀ ਦੇ ਰਸਤੇ ਖੋਲ੍ਹੇਗਾ

ਹਰਮੀਤ ਸਿੰਘ ਪਠਾਣਮਾਜਰਾ ਨੇ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਸਮੇਤ ਐਡਵੋਕੇਟ ਜਨਰਲ ਦਫ਼ਤਰ ਤੇ ਲਾਅ ਅਫ਼ਸਰਾਂ ਤੇ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸ. ਸੀ., ਐਸ. ਟੀ. ਲਈ ਰਾਖਵਾਂਕਰਨ ਦੇਣ ਦੇ ਕੀਤੇ ਫੈਸਲੇ ਦੀ ਪੁਰਜ਼ੋਰ ਸ਼ਬਦਾਂ ‘ਚ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਫੈਸਲੇ ਨਾਲ ਲੰਬੇ ਸਮੇਂ ਆਪਣੇ ਹੱਕਾਂ ਤੋਂ ਵਾਂਝੇ ਦਲਿਤਾਂ ਨੂੰ ਆਪਣਾ ਹੱਕ ਹੁਣ ਮਿਲਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 2017 ਦੇ ਐਕਟ ਵਿੱਚ ਸੋਧ ਕਰਕੇ ਪਹਿਲੀ ਵਾਰ 58 ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ, ਜਿਸ ਨੂੰ ਰਵਾਇਤੀ ਪਾਰਟੀਆਂ ਕਰਨ ‘ਚ ਅਸਫ਼ਲ ਰਹੀਆਂ ਸਨ ।

ਆਮ ਆਦਮੀ ਪਾਰਟੀ ਦੀ ਇਮਾਨਦਾਰ ਸੋਚ ਹੈ

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਇਮਾਨਦਾਰ ਸੋਚ ਹੈ, ਜਿਸ ਲਈ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ, ਦੋ ਚੀਜ਼ਾਂ ‘ਤੇ ਕੰਮ ਕਰ ਰਹੀ ਹੈ ਪਹਿਲਾ ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਖਾਤਮਾ ਅਤੇ ਦੂਜਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਸਲ ਅਰਥਾਂ ਵਿੱਚ ਲਾਗੂ ਕਰਨਾ ।