ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ
-ਮਾਡਲ ਨਸ਼ਾ ਮੁਕਤੀ ਕੇਂਦਰ ਦੀ ਛੱਤ ‘ਤੇ ਪਾਣੀ ਦੀ ਲੀਕੇਜ ਦਾ ਲਿਆ ਗੰਭੀਰ ਨੋਟਿਸ, ਤੁਰੰਤ ਮੁਰੰਮਤ ਦੇ ਨਿਰਦੇਸ਼
-ਕਿਹਾ, ਸਰਕਾਰੀ ਇਮਾਰਤਾਂ ਦੀ ਸਾਫ਼ ਸਫ਼ਾਈ ਵੱਲ ਦਿੱਤਾ ਜਾਵੇ ਵਿਸ਼ੇਸ਼ ਧਿਆਨ
ਪਟਿਆਲਾ, 26 ਅਗਸਤ:
ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮਾਡਲ ਨਸ਼ਾ ਮੁਕਤੀ ਕੇਂਦਰ ਦੀ ਛੱਤ ‘ਤੇ ਪਾਣੀ ਦੀ ਲੀਕੇਜ ਦਾ ਗੰਭੀਰ ਨੋਟਿਸ ਲੈਂਦਿਆਂ ਤੁਰੰਤ ਮੁਰੰਮਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਪ੍ਰਬੰਧਕੀ ਅਮਲੇ ਨੂੰ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਦੀਆਂ ਛੱਤਾਂ ‘ਤੇ ਪਈਆਂ ਪਾਣੀ ਦੀਆਂ ਟੈਂਕੀਆਂ ਦੀ ਨਿਯਮਤ ਤੌਰ ‘ਤੇ ਸਫ਼ਾਈ ਕਰਵਾਈ ਜਾਵੇ ਅਤੇ ਇਮਾਰਤ ਦੀ ਮੁਰੰਮਤ ਲਈ ਲੋਕ ਨਿਰਮਾਣ ਵਿਭਾਗ ਨਾਲ ਰਾਬਤਾ ਕੀਤਾ ਜਾਵੇ। ਉੁਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਆਪਣੇ ਘਰਾਂ ਦੀ ਸਾਫ਼ ਸਫ਼ਾਈ ਦਾ ਖਿਆਲ ਰੱਖਦੇ ਹਾਂ, ਜੇਕਰ ਉਸੇ ਤਰ੍ਹਾਂ ਆਪਣੇ ਕੰਮ ਕਰਨ ਵਾਲੇ ਸਥਾਨਾਂ ਦੀ ਸਫ਼ਾਈ ਵੱਲ ਧਿਆਨ ਦੇਈਏ ਤਾਂ ਸਰਕਾਰੀ ਇਮਾਰਤਾਂ ਦੀ ਮਿਆਦ ਵੀ ਵਧੇਗੀ ਤੇ ਲੋਕਾਂ ਨੂੰ ਵੀ ਹੋਰ ਬਿਹਤਰ ਸਹੂਲਤਾਂ ਮਿਲ ਸਕਣਗੀਆਂ।
ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਬਣੇ ਮਾਡਲ ਨਸ਼ਾ ਮੁਕਤੀ ਕੇਂਦਰ ਦੀ ਸਮੁੱਚੀ ਬਿਲਡਿੰਗ ਨੂੰ ਹੋਰ ਬਿਹਤਰ ਢੰਗ ਨਾਲ ਵਰਤਣ ਲਈ ਪਲਾਨ ਤਿਆਰ ਕਰਨ ਸਮੇਤ ਇਥੇ ਪਏ ਬੁਨਿਆਦੀ ਢਾਂਚੇ, ਸਾਜੋ ਸਾਮਾਨ ਤੇ ਮਸ਼ੀਨਰੀ ਦੀ ਮਰੀਜ਼ਾ ਦੀ ਭਲਾਈ ਲਈ ਪੂਰੀ ਸਮਰਥਾ ਨਾਲ ਵਰਤੋਂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਖੇਤਰ ਲਈ ਫ਼ੰਡਾਂ ਦੀ ਕੋਈ ਤੋਟ ਨਹੀਂ ਰੱਖੀ ਹੈ, ਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਕਰਨਲ ਜੇ.ਵੀ. ਸਿੰਘ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਮਨੋਰੋਗ ਵਿਭਾਗ ਦੇ ਮੁਖੀ ਡਾ. ਰਜਨੀਸ਼ ਕੁਮਾਰ, ਬਲਵਿੰਦਰ ਸੈਣੀ, ਡੀ.ਐਮ.ਐਸ. ਡਾ. ਵਿਨੋਦ ਡੰਗਵਾਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
