ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ
ਭਗਵੰਤ ਮਾਨ ਨੇ ਜੰਜੂਆ ਵੱਲੋਂ ਮੁੱਖ ਸਕੱਤਰ ਵਜੋਂ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ
ਪੰਜਾਬ ਵਿਚ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ
ਚੰਡੀਗੜ੍ਹ, 30 ਜੂਨ:
ਇਕ ਨਿਵੇਕਲੀ ਪਿਰਤ ਪਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ।
ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਆਈ.ਏ.ਐਸ. ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਜੰਜੂਆ ਨੇ ਆਈ.ਏ.ਐਸ. ਵਜੋਂ ਵੱਖ-ਵੱਖ ਅਹੁਦਿਆਂ ਉਤੇ ਰਹਿੰਦੇ ਹੋਏ 34 ਸਾਲ ਸੂਬੇ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਇਕ ਸਾਲ ਵਿਚ ਵੱਡੇ ਲੋਕ ਪੱਖੀ ਫੈਸਲੇ ਲਏ ਹਨ। ਇਨ੍ਹਾਂ ਵਿਚ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਅਮਲ ਵਿਚ ਲਿਆਉਣਾ ਬਹੁਤ ਚੁਣੌਤੀਜਨਕ ਸੀ ਪਰ ਸ੍ਰੀ ਜੰਜੂਆ ਨੇ ਸਰਕਾਰ ਦੇ ਹਰ ਫੈਸਲੇ ਨੂੰ ਲਾਗੂ ਕਰਨ ਵਿਚ ਸ਼ਿੱਦਤ ਨਾਲ ਆਪਣਾ ਯੋਗਦਾਨ ਪਾਇਆ ਅਤੇ ਸਰਕਾਰ ਆਪਣੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਵਿਚ ਕਾਮਯਾਬ ਰਹੀ ਹੈ।
ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿਚ ਵਿਚਰਨ ਕਰਕੇ ਕਿਸੇ ਵੀ ਅਧਿਕਾਰੀ ਦਾ ਤਜਰਬਾ ਬਹੁਤ ਮਹੱਤਵਪੂਰਨ ਹੁੰਦਾ ਹੈ ਕਿਉਂਕਿ ਲੰਮੇ ਜਨਤਕ ਜੀਵਨ ਸਦਕਾ ਇਨ੍ਹਾਂ ਅਧਿਕਾਰੀਆਂ ਕੋਲ ਕੌੜਾ-ਮਿੱਠਾ ਤਜਰਬਾ ਹੁੰਦਾ ਹੈ ਜਿਸ ਦਾ ਲੋਕ ਹਿੱਤ ਵਿਚ ਲਾਭ ਉਠਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਸ੍ਰੀ ਜੰਜੂਆ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਹਿੱਤ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ।
ਇਸ ਦੌਰਾਨ ਮੁੱਖ ਮੰਤਰੀ ਨੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸ੍ਰੀ ਵਰਮਾ ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਉਤੇ ਪਹੁੰਚਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਸਮਰਪਿਤ ਭਾਵਨਾ ਨਾਲ ਨਿਭਾਉਣਗੇ ਤਾਂ ਕਿ ਸੂਬੇ ਦਾ ਕੋਈ ਵੀ ਵਿਅਕਤੀ ਸਰਕਾਰ ਦੇ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।
ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਾਸਨ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਅ ਰਹੇ ਅਧਿਕਾਰੀ ਪਰਿਵਾਰ ਦੇ ਮੈਂਬਰ ਹਨ ਜੋ ਮੇਰੇ ਵਾਂਗ ਕਿਸੇ ਨਾ ਕਿਸੇ ਰੂਪ ਵਿਚ ਸੂਬੇ ਦੀ ਸੇਵਾ ਕਰ ਰਹੇ ਹਨ।”
ਇਸ ਮੌਕੇ ਸੇਵਾ-ਮੁਕਤ ਹੋ ਰਹੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਏ ਭਰੋਸੇ ਸਦਕਾ ਹੀ ਉਹ ਇਕ ਸਾਲ ਮੁੱਖ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਰਕਾਰ ਦੀਆਂ ਨੀਤੀਆਂ ਸਹੀ ਮਾਅਨਿਆਂ ਵਿਚ ਲਾਗੂ ਕਰਨ ਵਿਚ ਸਫਲ ਹੋਏ ਹਨ। ਸ੍ਰੀ ਜੰਜੂਆ ਨੇ ਅੱਜ ਦੀ ਵਿਦਾਇਗੀ ਪਾਰਟੀ ਨੂੰ ‘ਵਿਸ਼ੇਸ਼ ਮੌਕਾ’ ਦੱਸਦਿਆਂ ਕਿਹਾ ਕਿ ਸੂਬੇ ਵਿਚ ਪਹਿਲੀ ਵਾਰ ਹੋਇਆ ਕਿ ਕਿਸੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ ਹੋਵੇ।
ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂੰ ਪ੍ਰਸਾਦ ਜੋ ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਹਨ, ਨੇ ਸਮੂਹ ਆਈ.ਏ.ਐਸ. ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਸੇਵਾ-ਮੁਕਤ ਹੋ ਰਹੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।