ਲਹਿਰਾਗਾਗਾ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜਾਗਰੂਕਤਾ ਅਭਿਆਨ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 06 November, 2024, 04:28 PM

ਲਹਿਰਾਗਾਗਾ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜਾਗਰੂਕਤਾ ਅਭਿਆਨ ਜਾਰੀ
ਪੁਲਿਸ ਤੇ ਪ੍ਰਸ਼ਾਸਨ ਦੇ ਸਾਂਝੇ ਐਕਸ਼ਨ ਨਾਲ ਲਗਭਗ 50 ਏਕੜ ਰਕਬੇ ਵਿੱਚ ਨਾੜ ਨੂੰ ਸਾੜਨ ਤੋਂ ਰੋਕਿਆ ਗਿਆ
ਲਹਿਰਾਗਾਗਾ, 6 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸਬ ਡਿਵੀਜ਼ਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਇਨੀ ਦਿਨੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਚੱਲ ਰਹੀ ਹੈ, ਜਿਸ ਦੇ ਚਲਦਿਆਂ ਚੌਕਸੀ ਟੀਮਾਂ ਲਗਾਤਾਰ ਸਰਗਰਮ ਨਜ਼ਰ ਆ ਰਹੀਆਂ ਹਨ । ਲਹਿਰਾਗਾਗਾ ਦੇ ਡੀਐਸਪੀ ਦੀਪਇੰਦਰਪਾਲ ਸਿੰਘ ਜੇਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ. ਡੀ. ਐਮ. ਸੂਬਾ ਸਿੰਘ ਦੇ ਸਹਿਯੋਗ ਨਾਲ ਪੁਲਿਸ ਤੇ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਲਗਭਗ ਹਰ ਪਿੰਡ ਵਿੱਚ ਕਿਸਾਨਾਂ ਨਾਲ ਲਗਾਤਾਰ ਰਾਬਤਾ ਰੱਖਦੇ ਹੋਏ ਪਰਾਲੀ ਨੂੰ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਨੂੰ ਉਤਸਾਹਿਤ ਕਰਨ ਵਿੱਚ ਸਰਗਰਮ ਹਨ । ਉਹਨਾਂ ਦੱਸਿਆ ਕਿ ਪਿਛਲੇ ਕਈ ਹਫਤਿਆਂ ਤੋਂ ਇਹ ਮੁਹਿੰਮ ਨਿਰੰਤਰ ਜਾਰੀ ਹੈ ਅਤੇ ਪਿਛਲੇ ਦੋ ਤਿੰਨ ਦਿਨਾਂ ਵਿੱਚ ਲਗਭਗ 50 ਏਕੜ ਰਕਬੇ ਵਿੱਚ ਨਾੜ ਨੂੰ ਲਗਾਈ ਗਈ ਅੱਗ ਬੁਝਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ । ਉਹਨਾਂ ਨੇ ਦੱਸਿਆ ਕਿ ਪਰਾਲੀ ਸਾੜਨ ਵਾਲਿਆਂ ਖਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਨਾਲ ਹੀ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਅਤੇ ਖੇਤਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਲਹਿਲ ਕਲਾਂ, ਘੋੜੇਨਾਬ, ਫਤਿਹਗੜ੍ਹ ਆਦਿ ਪਿੰਡਾਂ ਵਿੱਚ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਪ੍ਰਤੀ ਸਾਰਥਕ ਹੁੰਗਾਰਾ ਦਿੱਤਾ ਹੈ ।