ਮੁੱਖ ਮੰਤਰੀ ਦਾ ਸ਼੍ਰੋਮਣੀ ਕਮੇਟੀ ਨੂੰ ਸਵਾਲ; ਤੁਸੀਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਅਧਿਕਾਰ ਸਿਰਫ਼ ਇਕ ਚੈਨਲ ਨੂੰ ਸੌਂਪਣ ਲਈ ਉਤਾਵਲੇ ਕਿਉਂ ਹੋ?
ਮੁੱਖ ਮੰਤਰੀ ਦਾ ਸ਼੍ਰੋਮਣੀ ਕਮੇਟੀ ਨੂੰ ਸਵਾਲ; ਤੁਸੀਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਅਧਿਕਾਰ ਸਿਰਫ਼ ਇਕ ਚੈਨਲ ਨੂੰ ਸੌਂਪਣ ਲਈ ਉਤਾਵਲੇ ਕਿਉਂ ਹੋ?
* ਸਰਕਾਰ 24 ਘੰਟਿਆਂ ਵਿੱਚ ਮੁਫ਼ਤ ਪ੍ਰਸਾਰਨ ਸੇਵਾ ਲਈ ਸਾਰੇ ਪ੍ਰਬੰਧ ਕਰਨ ਲਈ ਤਿਆਰ
ਚੰਡੀਗੜ੍ਹ, 22 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਸ੍ਰੀ ਦਰਬਾਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ ਸਭ ਲਈ ਮੁਫ਼ਤ ਕਰਨ ਦੀ ਬਜਾਏ ਸਿਰਫ਼ ਇਕ ਚੈਨਲ ਨੂੰ ਦੇਣ ਲਈ ਕਾਹਲ ਕਿਉਂ ਦਿਖਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਭਾਈਚਾਰੇ, ਫਿਰਕੂ ਸਦਭਾਵਨਾ ਅਤੇ ਵਿਸ਼ਵ ਸ਼ਾਂਤੀ ਦੇ ਸੰਕਲਪ ਨੂੰ ਮਜ਼ਬੂਤ ਕਰਨ ਲਈ ਪਵਿੱਤਰ ਗੁਰਬਾਣੀ ਦਾ ਸੰਦੇਸ਼ ਦੁਨੀਆ ਭਰ ਵਿੱਚ ਫੈਲਣਾ ਚਾਹੀਦਾ ਹੈ। ਉਨ੍ਹਾਂ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਗੁਰਬਾਣੀ ਦਾ ਪ੍ਰਸਾਰਨ ਹਰੇਕ ਲਈ ਮੁਫ਼ਤ ਕਰਨ ਦੀ ਵਕਾਲਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਆ ਰਹੀ ਹੈ ਤਾਂ ਸੂਬਾ ਸਰਕਾਰ ਇਸ ਸੇਵਾ ਲਈ 24 ਘੰਟਿਆਂ ਵਿੱਚ ਸਾਰੇ ਪ੍ਰਬੰਧ ਕਰਨ ਲਈ ਤਿਆਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ‘ਸਰਬੱਤ ਦੇ ਭਲੇ’ ਦਾ ਸੰਦੇਸ਼ ਦੁਨੀਆ ਭਰ ਵਿੱਚ ਫੈਲਾਉਣ ਲਈ ਸਰਬ ਸਾਂਝੀ ਗੁਰਬਾਣੀ ਦਾ ਵੱਧ ਤੋਂ ਵੱਧ ਪ੍ਰਚਾਰ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਲੰਮੇ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਨ ਦਾ ਅਧਿਕਾਰ ਸਿਰਫ਼ ਇਕ ਨਿੱਜੀ ਚੈਨਲ ਨੂੰ ਹੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨੂੰ ਸਿਰਫ਼ ਇਕ ਚੈਨਲ ਤੱਕ ਮਹਿਦੂਦ ਕਰਨ ਦੀ ਥਾਂ ਸਾਰੇ ਚੈਨਲਾਂ ਨੂੰ ਮੁਫ਼ਤ ਵਿੱਚ ਪ੍ਰਸਾਰਨ ਦਾ ਅਧਿਕਾਰ ਹੋਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਹੰਭਲੇ ਨਾਲ ਜਿੱਥੇ ਸੰਗਤ ਨੂੰ ਆਪਣੇ ਘਰ ਜਾਂ ਵਿਦੇਸ਼ਾਂ ਵਿੱਚ ਬੈਠੇ-ਬਿਠਾਏ ਗੁਰਬਾਣੀ ਸੁਣਨ ਦਾ ਮੌਕਾ ਮਿਲੇਗਾ, ਉੱਥੇ ਉਹ ਆਪਣੇ ਟੈਲੀਵਿਜ਼ਨਾਂ ਜਾਂ ਹੋਰ ਇਲੈਕਟ੍ਰਾਨਿਕ ਉਪਕਰਨਾਂ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰ ਕਰ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਚੈਨਲਾਂ ਉਤੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਲਈ ਅਤਿ-ਆਧੁਨਿਕ ਉਪਕਰਨ ਲਾਉਣ ਲਈ ਹੋਣ ਵਾਲਾ ਸਾਰਾ ਖ਼ਰਚ ਚੁੱਕਣ ਦਾ ਫ਼ਰਜ਼ ਨਿਭਾਉਣ ਲਈ ਸੂਬਾ ਸਰਕਾਰ ਤਿਆਰ ਹੈ। ਉਨ੍ਹਾਂ ਕਿਹਾ ਕਿ ਹੋਰ ਚੈਨਲਾਂ ਰਾਹੀਂ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਲਈ ਲੱਗਣ ਵਾਲੇ ਆਧੁਨਿਕ ਕੈਮਰਿਆਂ ਤੇ ਪ੍ਰਸਾਰਨ ਉਪਕਰਨਾਂ ਸਣੇ ਸ੍ਰੀ ਦਰਬਾਰ ਸਾਹਿਬ ਵਿੱਚ ਆਧੁਨਿਕ ਬੁਨਿਆਦੀ ਢਾਂਚੇ/ਤਕਨਾਲੋਜੀ ਦਾ ਸਮੁੱਚਾ ਖ਼ਰਚ ਚੁੱਕਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਅਫ਼ਸੋਸ ਜਤਾਇਆ ਕਿ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਅਧਿਕਾਰ ਯਕੀਨੀ ਬਣਾਉਣ ਦੀ ਬਜਾਏ ਸ਼੍ਰੋਮਣੀ ਕਮੇਟੀ ਇਕ ਸ਼ਕਤੀਸ਼ਾਲੀ ਸਿਆਸੀ ਪਰਿਵਾਰ ਨੂੰ ਖ਼ੁਸ਼ ਕਰਨ ਲਈ ਉਸੇ ਚੈਨਲ ਨੂੰ ਮੁੜ ਪ੍ਰਸਾਰਨ ਅਧਿਕਾਰ ਦੇਣ ਲਈ ਰਾਹ ਲੱਭ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਬਾਦਲਾਂ ਦੇ ਇਸ ਖ਼ਾਸ ਚੈਨਲ ਦਾ ਪੱਖ ਪੂਰਨ ਲਈ ਸ਼੍ਰੋਮਣੀ ਕਮੇਟੀ ਨੇ ਇਕ ਹੋਰ ਕਦਮ ਚੁੱਕਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਜਾਪਦਾ ਹੈ ਕਿ ਇਸ ਪਰਿਵਾਰ ਅਤੇ ਇਸ ਚੈਨਲ ਦੇ ਲਾਲਚ ਦਾ ਕੋਈ ਅੰਤ ਨਹੀਂ ਹੈ।