ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਇਨ ਸੀਟੂ ਤਕਨੀਕ ਨਾਲ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਦੁਆਰਾ: Punjab Bani ਪ੍ਰਕਾਸ਼ਿਤ :Friday, 08 November, 2024, 04:33 PM

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਇਨ ਸੀਟੂ ਤਕਨੀਕ ਨਾਲ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ
-ਵਾਤਾਵਰਣ ਪੱਖੀ ਤਕਨੀਕਾਂ ਦੀ ਵਰਤੋਂ ਕਰਕੇ ਖੇਤੀ ਕਰ ਰਹੇ ਕਿਸਾਨ ਸਾਡੇ ਨਾਇਕ : ਇਸ਼ਾ ਸਿੰਗਲ
ਪਾਤੜਾਂ, 8 ਨਵੰਬਰ : ਪਟਿਆਲਾ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਵਾਤਾਵਰਣ ਪੱਖੀ ਤਕਨੀਕਾਂ ਅਪਣਾ ਕੇ ਪਰਾਲੀ ਦਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਇਨ ਸੀਟੂ ਤਕਨੀਕ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਰਹੇ ਕਿਸਾਨਾਂ ਦੇ ਖੇਤਾਂ ‘ਚ ਜਾ ਕੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਇਸ ਵਾਤਾਵਰਣ ਪੱਖੀ ਕੰਮ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ ।
ਪਿੰਡ ਬਕਰਾਹਾ, ਕਰਤਾਰਪੁਰ, ਕਲਵਾਣੂ, ਸ਼ਾਦੀਪੁਰ, ਮੋਮੀਆ, ਸ਼ੁਤਰਾਣਾ, ਬਾਦਸ਼ਾਹਪੁਰ, ਸ਼ਾਦੀਪੁਰਮੋਮੀਆ ਤੇ ਦਫਤਰੀਵਾਲਾ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਦਿਆਂ ਏਡੀਸੀ ਇਸ਼ਾ ਸਿੰਗਲ ਨੇ ਕਿਹਾ ਕਿ ਵਾਤਾਵਰਣ ਪੱਖੀ ਤਕਨੀਕਾਂ ਦੀ ਵਰਤੋਂ ਕਰਕੇ ਖੇਤੀ ਕਰ ਰਹੇ ਕਿਸਾਨ ਸਾਡੇ ਨਾਇਕ ਹਨ, ਜੋ ਵਾਤਾਵਰਣ ਪ੍ਰਤੀ ਤਾਂ ਸੁਚੇਤ ਹਨ ਹੀ ਸਗੋਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀਆਂ ਨੂੰ ਵੀ ਬਾਖੂਬੀ ਨਿਭਾਅ ਰਹੇ ਹਨ । ਇਸ਼ਾ ਸਿੰਗਲ ਨੇ ਕਿਹਾ ਕਿ ਇਨ ਸੀਟੂ ਤਕਨੀਕ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ ਤੇ ਖਾਦਾਂ ਦੀ ਵਰਤੋਂ ਵਿੱਚ ਵੀ ਕਮੀ ਆਉਂਦੀ ਹੈ । ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਜ਼ਰੂਰੀ ਹੈ ਕਿ ਆਪਾਂ ਸਾਰੇ ਰਲ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਨਾਲ ਹੋ ਰਹੇ ਨੁਕਸਾਨ ਤੋਂ ਬਚਾਉਣ ਲਈ ਹੰਭਲਾ ਮਾਰੀਏ ।