ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ: ਬਲਕਾਰ ਸਿੰਘ

ਦੁਆਰਾ: Punjab Bani ਪ੍ਰਕਾਸ਼ਿਤ :Sunday, 20 August, 2023, 03:34 PM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ: ਬਲਕਾਰ ਸਿੰਘ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਜਲਾਲਾਬਾਦ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ

ਚੰਡੀਗੜ੍ਹ, 20 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨਾਲ ਉਨ੍ਹਾਂ ਦੇ ਹਲਕੇ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਦੇ ਮੁਲਾਂਕਣ ਸਬੰਧੀ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਲਾਲਾਬਾਦ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਅਤੇ ਵਿਧਾਇਕ ਵਿਚਕਾਰ ਜਲਾਲਾਬਾਦ ਵਿਖੇ ਬੁਨਿਆਦੀ ਢਾਂਚੇ ਦੇ ਵਿਕਾਸ, ਰਹਿੰਦ ਖੂਹੰਦ ਪ੍ਰਬੰਧਨ, ਸੈਨੀਟੇਸ਼ਨ ਅਤੇ ਨਾਗਰਿਕ ਸਹੂਲਤਾਂ ਵਰਗੇ ਨਾਜ਼ੁਕ ਪਹਿਲੂਆਂ ‘ਤੇ ਬੜੀ ਗਹਿਰਾਈ ਨਾਲ ਚਰਚਾ ਕੀਤੀ ਗਈ। ਉਨ੍ਹਾਂ ਸਮੁੱਚੇ ਸ਼ਹਿਰੀ ਲੈਂਡਸਕੇਪ ਨੂੰ ਵਧਾਉਣ ਲਈ ਕੀਮਤੀ ਸੂਝ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਇਹ ਸਹਿਯੋਗੀ ਪਹਿਲਕਦਮੀ ਬਿਹਤਰ ਸ਼ਹਿਰੀ ਜੀਵਨ ਹਾਲਾਤਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਸਮੱਰਪਣ ਨੂੰ ਦਰਸਾਉਂਦੀ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਵਿੱਚ ਚਲ ਰਹੇ ਅਤੇ ਨਵੇਂ ਉਲੀਕੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਗੱਲ ਦਾ ਵੀ ਵਿਸ਼ੇਸ਼ ਧਿਆਨ ਰੱਖ ਰਹੀ ਹੈ ਕਿ ਵਿਕਾਸ ਕਾਰਜ ਵਧੀਆ ਗੁਣਵੱਤਾ ਭਰਪੂਰ ਹੋਣ।

ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਹੋਰ ਹਾਜ਼ਰ ਸਨ।