ਖੇਤੀਬਾੜੀ ਵਿਭਾਗ ਨੇ ਨਵੀਂ ਖੇਤੀ ਮਸ਼ੀਨਰੀ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕਤਾ
ਅਗਾਂਹਵਧੂ ਕਿਸਾਨਾਂ ਨੇ ਆਪਣੇ ਖੇਤੀ ਤਜਰਬੇ ਕੀਤਾ ਸਾਂਝੇ
ਪਟਿਆਲਾ, 24 ਜੂਨ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੇ ਦਿਸ਼ਾ-ਨਿਰਦੇਸ਼ ‘ਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਆਲਮਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ‘ਤੇ ਖੇਤੀਬਾੜੀ ਮਾਹਰਾਂ ਨੇ ਮੌਜੂਦ ਕਿਸਾਨਾਂ ਨਾਲ ਜਿਥੇ ਵਿਚਾਰ ਸਾਂਝੇ ਕੀਤੇ ਉਥੇ ਹੀ ਅਗਾਂਹਵਧੂ ਕਿਸਾਨਾਂ ਨੇ ਆਪਣੇ ਖੇਤੀ ਤਜਰਬੇ ਵੀ ਦੱਸੇ।
ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਪਾਲ ਸਿੰਘ ਨੇ ਮੌਜੂਦ ਕਿਸਾਨਾਂ ਨੂੰ ਵਿਭਾਗ ਦੀਆਂ ਸਕੀਮਾਂ ਸਬੰਧੀ ਜਾਣੂ ਕਰਵਾਇਆ ਅਤੇ ਝੋਨੇ ਦੀ ਫ਼ਸਲ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕੱਦੂ ਕਰਕੇ ਝੋਨਾ ਲਗਾਉਣ ਨਾਲ ਜਿਥੇ ਜ਼ਮੀਨ ਦੀ ਪਾਣੀ ਜਜ਼ਬ ਕਰਨ ਦੀ ਸਮਰੱਥਾ ਖਤਮ ਹੁੰਦੀ ਹੈ, ਉੱਥੇ ਹੀ ਅਗਲੀ ਫ਼ਸਲ ਕਣਕ ਵੀ ਪ੍ਰਭਾਵਿਤ ਹੁੰਦੀ ਹੈ।
ਅਗਾਂਹਵਧੂ ਕਿਸਾਨ ਕਰਨਲ ਬੀ.ਪੀ. ਸਿੰਘ, ਜਸਵਿੰਦਰ ਸਿੰਘ, ਮੋਹਿੰਦਰ ਸਿੰਘ ਅਤੇ ਮਾਨ ਸਿੰਘ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਪੰਜਾਬ ਐਗਰੋ ਵੱਲੋਂ ਅਗਾਂਹਵਧੂ ਕਿਸਾਨਾਂ ਦੀ ਰਜਿਸਟਰੇਸ਼ਨ ਕੀਤੀ ਗਈ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨਾਂ ਵੱਲੋਂ ਕਿਸਾਨਾਂ ਨੂੰ ਆਰਗੈਨਿਕ ਖੇਤੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਖਾਦਾਂ ਦੀ ਸਹੀ ਵਰਤੋਂ ਸਬੰਧੀ ਦੱਸਿਆ ਗਿਆ। ਭਾਖਰ ਐਗਰੋ ਪ੍ਰੋਡਕਟਸ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦਾ ਵੱਡੀ ਗਿਣਤੀ ਕਿਸਾਨਾਂ ਵੱਲੋਂ ਲਾਭ ਉਠਾਇਆ ਗਿਆ।