ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਧਾਰਮਕ ਸਮਾਗਮ, ਮੁਲਾਜ਼ਮਾਂ ਦੀਆਂ ਲਗਾਈਆਂ ਡਿਊਟੀਆਂ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਧਾਰਮਕ ਸਮਾਗਮ, ਮੁਲਾਜ਼ਮਾਂ ਦੀਆਂ ਲਗਾਈਆਂ ਡਿਊਟੀਆਂ
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ
ਨਿਰਵਿਘਨ ਸੁਚਾਰੂ ਪ੍ਰਬੰਧਾਂ ਲਈ ਮੁਲਾਜ਼ਮ ਡਿਊਟੀ ਨੂੰ ਪਹਿਲ ਦੇਣ : ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ
ਪਟਿਆਲਾ 13 ਨਵੰਬਰ : ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਕ ਸਮਾਗਮ 15 ਨਵੰਬਰ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਅਤੇ ਭਾਈ ਗੁਲਵਿੰਦਰ ਸਿੰਘ ਵੱਲੋਂ ਮੁੱਖਵਾਕ ਲੈਣ ਉਪਰੰਤ ਹੋਈ । ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ । ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਜਿਥੇ 15 ਨਵੰਬਰ ਨੂੰ ਧਾਰਮਕ ਦੀਵਾਨ ਸਜਾਏ ਜਾਣਗੇ, ਉਥੇ ਹੀ ਹਜੂਰੀ ਰਾਗੀ ਕੀਰਤਨ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਬੰਧੀ ਜਾਣਕਾਰੀ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦਿੱਤੀ । ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਮੱਥਾ ਟੇਕਣ, ਪੰਗਤ ਸੰਗਤ ਕਰਨ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਤਰਸਵੀਰ ਸਿੰਘ, ਭਾਈ ਹਜੂਰ ਸਿੰਘ, ਭਾਈ ਜਗਜੀਤ ਸਿੰਘ ਖਾਲਸਾ, ਪ੍ਰਚਾਰਕ ਭਾਈ ਪਰਵਿੰਦਰ ਸਿੰਘ ਆਦਿ ਵੀ ਮੌਜੂਦ ਸਨ ।
(ਡੱਬੀ)
ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਪ੍ਰਬੰਧਕਾਂ ਨੇ ਮੁਲਾਜ਼ਮਾਂ ਦੀਆਂ ਲਗਾਈਆਂ ਡਿਊਟੀਆਂ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਹੋਣ ਵਾਲੇ ਧਾਰਮਕ ਸਮਾਗਮਾਂ ਤੋਂ ਇਲਾਵਾ ਵੱਖ ਵੱਖ ਥਾਵਾਂ ’ਤੇ ਡਿਊਟੀਆਂ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਪ੍ਰੇਰਿਤ ਕਰਦਿਆਂ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਸਮੇਂ ਸਿਰ ਕਰਨ ਤੋਂ ਇਲਾਵਾ ਹਮੇਸ਼ਾ ਆਪਣੇ ਕਾਰਜਾਂ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਪ੍ਰਬੰਧ ਵਧੇਰੇ ਸੁਚਾਰੂ ਬਣਾ ਕੇ ਰੱਖਣ ਵਿਚ ਆਪਣਾ ਸਹਿਯੋਗ ਕਰਨਾ ਚਾਹੀਦਾ ਹੈ । ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਮੁਲਾਜ਼ਮ ਜਿਥੇ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਦੇ ਨਾਲ ਕਰਨ, ਉਥੇ ਹੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਪੁੱਜਦੀ ਸੰਗਤ ਨਾਲ ਚੰਗੀ ਭਾਸ਼ਾ ਦੀ ਵਰਤੋਂ ਕਰਨ ਦੇ ਨਾਲ ਨਾਲ ਚੰਗੀ ਕਾਰਜਸ਼ੈਲੀ ਨੂੰ ਤਰਜੀਹ ਦੇਣ ਤਾਂ ਕਿ ਸਿਰਮੌਰ ਸੰਸਥਾ ਦਾ ਪ੍ਰਭਾਵ ਸੰਗਤੀ ਰੂਪ ਵਿਚ ਪੈਂਦਾ ਵਿਖਾਈ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਕੜਾਹ ਪ੍ਰਸ਼ਾਦ ਕਾਊਂਟਰ, ਜੋੜੇ ਘਰ, ਸਰਾਵਾਂ, ਵੱਖ ਵੱਖ ਵਾਹਨ ਪਾਰਕਿੰਗ ਵਿਚ ਤਾਇਨਾਤ ਰਹਿਣ ਵਾਲ ਮੁਲਾਜ਼ਮ ਆਪਣੀ ਡਿਊਟੀ ਨੂੰ ਪਹਿਲ ਦੇਣ ਨੂੰ ਤਰਜੀਹ ਦੇਣ । ਉਨ੍ਹਾਂ ਸਖਤ ਸ਼ਬਦਾਂ ਵਿਚ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਪ੍ਰਬੰਧ ਅੰਦਰ ਕੋਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।
