ਰਾਜਾ ਵੜਿੰਗ ਦੇ ਅਸਤੀਫੇ ਮਗਰੋ ਤੇਜ ਹੋਈਆਂ ਸਿਆਸੀ ਚਰਚਾਵਾਂ, ਦਿੱਲੀ ਤਲਬ
ਚੰਡੀਗੜ੍ਹ, 1 ਅਕਤੂਬਰ : ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਅੰਦਰ ਇੱਕ ਵੱਡੀ ਰਾਜਨੀਤਿਕ ਹਲਚਲ ਦੇਖਣ ਨੂੰ ਮਿਲੀ ਹੈ। ਸੂਬਾ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਕਾਰਨ ਹੁਣ ਸਿਆਸੀ ਚਰਚਾਵਾਂ ਬਹੁਤ ਤੇਜ ਹੋ ਗਈਆਂ ਹਨ।
ਜਾਣਕਾਰੀ ਦੇ ਅਨੁਸਾਰ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਬਦਲਾਅ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਕਾਂਗਰਸ ਹਾਈਕਮਾਂਡ ਦੇ ਨਿਰਦੇਸ਼ਾਂ ਤੋਂ ਬਾਅਦ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਲੀ ਤਲਬ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਪਾਰਟੀ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨਾਲ ਮੁਲਾਕਾਤ ਤੋਂ ਬਾਅਦ ਵੜਿੰਗ ਵੱਲੋਂ ਰਸਮੀ ਤੌਰ ‘ਤੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਜਾਵੇਗਾ।
ਰਾਜਾ ਵੜਿੰਗ ਨੇ ਬੀਤੇ ਦਿਨ ਤੋਂ ਹੀ ਆਪਣੇ ਸਾਰੇ ਸਿਆਸੀ ਤੇ ਜਨਤਕ ਪ੍ਰੋਗਰਾਮ ਸੀਮਤ ਕਰ ਦਿੱਤੇ ਸਨ। ਹਾਈਕਮਾਂਡ ਵੱਲੋਂ ਪੰਜਾਬ ਦੇ ਨਵੇਂ ਪ੍ਰਧਾਨ ਦੇ ਨਾਂ ਦਾ ਐਲਾਨ ਕਿਸੇ ਵੀ ਵੇਲੇ ਕੀਤਾ ਜਾ ਸਕਦਾ ਹੈ।