ਪਟਿਆਲਾ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਪਟਿਆਲਾ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
-ਵਿਕਾਸ ਕਾਰਜਾਂ ਦੇ ਚੱਲ ਰਹੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ : ਡਿਪਟੀ ਕਮਿਸ਼ਨਰ
ਪਟਿਆਲਾ, 8 ਸਤੰਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ ਵੱਖ ਵਿਭਾਗਾਂ ਅਧੀਨ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮ ਮਿਥੇ ਸਮੇਂ ‘ਚ ਮੁਕੰਮਲ ਕੀਤੇ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ।
ਮਹੀਨਾਵਾਰ ਮੀਟਿੰਗ ਕਰਦਿਆਂ ਸਾਕਸ਼ੀ ਸਾਹਨੀ ਨੇ ਮੰਡੀ ਬੋਰਡ, ਸੀਵਰੇਜ ਬੋਰਡ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਡਰੇਨੇਜ਼, ਜੰਗਲਾਤ ਵਿਭਾਗ, ਪੰਜਾਬ ਲੋਕ ਨਿਰਮਾਣ ਵਿਭਾਗ ਅਤੇ ਪੀ.ਆਰ.ਟੀ.ਸੀ. ਅਧੀਨ ਚੱਲ ਰਹੇ ਵੱਖ ਵੱਖ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਕੰਮ ਦੀ ਪ੍ਰਗਤੀ ਦੀ ਰਿਪੋਰਟ ਡੀ.ਸੀ. ਡੈਸਬੋਰਡ ‘ਚ ਅਪਡੇਟ ਕਰਨਾ ਯਕੀਨੀ ਬਣਾਉਣ ਤਾਂ ਜੋ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਪਟਿਆਲਾ ਦੇ ਨਹਿਰੀ ਪਾਣੀ ਪ੍ਰੋਜੈਕਟ ਦਾ ਜਾਇਜ਼ਾ ਲੈਦਿਆਂ ਕੰਮ ਨੂੰ ਹੋਰ ਤੇਜ ਕਰਨ ਦੀ ਹਦਾਇਤ ਕੀਤੀ ਇਸ ਮੌਕੇ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੰਮ 56 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ ਤੇ ਤੈਅ ਸਮੇਂ ਅੰਦਰ ਮੁਕੰਮਲ ਹੋ ਜਾਵੇਗਾ। ਮੀਟਿੰਗ ਦੌਰਾਨ ਉਨ੍ਹਾਂ ਨਾਭਾ ਦੇ ਐਮ.ਐਲ.ਡੀ. ਐਸ.ਟੀ.ਪੀ. ਅਤੇ ਘਨੌਰ ਦੇ ਐਮ.ਐਲ.ਡੀ. ਐਸ.ਟੀ.ਪੀ. ਜਿਨ੍ਹਾਂ ਦਾ ਕ੍ਰਮਵਾਰ ਕੰਮ 93 ਫ਼ੀਸਦੀ ਅਤੇ 72 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ ਨੂੰ ਜਲਦੀ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਜੰਗਲਾਤ ਵਿਭਾਗ ਨੂੰ ਬੀਰ ਖੇੜੀ ਗੁੱਜਰਾਂ ਵਿੱਚ ਬਣ ਰਹੇ ਪਾਰਕ ਨੂੰ ਜਿਸ ਦਾ 90 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਨੂੰ ਤੁਰੰਤ ਮੁਕੰਮਲ ਕਰਨ ਅਤੇ ਪਟਿਆਲਾ ਸਰਹਿੰਦ ਰੋਡ ‘ਤੇ ਬਣ ਰਹੇ ਪਾਰਕ ਦਾ ਕੰਮ ਹੋਰ ਤੇਜ ਕਰਨ ਲਈ ਕਿਹਾ।