ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤਿੰਨ ਟਿੱਪਰ ਸੰਗਰੂਰ ਟ੍ਰੈਫਿਕ ਪੁਲਿਸ ਵੱਲੋਂ ਇਮਪਾਊਂਡ
ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤਿੰਨ ਟਿੱਪਰ ਸੰਗਰੂਰ ਟ੍ਰੈਫਿਕ ਪੁਲਿਸ ਵੱਲੋਂ ਇਮਪਾਊਂਡ
ਖਨੌਰੀ/ਸੰਗਰੂਰ, 21 ਨਵੰਬਰ : ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਤਿੰਨ ਟਿੱਪਰਾਂ ਨੂੰ ਥਾਣਾ ਖਨੌਰੀ ਵਿੱਚ ਇਮਪਾਊਂਡ ਕੀਤਾ ਗਿਆ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਇੰਚਾਰਜ ਜ਼ਿਲ੍ਹਾ ਟਰੈਫਿਕ ਸੰਗਰੂਰ ਪਵਨ ਕੁਮਾਰ ਨੇ ਦੱਸਿਆ ਕਿ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮਿਲੀ ਸੂਚਨਾ ਦੇ ਆਧਾਰ ‘ਤੇ ਟ੍ਰੈਫਿਕ ਪੁਲਿਸ ਵੱਲੋਂ ਖਨੌਰੀ ਇਲਾਕੇ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਵਾਹਨਾਂ ਦੇ ਚਾਲਾਨ ਕਰਨ ਦੇ ਨਾਲ-ਨਾਲ ਇਨ੍ਹਾਂ ਤਿੰਨ ਟਿੱਪਰਾਂ ਨੂੰ ਮੋਟਰ ਵਹੀਕਲ ਐਕਟ ਦੀ ਧਾਰਾ 207 ਦੇ ਤਹਿਤ ਬੰਦ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਟਿੱਪਰ ਚਾਲਕਾਂ ਕੋਲ ਲੀਂੜੀਦੇ ਕਾਗਜ਼ਾਤ ਨਹੀਂ ਸਨ ਅਤੇ ਇਸ ਤੋਂ ਇਲਾਵਾ ਇਨ੍ਹਾਂ ਵਾਹਨਾਂ ਉੱਪਰ ਨੰਬਰ ਪਲੇਟਾਂ ਵੀ ਨਹੀਂ ਲੱਗੀਆਂ ਹੋਈਆਂ ਸਨ । ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਸੰਗਰੂਰ ਟ੍ਰੈਫਿਕ ਪੁਲਿਸ ਵੱਲੋਂ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਸੁਚੇਤ ਕਰਨ ਅਤੇ ਇਹਨਾਂ ਦੀ ਪਾਲਣਾ ਕਰਵਾਉਣ ਲਈ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਕਿਸੇ ਵੀ ਵਾਹਨ ਚਾਲਕ ਨੂੰ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਮਾਮਲਾ ਧਿਆਨ ਵਿੱਚ ਆਉਣ ‘ਤੇ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਟ੍ਰੈਫਿਕ ਸੰਗਰੂਰ, ਸਹਾਇਤ ਥਾਣੇਦਾਰ ਰਾਮ ਪ੍ਰਤਾਪ, ਪੀ.ਐਚ.ਜੀ. ਮਨਜੀਤ ਸਿੰਘ ਵੀ ਹਾਜ਼ਰ ਸਨ ।