ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਖੇਤਰੀ ਕਿਸਾਨ ਮੇਲਾ 22 ਸਤੰਬਰ ਨੂੰ
ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਖੇਤਰੀ ਕਿਸਾਨ ਮੇਲਾ 22 ਸਤੰਬਰ ਨੂੰ
ਪਟਿਆਲਾ, 19 ਸਤੰਬਰ:
ਵਿਗਿਆਨਕ ਖੇਤੀ ਦੇ ਰੰਗ, ਪੀ.ਏ.ਯੂ. ਦੇ ਕਿਸਾਨ ਮੇਲਿਆਂ ਸੰਗ ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ 22 ਸਤੰਬਰ, 2023 ਨੂੰ ਲਗਾਇਆ ਜਾ ਰਿਹਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਦੱਸਿਆ ਕਿ ਕੈਬਨਿਟ ਮੰਤਰੀ, ਵਿੱਤ ਯੋਜਨਾ ਪ੍ਰੋਗਰਾਮ, ਆਬਕਾਰੀ ਅਤੇ ਕਰ ਵਿਭਾਗ ਸ੍ਰੀ. ਹਰਪਾਲ ਸਿੰਘ ਚੀਮਾ ਇਸ ਮੇਲੇ ਦੇ ਮੁੱਖ ਮਹਿਮਾਨ ਹੋਣਗੇ ਅਤੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ, ਬਾਗਬਾਨੀ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ. ਚੇਤਨ ਸਿੰਘ ਜੌੜਾਮਾਜਰਾ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਇਸ ਮੇਲੇ ਵਿਚ ਸ਼ਿਰਕਤ ਕਰਨਗੇ। ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਰਨਗੇ।
ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਨਵੀਂਆਂ ਸਿਫ਼ਾਰਸ਼ਾਂ, ਤਕਨੀਕਾਂ ਅਤੇ ਖੇਤੀ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇਗੀ। ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਸਿਫ਼ਾਰਸ਼ ਕੀਤੇ ਹੋਏ ਬੀਜ, ਤੇਲ ਬੀਜ, ਵੱਖ-ਵੱਖ ਸਬਜ਼ੀਆਂ ਦੇ ਬੀਜ ਅਤੇ ਫਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ। ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰ ਸਕਣਗੇ।
ਉਨ੍ਹਾਂ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਵੱਡੀ ਪੱਧਰ ਤੇ ਸਵੈ-ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨ, ਸਵੈ-ਸਹਾਇਤਾ ਸਮੂਹ ਅਤੇ ਨਿੱਜੀ ਕੰਪਨੀਆਂ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ., ਪਟਿਆਲਾ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਵਿਹੜੇ ਵਿਚ 22 ਸਤੰਬਰ, 2023 ਨੂੰ ਹੁੰਮ-ਹੁੰਮਾਂ ਕੇ ਪਹੁੰਚਣ ਦੀ ਅਪੀਲ ਕੀਤੀ ਹੈ।