ਮੁੱਖ ਮੰਤਰੀ ਭਗਵੰਤ ਮਾਨ ਵੀ ਅਰਵਿੰਦ ਕੇਜਰੀਵਾਲ ਦੇ ਪਾਇਲਟ ਬਣ ਕੇ ਰਹਿ ਗਏ : ਸ਼ਾਹ
ਪੰਜਾਬ ਦੇ ਲੋਕਾਂ ਨਾਲ ਖੋਖਲੇ ਚੋਣ ਵਾਅਦੇ ਕਰਨ ਦਾ ਦੋਸ਼ ਲਾਇਆ
ਪੰਜਾਬ 18 june –
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅਰਵਿੰਦ ਕੇਜਰੀਵਾਲ ਦੇ ਪਾਇਲਟ ਬਣ ਕੇ ਰਹਿ ਗਏ ਹਨ ਅਤੇ ਉਨ੍ਹਾਂ ਦੇ ਸੂਬੇ ਦੀ ਹਾਲਤ ਵਿਗੜਦੀ ਜਾ ਰਹੀ ਹੈ।ਪੰਜਾਬ ਦੇ ਲੋਕ ਸੁਰੱਖਿਅਤ ਨਹੀਂ ਹਨ, ਨਸ਼ੇ ਦਾ ਕਾਰੋਬਾਰ ਵਧਦਾ ਜਾ ਰਿਹਾ ਹੈ , ਕਿਸਾਨਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ ਪਰ ਮੁੱਖ ਮੰਤਰੀ ਕੋਲ ਇਸ ਲਈ ਸਮਾਂ ਨਹੀਂ ਹੈ। ਇਹ ਗੱਲਾਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਰਦਾਸਪੁਰ ‘ਚ ਰੈਲੀ ਨੂੰ ਸੰਬੋਧਨ ਕਰਦਿਆਂ ਕਹੀਆਂ ਹਨ।
ਕੇਂਦਰੀ ਗ੍ਰਹਿ ਮੰਤਰੀ ਨੇ ਇਸ ਮੌਕੇ ਕੇਂਦਰ ਦੀ ਤਰਫੋਂ ਪੰਜਾਬ ਵਿੱਚ ਕਿਸਾਨਾਂ ਨੂੰ ਅਤੇ ਹੋਰ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇ 9 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਤਰੱਕੀ ਕਰ ਰਿਹਾ ਹੈ। ਉਨ੍ਹਾਂ ਇਸ ਮੌਕੇ ਜਿੱਥੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਯਾਦ ਕਰਵਾਇਆ ਗਿਆ, ਉੱਥੇ ਹੀ ਦੂਜੇ ਪਾਸੇ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਇਸ ਵਾਰ 2024 ਦੀਆਂ ਚੋਣਾਂ ਵਿੱਚ 300 ਤੋਂ ਵੱਧ ਸੀਟਾਂ ਜਿੱਤ ਕੇ ਭਾਜਪਾ ਇੱਕ ਵਾਰ ਫਿਰ ਨਰਿੰਦਰ ਮੋਦੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਏਗੀ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਕਿਉਂਕਿ ਮਾਨ ਆਪਣਾ ਬਹੁਤਾ ਸਮਾਂ ‘ਆਪ’ ਸੁਪਰੀਮੋ ਤੇ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਸੈਰ-ਸਪਾਟੇ ਵਿੱਚ ਬਿਤਾਉਂਦੇ ਹਨ। ਗੁਰਦਾਸਪੁਰ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ‘ਆਪ’ ਉੱਤੇ ਲੋਕਾਂ ਨਾਲ ਖੋਖਲੇ ਵਾਅਦੇ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਇਕ ਹਜ਼ਾਰ ਰੁਪੲੇ ਮਾਸਿਕ ਦੇਣ ਦੇ ਚੋਣ ਵਾਅਦੇ ਦਾ ਕੀ ਬਣਿਆ। ਸ਼ਾਹ ਨੇ ਰੈਲੀ ਦੌਰਾਨ ਮੋਦੀ ਸਰਕਾਰ ਦੇ 9 ਸਾਲ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ। ਉਨ੍ਹਾਂ ਕਿਹਾ ਕਿ ਭਾਰਤ ਨੂੰ ਹੁਣ ਵਿਕਾਸ ਇੰਜਨ ਵਜੋਂ ਜਾਣਿਆ ਜਾਂਦਾ ਹੈ।