ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ
– ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਅਮਰੀਕਾ ਅਧਾਰਿਤ ਹੈਂਡਲਰ ਡੋਨੀ ਬੱਲ ਅਤੇ ਪ੍ਰਭ ਦਾਸੂਵਾਲ ਦੇ ਇਸ਼ਾਰੇ ‘ਤੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਸਨ : ਡੀ. ਜੀ. ਪੀ. ਗੌਰਵ ਯਾਦਵ
– ਜਾਂਚ ਤੋਂ ਖੁਲਾਸਾ ਹੋਇਆ ਹੈ ਕਿ ਮੰਨੂ ਘਨਸ਼ਾਮਪੁਰੀਆ ਅਤੇ ਡੋਨੀ ਬੱਲ ਨੇ ਹਥਿਆਰਾਂ ਦੀ ਖੇਪ ਦਾ ਕੀਤਾ ਸੀ ਪ੍ਰਬੰਧ, ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇਣ ਦੀ ਬਣਾ ਰਹੇ ਸਨ ਯੋਜਨਾ: ਡੀਜੀਪੀ ਪੰਜਾਬ
ਚੰਡੀਗੜ੍ਹ/ਅੰਮ੍ਰਿਤਸਰ, 8 ਨਵੰਬਰ : ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ. ਆਈ.) ਅੰਮ੍ਰਿਤਸਰ ਨੇ ਪੁਰਤਗਾਲ ਅਧਾਰਤ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨੂ ਘਨਸ਼ਾਮਪੁਰੀਆ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਅਮਰੀਕਾ ਅਧਾਰਤ ਗੈਂਗਸਟਰ ਬਲਵਿੰਦਰ ਸਿੰਘ ਉਰਫ ਡੋਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਨਜ਼ਦੀਕੀ ਸਬੰਧ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਦਿੱਤਿਆ ਕਪੂਰ ਉਰਫ ਮੱਖਣ ਵਾਸੀ ਲਾਹੌਰੀ ਗੇਟ ਅੰਮ੍ਰਿਤਸਰ ਅਤੇ ਰਵਿੰਦਰ ਸਿੰਘ ਵਾਸੀ ਪਿੰਡ ਅਕਾਰਪੁਰਾ, ਗੁਰਦਾਸਪੁਰ ਵਜੋਂ ਹੋਈ ਹੈ । ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 4 ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9 ਐਮ. ਐਮ. ਗਲਾਕ ਪਿਸਤੌਲ, ਦੋ ਵਿਦੇਸ਼ੀ .30 ਬੋਰ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ ਸ਼ਾਮਲ ਹਨ, ਸਮੇਤ ਪੰਜ ਮੈਗਜ਼ੀਨਾਂ ਅਤੇ 14 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ ।
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਪਸ਼ੂ ਮੰਡੀ, ਅੰਮ੍ਰਿਤਸਰ ਨੇੜੇ ਮਹਿਤਾ ਰੋਡ ਵਿਖੇ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਨੋਂ ਵਿਅਕਤੀਆਂ ਨੂੰ ਉਦੋਂ ਕਾਬੂ ਕੀਤਾ ਜਦੋਂ ਉਹ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਰਜਿਸਟ੍ਰੇਸ਼ਨ ਨੰਬਰ ਪੀਬੀ 18 ਜ਼ੈੱਡ 5033 ‘ਤੇ ਸਵਾਰ ਹੋ ਕੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ 12 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਅਮਰੀਕਾ ਅਧਾਰਿਤ ਅਪਰਾਧੀਆਂ ਡੋਨੀ ਬੱਲ ਅਤੇ ਪ੍ਰਭ ਦਾਸੂਵਾਲ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਗੈਂਗਸਟਰ ਮੰਨੂੰ ਘਨਸ਼ਾਮਪੁਰੀਆ ਜੋ ਗੈਂਗਸਟਰ ਗੋਪੀ ਘਨਸ਼ਾਮਪੁਰੀਆ ਦਾ ਭਰਾ ਹੈ, ਦੇ ਨਜ਼ਦੀਕੀ ਸਾਥੀ ਹਨ । ਡੀ. ਜੀ. ਪੀ. ਨੇ ਕਿਹਾ ਕਿ ਇਹ ਅਪਰਾਧਿਕ ਸਿੰਡੀਕੇਟ ਜੱਗੂ ਭਗਵਾਨਪੁਰੀਆ ਸੰਗਠਿਤ ਅਪਰਾਧ ਸਿੰਡੀਕੇਟ ਦਾ ਵਿਰੋਧੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਹਥਿਆਰਾਂ ਦੀ ਖੇਪ ਡੋਨੀ ਬੱਲ ਅਤੇ ਮੰਨੂ ਘਨਸ਼ਾਮਪੁਰੀਆ ਵੱਲੋਂ ਦਿੱਤੀ ਗਈ ਸੀ ਅਤੇ ਉਹ ਇਨ੍ਹਾਂ ਦੇ ਨਿਰਦੇਸ਼ਾਂ ‘ਤੇ ਸੂਬੇ ਵਿੱਚ ਕੁਝ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।
ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ. ਐਸ. ਓ. ਸੀ.), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ. ਆਈ ਆਰ. ਦਰਜ ਕੀਤੀ ਗਈ ਹੈ।
