ਪਰਾਲੀ ਦੀ ਸਾਂਭ ਸੰਭਾਲ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਮੁਹਿੰਮ ਦਾ ਆਗਾਜ਼
ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅਨੂਪ੍ਰੀਤਾ ਜੌਹਲ ਨੇ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਪਟਿਆਲਾ, 21 ਜੂਨ:
ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅਨੂਪ੍ਰੀਤਾ ਜੌਹਲ ਨੇ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ
ਇਸ ਦੌਰਾਨ ਏ.ਡੀ.ਸੀ. ਨੇ ਸਮੂਹ ਵਿਭਾਗਾਂ ਨਾਲ ਸਾਉਣੀ 2023 ਦੌਰਾਨ ਪਰਾਲੀ ਦੀ ਸਮੱਸਿਆ ਨੂੰ ਨਿਜਾਤ ਪਾਉਣ ਲਈ ਐਕਸ਼ਨ ਟੇਕਨ ਰਿਪੋਰਟ ਉੱਪਰ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਹੁਣੇ ਤੋਂ ਇਸ ਸਬੰਧੀ ਯੋਗ-ਉਪਰਾਲੇ ਕਰਨ ਲਏ ਸਮੂਹ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਮਹੀਨਾ ਮਈ ਦੇ ਅੰਤ ਤੱਕ 37 ਪਿੰਡ ਪੱਧਰੀ, 4 ਬਲਾਕ ਪੱਧਰੀ ਅਤੇ 1 ਜ਼ਿਲ੍ਹਾ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਜ਼ਿਲ੍ਹੇ ਵਿਚ ਉਪਲਬਧ ਮਸ਼ੀਨਰੀ ਬਾਰੇ ਅਤੇ ਇਸ ਸਾਲ ਸਬਸਿਡੀ ਉੱਪਰ ਦਿੱਤੀ ਜਾਣ ਵਾਲੀ ਮਸ਼ੀਨਰੀ ਬਾਰੇ ਜਾਗਰੂਕ ਕੀਤਾ ਜਾ ਚੁੱਕਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿਚ ਪੂਸਾ-44 ਹੇਠ ਰਕਬਾ ਘਟਾਇਆ ਜਾ ਰਿਹਾ ਹੈ ਅਤੇ ਲਗਭਗ 3500 ਹੈਕਟੇਅਰ ਰਕਬਾ ਹੋਰ ਫ਼ਸਲਾਂ ਅਧੀਨ ਲਿਆ ਕੇ ਪਰਾਲੀ ਦੀਆਂ ਅੱਗ ਲੱਗਣ ਵਾਲੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਮੱਕੀ ਦਾ ਬੀਜ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਤੇ ਉਪਲਬਧ ਕਰਵਾਇਆ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਾਲ 2023 ਦੌਰਾਨ ਕਿਸਾਨਾਂ ਨੂੰ ਸਬਸਿਡੀ ਉਪਰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਰੀ ਲਈ ਅਪਲਾਈ ਕਰਨ ਲਈ ਪੋਰਟਲ www.agrimachinery.com ਮਿਤੀ 20.06.2023 ਤੋਂ 20.07.2023 ਤੱਕ ਖੁੱਲ੍ਹਾ ਰਹੇਗਾ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਇਸ ਸਬੰਧੀ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਦਿਸ਼ਾ-ਨਿਰਦੇਸ਼ ਦੇ ਕੇ ਮਹੀਨਾ ਜੁਲਾਈ ਤੋਂ ਹੀ ਵੱਖ-ਵੱਖ ਕੈਂਪਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਦੱਸਿਆ ਕਿ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਵਿਚ ਮਸ਼ੀਨਰੀ ਦੀ ਡਾਇਰੈਕਟਰੀ ਉਪਲਬਧ ਕਰਵਾ ਦਿੱਤੀ ਗਈ ਹੈ।