ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਣ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਹੁਕਮ ਲਾਗੂ ਕਰਵਾਉਣ 'ਤੇ ਜ਼ੋਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 19 November, 2024, 04:49 PM

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਣ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਹੁਕਮ ਲਾਗੂ ਕਰਵਾਉਣ ‘ਤੇ ਜ਼ੋਰ
-ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਕੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦਾ ਲਿਆ ਜਾਇਜ਼ਾ
ਪਟਿਆਲਾ, 19 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਮੌਕੇ ਸੁਪਰੀਮ ਕੋਰਟ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਸਖ਼ਤੀ ਨਾਲ ਰੋਕ ਲਾਉਣ ਦੇ ਹੁਕਮਾਂ ਦੀ ਪਾਲਣਾ ਕਰਨ ‘ਤੇ ਜ਼ੋਰ ਦਿੱਤਾ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਵੇਂ ਕਿ ਸੀਜ਼ਨ ਮੁਕਣ ਕਰਕੇ ਜ਼ਿਲ੍ਹੇ ਅੰਦਰ 100 ਫੀਸਦੀ ਦੇ ਕਰੀਬ ਝੋਨੇ ਦੀ ਕਟਾਈ ਹੋ ਚੁੱਕੀ ਹੈ ਅਤੇ 95 ਫੀਸਦੀ ਖੇਤਾਂ ਵਿੱਚ ਕਣਕ ਆਦਿ ਅਗਲੀਆਂ ਫ਼ਸਲਾਂ ਦੀ ਬਿਜਾਈ ਵੀ ਹੋ ਚੁੱਕੀ ਹੈ ਪਰੰਤੂ ਫਿਰ ਵੀ ਕੁਝ ਪਿੰਡਾਂ ਅੰਦਰ ਕਈ ਖੇਤਾਂ ‘ਚ ਅਜੇ ਝੋਨੇ ਦੀ ਕਟਾਈ ਬਾਕੀ ਹੈ, ਇਸ ਲਈ ਅਜਿਹੇ ਪਿੰਡਾਂ ਵਿੱਚ ਖਾਸ ਨਜ਼ਰ ਰੱਖੀ ਜਾਵੇ । ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹੇ ਅੰਦਰ ਪਰਾਲੀ ਨੂੰ ਇਨ-ਸੀਟੂ ਤੇ ਐਕਸ-ਸੀਟੂ ਤਰੀਕਿਆਂ ਨਾਲ ਸੰਭਾਲਣ ਲਈ ਵਾਧੂ ਮਸ਼ੀਨਰੀ ਉਪਲਬਧ ਹੈ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਖੇਤ ਵਿੱਚ ਹੁਣ ਕੋਈ ਅੱਗ ਨਾ ਲੱਗੇ । ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਖ਼ੁਦ ਪਿੰਡਾਂ ਵਿੱਚ ਜਾਣ ਦੇ ਆਦੇਸ਼ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਨਿਜੀ ਰਾਬਤਾ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਮਨਾਇਆ ਜਾਵੇ ਤਾਂ ਕਿ ਹੁਣ ਕੋਈ ਵੀ ਅੱਗ ਲੱਗਣ ਦੀ ਘਟਨਾਂ ਨਾ ਵਾਪਰੇ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਕੋਈ ਅਣਗਹਿਲੀ ਨਾ ਵਰਤਣ ਤੇ ਕਿਸਾਨਾਂ ਨੂੰ ਪ੍ਰੇਰਿਤ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤਾਂ ‘ਚ ਮਿਲਾਉਣ ਤੇ ਸੁਚੱਜੇ ਪਰਾਲੀ ਪ੍ਰਬੰਧਨ ਲਈ ਉਤਸ਼ਾਹਤ ਕਰਨ । ਇਸ ਮੌਕੇ ਏ. ਡੀ. ਸੀਜ. ਇਸ਼ਾ ਸਿੰਗਲ, ਨਵਰੀਤ ਕੌਰ ਸੇਖੋਂ, ਐਸ. ਡੀ. ਐਮ. ਮਨਜੀਤ ਕੌਰ, ਕਿਰਪਾਲਵੀਰ ਸਿੰਘ, ਪ੍ਰਦੂਸ਼ਣ ਰੋਕਥਾਮ ਬੋਰਡ, ਖੇਤੀਬਾੜੀ ਤੇ ਸਹਿਕਾਰੀ ਵਿਭਾਗਾਂ ਸਮੇਤ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।