ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਤਹਿਸੀਲਦਾਰ ਕਰਨਗੇ ਅੱਜ ਤੋਂ ਹੜ੍ਹਤਾਲ

ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਤਹਿਸੀਲਦਾਰ ਕਰਨਗੇ ਅੱਜ ਤੋਂ ਹੜ੍ਹਤਾਲ
ਫਰੀਦਕੋਟ : ਤਹਿਸੀਲਦਾਰ ਯੂਨੀਅਨ ਦੇ ਕਾਰਜਕਾਰੀ ਸੂਬਾਈ ਪ੍ਰਧਾਨ ਲਛਮਣ ਸਿੰਘ ਨੇ ਸੂਬੇ ਭਰ ਦੇ ਤਹਿਸੀਲਦਾਰਾਂ ਵਲੋਂ 4 ਮਾਰਚ ਨੂੰ ਹੜ੍ਹਤਾਲ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ ਹੜ੍ਹਤਾਲ ਤਹਿਸੀਲਦਾਰਾਂ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਸਭ ਤੋਂ ਵੱਡੀ ਮੰਗ ਅਧਿਕਾਰੀਆਂ ਅਤੇ ਵੱਖ-ਵੱਖ ਏਜੰਸੀਆਂ ਵੱਲੋਂ ਉਨ੍ਹਾਂ ਦੇ ਕੰਮ ਵਿੱਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਦੀ ਹੈ। ਯੂਨੀਅਨ ਵੱਲੋਂ ਦਿੱਤੇ ਸੁਝਾਵਾਂ ’ਤੇ ਸਰਕਾਰ ਕੋਈ ਕਾਰਵਾਈ ਨਹੀਂ ਕਰਦੀ ਪਰ ਜੇਕਰ ਕਿਸੇ ਕਿਸਮ ਦੀ ਬੇਨਿਯਮੀ ਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਤਹਿਸੀਲਦਾਰ ਵਿਰੁੱਧ ਕੇਸ ਦਰਜ ਕੀਤਾ ਜਾਂਦਾ ਹੈ ਜਦੋਂ ਕਿ ਹਰ ਰੋਜ਼ ਸੈਂਕੜੇ ਰਜਿਸਟਰੀਆਂ ਹੁੰਦੀਆਂ ਹਨ । ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਦਸਤਾਵੇਜ਼ਾਂ ਦੀ ਜਾਂਚ ਕਰਨ ਲਈ ਬਹੁਤ ਘੱਟ ਸਮਾਂ ਮਿਲਦਾ ਹੈ। ਕਈ ਵਾਰ ਲੋਕ ਗਲਤ ਦਸਤਾਵੇਜ਼ ਤਿਆਰ ਕਰ ਲੈਂਦੇ ਹਨ ਪਰ ਫੜੇ ਨਹੀਂ ਜਾਂਦੇ ਅਤੇ ਜੇਕਰ ਉਹ ਇਸ ਬਾਰੇ ਪਤਾ ਲੱਗਣ ’ਤੇ ਸ਼ਿਕਾਇਤ ਕਰਦੇ ਹਨ ਤਾਂ ਪਹਿਲਾ ਸ਼ੱਕ ਤਹਿਸੀਲਦਾਰ ’ਤੇ ਹੀ ਪੈਂਦਾ ਹੈ । ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਮੂਹ ਤਹਿਸੀਲਦਾਰਾਂ ਵਲੋਂ ਲੁਧਿਆਣਾ ਵਿਖੇ ਇਕੱਠੇ ਹੋ ਕੇ ਆਉਣ ਵਾਲੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ । ਤਹਿਸੀਲਦਾਰ ਯੂਨੀਅਨ ਦੇ ਕਾਰਜਕਾਰੀ ਸੂਬਾਈ ਪ੍ਰਧਾਨ ਲਛਮਣ ਸਿੰਘ ਨੇ ਦੱਸਿਆ ਕਿ ਸਰਕਾਰ, ਅਧਿਕਾਰੀਆਂ ਅਤੇ ਏਜੰਸੀਆਂ ਦਾ ਵਤੀਰਾ ਉਨ੍ਹਾਂ ਪ੍ਰਤੀ ਠੀਕ ਨਹੀਂ ਹੈ, ਇਸ ਲਈ ਤਹਿਸੀਲਦਾਰ ਪਹਿਲਾਂ ਵੀ ਆਪਣੇ ਮਾਣ-ਸਨਮਾਨ ਅਤੇ ਹੱਕਾਂ ਲਈ ਸਰਕਾਰ ਅੱਗੇ ਆਵਾਜ਼ ਉਠਾਉਂਦੇ ਰਹੇ ਹਨ ਪਰ ਸਰਕਾਰ ਇਸ ਪਾਸੇ ਧਿਆਨ ਨਹੀਂ ਦਿੰਦੀ । ਇਸ ਤੋਂ ਇਲਾਵਾ ਸਰਕਾਰ ਵੀ ਉਨ੍ਹਾਂ ਦੀ ਸੁਰੱਖਿਆ ਵੱਲ ਧਿਆਨ ਨਹੀਂ ਦੇ ਰਹੀ, ਇਸ ਲਈ ਇੱਕ ਰੋਜ਼ਾ ਹੜਤਾਲ ਕੀਤੀ ਜਾ ਰਹੀ ਹੈ ਅਤੇ ਭਵਿੱਖੀ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ, ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਅਗਲਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ।
