ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੀ ਸਾਂਝੀ ਟੀਮ ਵੱਲੋਂ ਸਬ ਡਵੀਜ਼ਨ ਭਵਾਨੀਗੜ੍ਹ ਅੰਦਰ ਵੱਖ-ਵੱਖ ਖਾਦ ਡੀਲਰਾਂ ਦੀ ਚੈਕਿੰਗ

ਦੁਆਰਾ: Punjab Bani ਪ੍ਰਕਾਸ਼ਿਤ :Friday, 08 November, 2024, 06:00 PM

ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੀ ਸਾਂਝੀ ਟੀਮ ਵੱਲੋਂ ਸਬ ਡਵੀਜ਼ਨ ਭਵਾਨੀਗੜ੍ਹ ਅੰਦਰ ਵੱਖ-ਵੱਖ ਖਾਦ ਡੀਲਰਾਂ ਦੀ ਚੈਕਿੰਗ
ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਅਤੇ ਸਹਿਕਾਰਤਾ ਵਿਭਾਗ ਦੇ ਡਿਪਟੀ ਰਜਿਸਟਰਾਰ ਕਰਨਬੀਰ ਰੰਧਾਵਾ ਨੇ ਕੀਤੀ ਜਾਂਚ
ਭਵਾਨੀਗੜ੍ਹ/ਸੰਗਰੂਰ, 8 ਨਵੰਬਰ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਧਾਰਿਤ ਕੀਮਤ ਉੱਤੇ ਡੀ. ਏ. ਪੀ. ਖਾਦ ਮੁਹਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਦਿੱਤੇ ਸਖਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵਜੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀ ਪੂਰੇ ਚੌਕਸ ਨਜ਼ਰ ਆ ਰਹੇ ਹਨ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਹਦਾਇਤ ਉੱਤੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਥਾਂ ਤੇ ਕਿਸਾਨਾਂ ਤੋਂ ਡੀ. ਏ. ਪੀ. ਖਾਦ ਦੀ ਵੱਧ ਕੀਮਤ ਵਸੂਲ ਨਾ ਕੀਤੀ ਜਾ ਸਕੇ ਅਤੇ ਨਾ ਹੀ ਬੇਲੋੜੀਆਂ ਵਸਤਾਂ ਦੀ ਟੈਗਿੰਗ ਜਾਂ ਕਾਲਾਬਜ਼ਾਰੀ ਹੋ ਸਕੇ । ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਅਤੇ ਸਹਿਕਾਰਤਾ ਵਿਭਾਗ ਦੇ ਡਿਪਟੀ ਰਜਿਸਟਰਾਰ ਕਰਨਬੀਰ ਰੰਧਾਵਾ ਨੇ ਦੱਸਿਆ ਕਿ ਅੱਜ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੀ ਸਾਂਝੀ ਟੀਮ ਵੱਲੋਂ ਸਬ ਡਿਵੀਜ਼ਨ ਭਵਾਨੀਗੜ੍ਹ ਅਧੀਨ ਆਉਂਦੇ ਪਿੰਡ ਚੰਨੋ, ਨਦਾਮਪੁਰ ਅਤੇ ਭੜੋ ਵਿਖੇ ਸਥਿਤ ਖਾਦ ਦੀਆਂ ਵੱਖ-ਵੱਖ ਦੁਕਾਨਾਂ ਅਤੇ ਗੋਦਾਮਾਂ ਵਿੱਚ ਜਾ ਕੇ ਡੀ. ਏ. ਪੀ. ਖਾਦ ਸਬੰਧੀ ਸਟੋਕ ਰਜਿਸਟਰਾਂ ਅਤੇ ਮਾਲ ਦੀ ਜਾਂਚ ਕੀਤੀ ਗਈ ਅਤੇ ਸਰਕਾਰ ਦੇ ਵੰਡ ਸਬੰਧੀ ਮਾਪਦੰਡਾਂ ਨੂੰ ਘੋਖਿਆ ਗਿਆ । ਉਹਨਾਂ ਦੱਸਿਆ ਕਿ ਇਹਨਾਂ ਖਾਦ ਡੀਲਰਾਂ ਕੋਲ ਵੰਡ ਸਹੀ ਪਾਈ ਗਈ ਪਰ ਫਿਰ ਵੀ ਸਾਰੇ ਡੀਲਰਾਂ ਨੂੰ ਇਹ ਹਦਾਇਤ ਕੀਤੀ ਜਾ ਰਹੀ ਹੈ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਜੇਕਰ ਕਿਸੇ ਵੀ ਥਾਂ ਉੱਤੇ ਕਿਸੇ ਡੀਲਰ ਖਿਲਾਫ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਇਸ ਜਾਂਚ ਟੀਮ ਵਿੱਚ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਮਨਜੀਤ ਸਿੰਘ ਅਤੇ ਖੇਤੀ ਵਿਕਾਸ ਅਧਿਕਾਰੀ ਸ਼ਵਿੰਦਰਜੀਤ ਸਿੰਘ ਵੀ ਮੌਜੂਦ ਸਨ ।