ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਨੋਡਲ ਅਫਸਰਾਂ ਨਾਲ ਪਰਾਲੀ ਪ੍ਰਬੰਧਨ ਮੁਹਿੰਮ ਦੀ ਪ੍ਰਗਤੀ ਬਾਰੇ ਵਿਚਾਰ ਵਟਾਂਦਰਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 16 November, 2024, 03:32 PM

ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਨੋਡਲ ਅਫਸਰਾਂ ਨਾਲ ਪਰਾਲੀ ਪ੍ਰਬੰਧਨ ਮੁਹਿੰਮ ਦੀ ਪ੍ਰਗਤੀ ਬਾਰੇ ਵਿਚਾਰ ਵਟਾਂਦਰਾ
ਦਿੜ੍ਹਬਾ /ਸੰਗਰੂਰ, 16 ਨਵੰਬਰ : ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਅੱਜ ਸਬ ਡਵੀਜ਼ਨ ਵਿੱਚ ਪਰਾਲੀ ਸਾੜਨ ਦੀ ਸਮਸਿਆ ਨੂੰ ਯਕੀਨੀ ਬਣਾਉਣ ਲਈ ਕਾਰਜਸ਼ੀਲ ਸਮੂਹ ਕਲੱਸਟਰ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਲਗਾਤਾਰ ਇਸ ਜਾਗਰੂਕਤਾ ਮੁਹਿੰਮ ਦੀ ਸਮੀਖਿਆ ਕੀਤੀ ਜਾ ਰਹੀ ਹੈ ਜਿਸ ਦੇ ਚਲਦਿਆਂ ਕਿਸਾਨ ਵੀਰਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਪੁੱਜਣ ਵਾਲੇ ਨੁਕਸਾਨਾਂ ਬਾਰੇ ਸੁਚੇਤ ਕਰਦੇ ਹੋਏ ਇਸ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ ਉੱਤੇ ਠੱਲ੍ਹ ਪਾਉਣਾ ਸਮੇਂ ਦੀ ਲੋੜ ਹੈ । ਤਹਿਸੀਲਦਾਰ ਸੁਮਿਤ ਢਿੱਲੋਂ ਸਮੇਤ ਸਮੂਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਹਰੇਕ ਪਿੰਡ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੂਰੀ ਚੌਕਸੀ ਨਾਲ ਨਿਗਰਾਨੀ ਕੀਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਖੇਤ ਵਿੱਚ ਨਾੜ ਨੂੰ ਸਾੜੇ ਜਾਣ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਫੌਰੀ ਕਾਰਵਾਈ ਕਰਦੇ ਹੋਏ ਅੱਗ ਨੂੰ ਬੁਝਾਇਆ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ । ਐਸ. ਡੀ. ਐਮ. ਨੇ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਲਗਾਤਾਰ ਪ੍ਰੇਰਿਤ ਕਰਦੇ ਰਹਿਣ ਲਈ ਵੀ ਆਦੇਸ਼ ਦਿੱਤੇ ।