ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆ
ਕਿਹਾ, ਕਿਸਾਨਾਂ ਨੂੰ ਤੇਜ਼ੀ ਨਾਲ ਵੰਡੀ ਜਾਵੇ ਸਬਸਿਡੀ
ਚੰਡੀਗੜ੍ਹ, 3 ਮਾਰਚ : ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਕੀਤੀ । ਮੀਟਿੰਗ ਦੌਰਾਨ, ਮੰਤਰੀ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ ਪਾਰਦਰਸ਼ੀ ਅਤੇ ਸਮੇਂ ਸਿਰ ਵੰਡ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬਜਟ ਵੰਡ, ਕਰਮਚਾਰੀਆਂ ਦੀਆਂ ਸਮੱਸਿਆਵਾਂ ਅਤੇ ਉਨ੍ਹਾ ਦੀ ਤਰੱਕੀ ਅਤੇ ਨਿਯੁਕਤੀ ਸਮੇਤ ਮੁੱਖ ਵਿਭਾਗੀ ਮਸਲਿਆਂ ਦੀ ਸਮੀਖਿਆ ਕੀਤੀ । ਬਾਗਬਾਨੀ ਡਾਇਰੈਕਟਰ ਸ਼੍ਰੀਮਤੀ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਚੱਲ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਨੇ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦ੍ਰਿੜਾਇਆ । ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਕਿਸਾਨ-ਕੇਂਦ੍ਰਿਤ ਯੋਜਨਾਵਾਂ ਬਾਰੇ ਜਾਗਰੂਕਤਾ ਮੁਹਿੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਬਾਗਬਾਨੀ ਖੇਤਰ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਮੁਲਾਜ਼ਮਾਂ ਨੂੰ ਬਣਦੀਆਂ ਤਰੱਕੀਆਂ ਦੇਣ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ । ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਨਿਰੰਤਰ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਤਾਂ ਜੋ ਸੂਬੇ ਦਾ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਬਿਹਤਰ ਮੌਕੇ ਯਕੀਨੀ ਬਣਾਏ ਜਾ ਸਕਣ ।
