ਰਾਜਾ ਵੜਿੰਗ ਦੀ ਗ੍ਰਿਫਤਾਰੀ ਨੂੰ ਲੈ ਕੇ ਚੰਡੀਗੜ ਵਿਚ ਕਾਂਗਰਸੀਆਂ ਨੇ ਕੀਤਾ ਪ੍ਰਦਰਸ਼ਨ
ਚੰਡੀਗੜ੍ਹ, 01 ਸਤੰਬਰ 2026 : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖਿਲਾਫ ਦਰਜ ਐਫਆਈਆਰ ਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗ੍ਰਿਫਤਾਰੀ ਨੂੰ ਲੈ ਕੇ ਅੱਜ ਕਾਂਗਰਸੀ ਨੇਤਾਵਾਂ ਵਲੋ ਚੰਡੀਗੜ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ , ਜਿਸਨੂੰ ਲੈ ਕੇ ਪੁਲਸ ਕਰਮਚਾਰੀਆਂ ਵਲੋ ਕਈ ਕਾਂਗਰਸੀਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ । ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਦੇ ਬਾਹਰ ਹੋਏ ਇਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਅਤੇ ਚੰਡੀਗੜ੍ਹ ਪੁਲਿਸ ਵਿਚਕਾਰ ਕਾਫ਼ੀ ਦੇਰ ਤੱਕ ਤਕਰਾਰ ਦੀ ਸਥਿਤੀ ਬਣੀ ਰਹੀ। ਮਾਹੌਲ ਨੂੰ ਦੇਖਦਿਆਂ ਪੁਲਿਸ ਵੱਲੋਂ ਮੌਕੇ ’ਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਸਨ।
ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ ਨੇ ਕੀਤੀ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਮਾਮਲੇ ਨੂੰ ਸਿਆਸੀ ਬਦਲਾਖੋਰੀ ਨਾਲ ਜੋੜਦਿਆਂ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉੱਤਰਾਖੰਡ ਦੇ ਹਲਦਵਾਨੀ ਵਿੱਚ ਕਥਿਤ ‘ਸ਼ੁੱਧੀਕਰਨ’ ਮਾਮਲੇ ਨੂੰ ਲੈ ਕੇ ਹੋਈ ਕਾਰਵਾਈ ਅਤੇ ਰਾਜਾ ਵੜਿੰਗ ਖ਼ਿਲਾਫ਼ ਜਾਰੀ ਗ੍ਰਿਫ਼ਤਾਰੀ ਹੁਕਮਾਂ ਦਾ ਵੀ ਵਿਰੋਧ ਕੀਤਾ ਗਿਆ।
ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਡਾ. ਰਾਜਕੁਮਾਰ ਵੇਰਕਾ ਸਮੇਤ ਉਨ੍ਹਾਂ ਦੇ ਕੁਝ ਸਮਰਥਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਬਾਅਦ ਵਿੱਚ ਉਨ੍ਹਾਂ ਨੂੰ ਸੈਕਟਰ-11 ਸਥਿਤ ਪੁਲਿਸ ਥਾਣੇ ਲਿਜਾਇਆ ਗਿਆ, ਜਿੱਥੇ ਕਰੀਬ ਅੱਧੇ ਘੰਟੇ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।