ਖ਼ਾਲਸਾ ਕਾਲਜ ਪਟਿਆਲਾ ਦੇ ਵਿਕਾਸ ਲਈ ਸ. ਦਰਸ਼ਨ ਸਿੰਘ ਧਾਲੀਵਾਲ ਵੱਲੋਂ 10 ਲੱਖ ਦੀ ਰਾਸ਼ੀ ਭੇਟ

ਖ਼ਾਲਸਾ ਕਾਲਜ ਪਟਿਆਲਾ ਦੇ ਵਿਕਾਸ ਲਈ ਸ. ਦਰਸ਼ਨ ਸਿੰਘ ਧਾਲੀਵਾਲ ਵੱਲੋਂ 10 ਲੱਖ ਦੀ ਰਾਸ਼ੀ ਭੇਟ
ਉੱਘੇ ਕਾਰੋਬਾਰੀ, ਸਮਾਜ ਸੇਵੀ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਸਮਰਪਿਤ ਸਖ਼ਸ਼ੀਅਤ ਸ. ਦਰਸ਼ਨ ਸਿੰਘ ਧਾਲੀਵਾਲ ਵੱਲੋਂ ਖ਼ਾਲਸਾ ਕਾਲਜ ਪਟਿਆਲਾ ਦੇ ਵਿਕਾਸ ਲਈ 10 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਵਰਨਣਯੋਗ ਹੈ ਕਿ ਸ. ਦਰਸ਼ਨ ਸਿੰਘ ਧਾਲੀਵਾਲ ਖ਼ਾਲਸਾ ਕਾਲਜ ਪਟਿਆਲਾ ਦੇ ਸਾਬਕਾ ਵਿਦਿਆਰਥੀ ਹਨ ਅਤੇ ਅੱਜ ਕੱਲ੍ਹ ਉਹ ਯੂ.ਐਸ.ਏ. ਰਹਿ ਕੇ ਕਾਰੋਬਾਰ ਕਰ ਰਹੇ ਹਨ। ਪਿਛਲੇ ਸਮੇਂ ਦੌਰਾਨ ਉਨ੍ਹਾਂ ਨੂੰ ਭਾਰਤ ਸਰਕਾਰ ਵਲੋਂ ਉਘੇ ਭਾਰਤੀ ਪਰਵਾਸੀ ਕਾਰੋਬਾਰੀ ਵਜੋਂ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਹ ਵੀ ਵਰਨਣਯੋਗ ਹੈ ਕਿ ਸ. ਦਰਸ਼ਨ ਸਿੰਘ ਧਾਲੀਵਾਲ ਪੰਜਾਬ ਦੇ ਰੱਖੜਾ ਪਰਿਵਾਰ ਨਾਲ ਸਬੰਧ ਰੱਖਦੇ ਹਨ। ਜਿਸ ਦਾ ਪੰਜਾਬ ਦੀ ਰਾਜਨੀਤੀ ਅਤੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਮਹੱਤਵਪੂਰਨ ਯੋਗਦਾਨ ਹੈ।
ਡਾ. ਧਰਮਿੰਦਰ ਸਿੰਘ ਉੱਭਾ ਪ੍ਰਿੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਇਸ ਮੌਕੇ ਸ. ਦਰਸ਼ਨ ਸਿੰਘ ਧਾਲੀਵਾਲ, ਸ. ਸੁਰਜੀਤ ਸਿੰਘ ਰੱਖੜਾ, ਸ. ਚਰਨਜੀਤ ਸਿੰਘ ਰੱਖੜਾ ਅਤੇ ਸਮੁੱਚੇ ਰੱਖੜਾ ਪਰਿਵਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਖ਼ਾਲਸਾ ਕਾਲਜ ਨਾਲ ਜੁੜਿਆ ਹੋਇਆ ਹੈ। ਜਿੱਥੇ ਸ. ਸੁਰਜੀਤ ਸਿੰਘ ਰੱਖੜਾ ਕਾਲਜ ਦੇ ਆਨਰੇਰੀ ਸਕੱਤਰ ਵਜੋਂ ਕਾਰਜਸ਼ੀਲ ਹਨ ਉਥੇ ਸ. ਦਰਸ਼ਨ ਸਿੰਘ ਧਾਲੀਵਾਲ ਵੀ ਕਾਲਜ ਦੇ ਵਿਕਾਸ ਵਿੱਚ ਆਪਣਾ ਬਹੁਮੁੱਲਾ ਯੋਗਦਾਨ ਦਿੰਦੇ ਰਹਿੰਦੇ ਹਨ। ਹਾਲ ਹੀ ਵਿੱਚ ਕਾਲਜ ਨੂੰ ਦਿੱਤੇ 10 ਲੱਖ ਰੁਪਏ ਲਈ ਵੀ ਉਨ੍ਹਾਂ ਨੇ ਸ. ਦਰਸ਼ਨ ਸਿੰਘ ਧਾਲੀਵਾਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਰੱਖੜਾ ਪਰਿਵਾਰ ਤੇ ਸ. ਦਰਸ਼ਨ ਸਿੰਘ ਧਾਲੀਵਾਲ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਕੀਤੇ ਗਏ ਬਹੁਮੁੱਲੇ ਕਾਰਜਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਪਰਿਵਾਰ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਬਿਹਤਰ ਭਵਿੱਖ ਲਈ ਅਨੇਕਾਂ ਮਹੱਤਵਪੂਰਨ ਕਾਰਜ ਕੀਤੇ ਗਏ ਹਨ।
