ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਲਾਨਾ ਅਥਲੈਟਿਕ ਮੀਟ ਸ਼ੁਰੂ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਲਾਨਾ ਅਥਲੈਟਿਕ ਮੀਟ ਸ਼ੁਰੂ
ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ
ਧੂਰੀ/ ਸੰਗਰੂਰ, 2 ਮਾਰਚ : ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਅੱਜ ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਆਯੋਜਿਤ ਸਲਾਨਾ ਅਥਲੈਟਿਕ ਮੀਟ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੌਜੂਦ ਵੱਡੀ ਗਿਣਤੀ ਖਿਡਾਰੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਖੇਡਾਂ ਵਤਨ ਪੰਜਾਬ ਦੀਆਂ ਨਾਮ ਹੇਠ ਬਲਾਕ, ਜ਼ਿਲਾ ਅਤੇ ਸੂਬਾ ਪੱਧਰ ਉੱਤੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਨਾਲ ਪੰਜਾਬ ਵਿੱਚ ਖੇਡ ਗਤੀਵਿਧੀਆਂ ਵਿੱਚ ਵੱਡਾ ਵਾਧਾ ਹੋਇਆ ਹੈ । ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਖਿਡਾਰੀਆਂ ਨੂੰ ਕਿਹਾ ਕਿ ਖੇਡਾਂ ਨਾਲ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ ਇਸ ਲਈ ਸਿੱਖਿਆ ਦੇ ਨਾਲ ਨਾਲ ਜਿੰਦਗੀ ਵਿੱਚ ਖੇਡਾਂ ਪ੍ਰਤੀ ਆਪਣੀ ਦਿਲਚਸਪੀ ਨੂੰ ਕਾਇਮ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਬੁਲੰਦੀਆਂ ਨੂੰ ਹਾਸਲ ਕਰਨ ਲਈ ਨਿਯਮਿਤ ਅਭਿਆਸ, ਸਖਤ ਮਿਹਨਤ ਅਤੇ ਦ੍ਰਿੜ ਇਰਾਦੇ ਦੀ ਜਰੂਰਤ ਹੁੰਦੀ ਹੈ ਅਤੇ ਇਸ ਕਾਲਜ ਦੇ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਖੇਡ ਖੇਤਰ ਦੇ ਹੀਰੇ ਬਣ ਕੇ ਆਪਣੀ ਚਮਕ ਦੂਰ ਦੁਰਾਡੇ ਫੈਲਾਉਣ ਦੇ ਸਮਰੱਥ ਹਨ । ਚੇਅਰਮੈਨ ਦਲਵੀਰ ਸਿੰਘ ਢਿੱਲੋ ਦੇ ਕਾਲਜ ਦੇ ਪ੍ਰਬੰਧਕਾਂ ਨੂੰ ਇਸ ਉੱਧਮ ਲਈ ਮੁਬਾਰਕਬਾਦ ਦਿੱਤੀ ਅਤੇ ਕਾਲਜ ਦੀਆਂ ਅਹਿਮ ਜਰੂਰਤਾਂ ਦਾ ਜਾਇਜ਼ਾ ਲਿਆ। ਉਹਨਾਂ ਨੇ ਦੱਸਿਆ ਕਿ ਇਹਨਾਂ ਜਰੂਰਤਾਂ ਨੂੰ ਤਰਜੀਹ ਦੇ ਆਧਾਰ ਤੇ ਪੂਰਾ ਕਰਵਾਉਣ ਲਈ ਉਹ ਢੁਕਵੇ ਕਦਮ ਚੁੱਕਣਗੇ ।
