ਪ੍ਰਤਾਪ ਬਾਜਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੀਤੀ ਚੰਡੀਗੜ੍ਹ ’ਤੇ ਪੰਜਾਬ ਦੇ ਹੱਕੀ ਦਾਅਵੇ ਨੂੰ ਮੰਨਣ ਤੇ ਸੂਬੇ ਨਾਲ ਲੰਬੇ ਸਮੇਂ ਤੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ

ਪ੍ਰਤਾਪ ਬਾਜਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੀਤੀ ਚੰਡੀਗੜ੍ਹ ’ਤੇ ਪੰਜਾਬ ਦੇ ਹੱਕੀ ਦਾਅਵੇ ਨੂੰ ਮੰਨਣ ਤੇ ਸੂਬੇ ਨਾਲ ਲੰਬੇ ਸਮੇਂ ਤੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ
ਚੰਡੀਗੜ੍ਹ : ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਹੱਕੀ ਦਾਅਵੇ ਨੂੰ ਮੰਨਣ ਤੇ ਸੂਬੇ ਨਾਲ ਲੰਬੇ ਸਮੇਂ ਤੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਿਹਾ ਹੈ । ਉਨ੍ਹਾਂ ਨੇ ਚੰਡੀਗੜ੍ਹ ਨੂੰ ਪੰਜਾਬ ਦੀ ਵਿਸ਼ੇਸ਼ ਰਾਜਧਾਨੀ ਵਜੋਂ ਮਾਨਤਾ ਦੇਣ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਹੈ ਕਿ ਚੰਡੀਗੜ੍ਹ ਪੰਜਾਬ ਦੀ ਸਥਾਈ ਭਾਵਨਾ ਅਤੇ ਇਸ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਮੂਰਤੀਮਾਨ ਕਰਨ ਲਈ ਤਿਆਰ ਕੀਤਾ ਗਿਆ ਸੀ ਤੇ ਇਸ ਦੀ ਸਾਂਝੀ ਸਥਿਤੀ ਤਹਿਤ ਲੰਬੇ ਸਮੇਂ ਤੋਂ ਪੰਜਾਬ ਨੂੰ ਉਹ ਵਿਸ਼ੇਸ਼ ਨਿਗਰਾਨੀ ਦੇਣ ਤੋਂ ਇਨਕਾਰ ਕੀਤਾ ਗਿਆ ਹੈ, ਜਿਸ ਦਾ ਵਾਅਦਾ ਕੀਤਾ ਗਿਆ ਸੀ । ਕੇਂਦਰੀ ਸੇਵਾ ਨਿਯਮਾਂ ਨੂੰ ਲਾਗੂ ਕਰਨਾ ਤੇ ਚੰਡੀਗੜ੍ਹ ਅੰਦਰ ਹਰਿਆਣਾ ਦੇ ਵਿਧਾਨ ਸਭਾ ਕੰਪਲੈਕਸ ਲਈ ਜ਼ਮੀਨ ਦੀ ਅਲਾਟਮੈਂਟ ਵਰਗੀਆਂ ਪ੍ਰਸ਼ਾਸਕੀ ਤੇ ਖੇਤਰੀ ਕਾਰਵਾਈਆਂ ਨੂੰ ਪੰਜਾਬੀਆਂ ਵੱਲੋਂ ਆਪਣੇ ਜਾਇਜ਼ ਦਾਅਵੇ ਨੂੰ ਕਮਜ਼ੋਰ ਕਰਨ ਵਜੋਂ ਸਮਝਿਆ ਜਾਂਦਾ ਹੈ। ਅਜਿਹਾ ਹਰ ਕਦਮ ਪੰਜਾਬ ਨਾਲ ਕੀਤੇ ਵਾਅਦਿਆਂ ਦੀ ਪਵਿੱਤਰਤਾ ਨੂੰ ਢਾਹ ਲਾ ਰਿਹਾ ਹੈ ਅਤੇ ਆਪਸੀ ਸਨਮਾਨ ਦੀ ਸੰਘੀ ਭਾਵਨਾ ਨੂੰ ਕਮਜ਼ੋਰ ਕਰ ਰਿਹਾ ਹੈ । ਉਨ੍ਹਾਂ ਕਿਹਾ ਹੈ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਵਿਸ਼ੇਸ਼ ਰਾਜਧਾਨੀ ਵਜੋਂ ਬਹਾਲ ਕਰਨਾ ਨਾ ਸਿਰਫ਼ ਸਦਭਾਵਨਾ ਦਾ ਸੰਕੇਤ ਹੋਵੇਗਾ ਸਗੋਂ ਇਸ ਨਾਲ ਕੀਤੇ ਗਏ ਵਾਅਦਿਆਂ ਅਤੇ ਆਪਸੀ ਸਤਿਕਾਰ ਦੇ ਬੰਧਨ ’ਤੇ ਵਿਸ਼ਵਾਸ ਵੀ ਹੋਵੇਗਾ ।
