ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਦਰਜਨ ਤੋਂ ਵਧੇਰੇ ਪਿੰਡਾਂ ਦਾ ਦੌਰਾ

ਦੁਆਰਾ: Punjab Bani ਪ੍ਰਕਾਸ਼ਿਤ :Friday, 08 November, 2024, 05:52 PM

ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਦਰਜਨ ਤੋਂ ਵਧੇਰੇ ਪਿੰਡਾਂ ਦਾ ਦੌਰਾ
ਵੱਡੀ ਗਿਣਤੀ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਨੂੰ ਅਪਣਾਇਆ: ਪ੍ਰਮੋਦ ਸਿੰਗਲਾ
ਡੀ. ਐਸ. ਪੀ. ਦਿੜਬਾ ਸਮੇਤ ਛਾਜਲੀ ਵਿਖੇ ਕੀਤੀ ਪੰਚਾਂ, ਸਰਪੰਚਾਂ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ
ਸੁਨਾਮ ਊਧਮ ਸਿੰਘ ਵਾਲਾ, 8 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੁਨਾਮ ਉਧਮ ਸਿੰਘ ਵਾਲਾ ਦੇ ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਸਬ ਡਵੀਜ਼ਨ ਅਧੀਨ ਆਉਂਦੇ ਵੱਡੀ ਗਿਣਤੀ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ । ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪਿੰਡ ਮਹਿਲਾਂ, ਨਾਗਰੀ, ਮੋੜਾ, ਤਰੰਜਲੀ ਖੇੜਾ, ਰਟੋਲਾਂ, ਚੱਠਾ ਨਨਹੇੜਾ, ਛਾਹੜ, ਛਾਜਲੀ, ਮੈਦੇਵਾਸ, ਮੋਜੋਵਾਲ, ਉਗਰਾਹਾਂ ਅਤੇ ਬਖਸ਼ੀਵਾਲਾ ਵਿਖੇ ਕੀਤੇ ਗਏ ਦੋਰਿਆਂ ਦੌਰਾਨ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਪ੍ਰਤੀ ਹਾਂ ਪੱਖੀ ਹੁੰਗਾਰਾ ਦਿੱਤਾ ਹੈ ਅਤੇ ਯਕੀਨ ਦਿਵਾਇਆ ਹੈ ਕਿ ਉਹ ਪਰਾਲੀ ਨੂੰ ਨਹੀਂ ਸਾੜਨਗੇ । ਐਸ. ਡੀ. ਐਮ. ਨੇ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਲਈ ਹਰੇਕ ਨਾਗਰਿਕ ਨੂੰ ਸੁਹਿਰਦ ਯਤਨ ਚੁੱਕਣ ਦੀ ਲੋੜ ਹੈ ਕਿਉਂਕਿ ਵਧ ਰਿਹਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਖਤਰੇ ਦੀ ਘੰਟੀ ਹੈ । ਉਹਨਾਂ ਕਿਹਾ ਕਿ ਅੱਜ ਇਸ ਵਿਸ਼ੇ ਉੱਤੇ ਹੀ ਪੁਲਿਸ ਸਟੇਸ਼ਨ ਛਾਜਲੀ ਵਿਖੇ ਡੀਐਸਪੀ ਦਿੜਬਾ ਪ੍ਰਿਥਵੀ ਸਿੰਘ ਚਹਿਲ ਦੀ ਮੌਜੂਦਗੀ ਵਿੱਚ ਵੱਖ-ਵੱਖ ਪਿੰਡਾਂ ਦੇ ਨਵੇਂ ਬਣੇ ਪੰਚਾਂ, ਸਰਪੰਚਾਂ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਪਰਾਲੀ ਨੂੰ ਨਾ ਸਾੜਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਦੌਰਾਨ ਸਾਰੇ ਹੀ ਨਾਗਰਿਕਾਂ ਨੇ ਭਰੋਸਾ ਦਿੱਤਾ ਹੈ ਕਿ ਉਹ ਹਰ ਕਿਸਾਨ ਤੱਕ ਇਹ ਸੁਨੇਹਾ ਪਹੁੰਚਾਉਣ ਲਈ ਸਾਰਥਕ ਭੂਮਿਕਾ ਨਿਭਾਉਣਗੇ ।