ਤੇਜ ਪ੍ਰਕਾਸ਼ ਸਿੰਘ ਨੂੰ ਚੰਡੀਗੜ੍ਹ ’ਚ ਸਰਕਾਰੀ ਘਰ ’ਚ ਰਹਿਣ ਦੀ ਮਿਲੀ ਰਾਹਤ, ਪਟੀਸ਼ਨ ਹੋਈ ਰੱਦ
ਚੰਡੀਗੜ੍ਹ, 9 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੁਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ ਸਿੰਘ ਨੂੰ ਸਰਕਾਰੀ ਘਰ ਵਿਚ ਰਹਿਣ ਦੀ ਵੱਡੀ ਰਾਹਤ ਦਿੰਦਿਆਂ ਇਕ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਜਾਣਕਾਰੀ ਦੇ ਅਨੁਸਾਰ ਤੇਜ ਪ੍ਰਕਾਸ਼ ਸਿੰਘ ਵੱਲੋਂ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿੱਚ ਲਗਾਤਾਰ ਰਹਿਣ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ਰੱਦ ਕਰ ਦਿੱਤੀ ਹੈ।
ਅਦਾਲਤ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਵੱਲੋਂ ਸਰਕਾਰੀ ਰਿਹਾਇਸ਼ ਆਪਣੇ ਕੋਲ ਰੱਖਣ ਦੇ ਮਾਮਲਿਆਂ ਵਿੱਚ ਸੁਪਰੀਮ ਕੋਰਟ ਵੱਲੋਂ ਜਾਰੀ ਆਮ ਨਿਰਦੇਸ਼ਾਂ ਦੀ ਵਰਤੋਂ ਸੁਰੱਖਿਆ ਕਾਰਨਾਂ ਕਰਕੇ ਕਿਸੇ ਵਿਅਕਤੀ ਨੂੰ ਸਰਕਾਰੀ ਘਰ ਵਿੱਚ ਰਹਿਣ ਦੀ ਇਜਾਜ਼ਤ ਦੇਣ ਸਬੰਧੀ ਪ੍ਰਸ਼ਾਸਨ ਦੇ ਫ਼ੈਸਲੇ ’ਤੇ ਸਵਾਲ ਉਠਾਉਣ ਲਈ ਨਹੀਂ ਕੀਤੀ ਜਾ ਸਕਦੀ।
ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਅਗਵਾਈ ਵਾਲੇ ਬੈਂਚ ਨੇ ਟਿੱਪਣੀ ਕੀਤੀ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸਬੰਧਤ ਵਿਅਕਤੀ ਨੂੰ ਦਰਪੇਸ਼ ਸੁਰੱਖਿਆ ਖ਼ਤਰੇ ਦੀ ਧਾਰਨਾ (ਥ੍ਰੈੱਟ ਪਰਸੈਪਸ਼ਨ) ਅਤੇ ਖੁਫ਼ੀਆ ਜਾਣਕਾਰੀਆਂ ’ਤੇ ਵਿਚਾਰ ਕਰਨ ਤੋਂ ਬਾਅਦ ਇੱਕ “ਸੁਚੇਤ ਫ਼ੈਸਲਾ” ਲਿਆ ਸੀ।
ਬੈਂਚ ਨੇ ਕਿਹਾ ਕਿ ਇਹ ਮਾਮਲਾ ਸੁਪਰੀਮ ਕੋਰਟ ਦੇ ਉਨ੍ਹਾਂ ਨਿਰਦੇਸ਼ਾਂ ਦੇ ਦਾਇਰੇ ਵਿੱਚ ਆਉਣ ਵਾਲੇ ਮਾਮਲਿਆਂ ਤੋਂ ਵੱਖਰਾ ਹੈ, ਜਿਨ੍ਹਾਂ ਦਾ ਸਬੰਧ ਸਰਕਾਰੀ ਮੁਲਾਜ਼ਮਾਂ ਵੱਲੋਂ ਸਰਕਾਰੀ ਰਿਹਾਇਸ਼ਾਂ ’ਤੇ ਕਬਜ਼ਾ ਜਾਰੀ ਰੱਖਣ ਨਾਲ ਹੈ। ਇਸ ਆਧਾਰ ’ਤੇ ਹਾਈ ਕੋਰਟ ਨੇ ਤੇਜ ਪ੍ਰਕਾਸ਼ ਸਿੰਘ ਦੀ ਸਰਕਾਰੀ ਰਿਹਾਇਸ਼ ਵਿੱਚ ਲਗਾਤਾਰ ਰਹਿਣ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ਰੱਦ ਕਰ ਦਿੱਤੀ।