ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਖੁਦ ਦਰਜਨ ਦੇ ਕਰੀਬ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 09 November, 2024, 05:11 PM

ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਖੁਦ ਦਰਜਨ ਦੇ ਕਰੀਬ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ
ਪਰਾਲੀ ਨੂੰ ਅੱਗ ਲਗਾ ਕੇ ਕੁਦਰਤ ਨਾਲ ਖਿਲਵਾੜ ਨਾ ਕਰਨ ਕਿਸਾਨ – ਰਾਜੇਸ਼ ਸ਼ਰਮਾ
ਦਿੜ੍ਹਬਾ, 9 ਨਵੰਬਰ : ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਠੱਲ੍ਹਣ ਅਤੇ ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ, ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਖੁਦ ਦਰਜਨ ਦੇ ਕਰੀਬ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਪਰਾਲੀ ਸਾੜਨ ਕਰਕੇ ਵਾਤਾਵਰਣ ਲਈ ਪੈਦਾ ਹੁੰਦੇ ਖਤਰਿਆਂ ਪ੍ਰਤੀ ਜਾਗਰੂਕ ਕਰਨ ਅਤੇ ਉਹਨਾਂ ਨੇੜੇ ਉਪਲਬਧ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜ ਕੇ ਕੁਦਰਤ ਨਾਲ ਖਿਲਵਾੜ ਕਰਨ ਤੋਂ ਗੁਰੇਜ਼ ਕੀਤਾ ਜਾਵੇ । ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਕਿ ਅੱਜ ਉਨ੍ਹਾਂ ਨੇ ਪਿੰਡ ਦਿਵਾਨਗੜ੍ਹ ਕੈਂਪਰ, ਰੋਗਲਾ, ਉਭਿਆ, ਹਰੀਗੜ੍ਹ, ਸ਼ਾਦੀਹਰੀ, ਨਿਹਾਲਗੜ੍ਹ, ਲਾਡਬੰਜਾਰਾ ਖੁਰਦ, ਕਾਕੂਵਾਲਾ, ਰਤਨਗੜ੍ਹ ਸਿੰਧੜਾਂ ਅਤੇ ਦਿੜ੍ਹਬਾ ਦਾ ਦੌਰਾ ਕੀਤਾ ਅਤੇ ਜਾਗਰੂਕਤਾ ਮੁਹਿੰਮ ਨੂੰ ਜੋਸ਼ੋ ਖਰੋਸ਼ ਨਾਲ ਜਾਰੀ ਰੱਖਿਆ । ਐਸ. ਡੀ. ਐਮ. ਰਾਜੇਸ਼ ਸ਼ਰਮਾ ਦੀ ਅਗਵਾਈ ਵਿੱਚ ਪ੍ਰਸ਼ਾਸਕੀ ਤੇ ਪੁਲਿਸ ਟੀਮਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਅਤੇ ਸਮਝਾਇਆ। ਕਿਸਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਭਰੋਸਾ ਦਿੱਤਾ ਗਿਆ ਕਿ ਫਸਲਾਂ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਲਈ ਪਿੰਡ ਅਤੇ ਆਲੇ-ਦੁਆਲੇ ਪਿੰਡਾਂ ਵਿੱਚ ਬਹੁਤ ਸਾਰੀ ਖੇਤੀ ਮਸ਼ੀਨਰੀ ਉਨ੍ਹਾਂ ਦੀ ਵਰਤੋਂ ਲਈ ਉਪਲਬਧ ਹੈ। ਪਿੰਡ ਵਾਸੀਆਂ ਨੂੰ ਇਸ ਵਿਸ਼ੇ ‘ਤੇ ਸੁਪਰੀਮ ਕੋਰਟ, ਐਨ. ਜੀ. ਟੀ. ਅਤੇ ਸੀ. ਏ. ਕਿਊ. ਐਮ. (ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ) ਦੇ ਨਿਰਦੇਸ਼ਾਂ ਤੋਂ ਵੀ ਜਾਣੂ ਕਰਵਾਇਆ ਗਿਆ ਅਤੇ ਇਨ੍ਹਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ।