ਨੌਸ਼ਹਿਰਾ ਪਨੂੰਆਂ ਵਿਚ ਨੌਜਵਾਨ ਦਾ ਗੋਲੀਆਂ ਮਾਰ ਕੇ ਹੋਇਆ ਕਤਲ

ਦੁਆਰਾ: Punjab Bani ਪ੍ਰਕਾਸ਼ਿਤ :Monday, 25 November, 2024, 11:07 AM

ਨੌਸ਼ਹਿਰਾ ਪਨੂੰਆਂ ਵਿਚ ਨੌਜਵਾਨ ਦਾ ਗੋਲੀਆਂ ਮਾਰ ਕੇ ਹੋਇਆ ਕਤਲ
ਨੌਸ਼ਹਿਰਾ ਪਨੂੰਆਂ : ਪੰਜਾਬ ਦੇ ਜਿਲਾ ਤਰਨਤਾਰਨ ਦੇ ਕਸਬਾ ਨੌਸ਼ਹਿਰਾ ਪਨੂੰਆਂ ’ਚ ਐਤਵਾਰ ਦੇਰ ਸ਼ਾਮ ਇਕ ਨੌਜਵਾਨ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ । ਉਕਤ ਘਟਨਾ ਤੋਂ ਬਾਅਦ ਇਲਾਕੇ ’ਚ ਸਨਸਨੀ ਫੈਲ ਗਈ, ਉਥੇ ਹੀ ਜ਼ਿਲ੍ਹੇ ਨਾਲ ਸਬੰਧਤ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ । ਮਰਨ ਵਾਲੇ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਵਜੋਂ ਹੋਈ ਹੈ । ਥਾਣਾ ਸਰਹਾਲੀ ਦੀ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ । ਹਾਲਾਂਕਿ ਹੱਤਿਆ ਪਿਛਲੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ । ਜਾਣਕਾਰੀ ਅਨੁਸਾਰ, ਗੁਰਪ੍ਰੀਤ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਨਾਮਕ ਨੌਜਵਾਨ ਨੂੰ ਕਸਬੇ ਦੇ ਬਾਹਰਵਾਰ ਹਾਈਵੇ ’ਤੇ ਬਣੇ ਬਾਈਪਾਸ ਉੱਪਰ ਸਥਿਤ ਕੈਫੇ ਮਿਰਚੀ ਦੇ ਕੋਲ ਅਣਪਛਾਤੇ ਲੋਕਾਂ ਨੇ ਗੋਲ਼ੀਆਂ ਮਾਰ ਦਿੱਤੀਆਂ, ਜਿਸ ਕਾਰਨ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਪਹੁੰਚੇ ਥਾਣਾ ਸਰਹਾਲੀ ਦੇ ਮੁਖੀ ਸਬ-ਇੰਸਪੈਕਟਰ ਅਮੋਲਕ ਸਿੰਘ ਨੇ ਦੱਸਿਆ ਕਿ ਮਰਨ ਵਾਲੇ ਨੌਜਵਾਨ ਦੇ 2 ਗੋਲ਼ੀਆਂ ਲੱਗੀਆਂ ਹਨ । ਉਨ੍ਹਾਂ ਦੱਸਿਆ ਕਿ ਹੱਤਿਆ ਪਿੱਛੇ ਕੀ ਕਾਰਨ ਹਨ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ । ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ ।